ਚੰਡੀਗੜ੍ਹ: ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਸਾਫ਼-ਸੁਥਰਾ ਅਤੇ ਪਾਰਦਰਸ਼ੀ ਪ੍ਰਸ਼ਾਸਨ ਦੇਣ ਲਈ ਵਚਨਬੱਧ ਹੈ। ਇਸ ਮਕਸਦ ਲਈ ਇਹ ਬੇਹੱਦ ਅਹਿਮ ਹੋ ਜਾਂਦਾ ਹੈ ਕਿ ਵਿਭਾਗੀ ਅਧਿਕਾਰੀ ਫੀਲਡ ਵਿੱਚ ਜਾ ਕੇ ਵਿਭਾਗ ਦੇ ਕੰਮਕਾਜ ਦਾ ਜਾਇਜ਼ਾ ਲੈਣ, ਤਾਂ ਜੋ ਕਿਸੇ ਵੀ ਤਰ੍ਹਾਂ ਦੀ ਕਮੀ ਨੂੰ ਦੂਰ ਕਰਕੇ ਵਿਭਾਗ ਨੂੰ ਹੋਰ ਵੀ ਸੁਚਾਰੂ ਢੰਗ ਨਾਲ ਚਲਾਉਣ ਵਿੱਚ ਮਦਦ ਮਿਲ ਸਕੇ। ਇਹ ਵਿਚਾਰ ਸੂਬੇ ਦੇ ਖੁਰਾਕ, ਸਿਵਲ ਸਪਲਾਈ ਅਤੇ ਖ਼ਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਵਿਭਾਗ ਦੀ ਸਮੀਖਿਆ ਮੀਟਿੰਗ ਦੌਰਾਨ ਪ੍ਰਗਟ ਕੀਤੇ।
ਅਧਿਕਾਰੀਆਂ ਨੂੰ ਦਫ਼ਤਰਾਂ 'ਚ ਬੂਟੇ ਲਗਾਉਣ ਦੇ ਹੁਕਮ:ਇਸ ਮੌਕੇ ਉਨ੍ਹਾਂ ਨੇ ਹਾਜ਼ਰ ਸਮੂਹ ਜ਼ਿਲ੍ਹਾ ਫੂਡ ਸਪਲਾਈ ਕੰਟਰੋਲਰਾਂ ਅਤੇ ਹੋਰਨਾਂ ਅਧਿਕਾਰੀਆਂ ਨੂੰ ਆਪਣੇ ਦਫ਼ਤਰਾਂ ਵਿੱਚ ਬੂਟੇ ਲਗਾਉਣ ਲਈ ਵੀ ਉਤਸ਼ਾਹਿਤ ਕੀਤਾ ਤਾਂ, ਜੋ ਹਰਿਆਵਲ ਹੇਠਲੇ ਖੇਤਰ ਵਿੱਚ ਵਾਧਾ ਹੋ ਸਕੇ ਅਤੇ ਵਿਭਾਗ ਦੇ ਦਫ਼ਤਰਾਂ ਦੀ ਦਿੱਖ ਹੋਰ ਵੀ ਵਧੀਆ ਬਣ ਸਕੇ।
ਕੰਮ ਵਿੱਚ ਤੇਜ਼ੀ ਲਿਆਉਣਾ: ਇਸ ਮੌਕੇ ਮੰਤਰੀ ਨੇ ਆਟਾ ਦਾਲ ਦੇ ਕਾਰਡਾਂ ਦੀ ਵੈਰੀਫਿਕੇਸ਼ਨ ਦੇ ਕੰਮ ਵਿੱਚ ਤੇਜ਼ੀ ਲਿਆਉਣ ਉੱਤੇ ਵੀ ਜ਼ੋਰ ਦਿੱਤਾ ਤਾਂ ਜੋ ਯੋਗ ਲਾਭਪਾਤਰੀ ਇਸ ਸਕੀਮ ਦਾ ਲਾਭ ਲੈਣ ਤੋਂ ਵਾਂਝੇ ਨਾ ਰਹਿਣ। ਅਧਿਕਾਰੀਆਂ ਨੂੰ ਆਪਣਾ ਕੰਮ ਪੂਰੀ ਇਮਾਨਦਾਰੀ ਨਾਲ ਕਰਨ ਦੀ ਪ੍ਰੇਰਨਾ ਦਿੰਦੇ ਹੋਏ ਕਟਾਰੂਚੱਕ ਨੇ ਕਿਹਾ ਕਿ ਕੰਮਕਾਜ ਵਿੱਚ ਕੁਤਾਹੀ ਕਿਸੇ ਵੀ ਕੀਮਤ ਉੱਤੇ ਬਰਦਾਸ਼ਤ ਨਹੀਂ ਕੀਤੀ ਜਾਵੇਗੀ।