ਚੰਡੀਗੜ੍ਹ: ਲਾਰੈਂਸ ਬਿਸ਼ਨੋਈ ਜੇਲ੍ਹ 'ਚ ਬੰਦ ਹੈ ਤੇ ਬਾਵਜੂਦ ਇਸ ਦੇ ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਨਾਂ 'ਤੇ ਫਿਲਮ ਜਗਤ ਅਤੇ ਪੰਜਾਬੀ ਮਿਊਜ਼ਿਕ ਇੰਡਸਟਰੀ ਨੂੰ ਮਿਲ ਰਹੀਆਂ ਧਮਕੀਆਂ ਦਾ ਸਿਲਸਿਲਾ ਰੁਕਣ ਦਾ ਨਾਂ ਨਹੀਂ ਲੈ ਰਿਹਾ ਹੈ। ਮਸ਼ਹੂਰ ਬਾਲੀਵੁੱਡ ਅਦਾਕਾਰ ਸਲਮਾਨ ਖਾਨ ਨੂੰ ਜਾਨੋਂ ਮਾਰਨ ਦੀ ਧਮਕੀ ਦੇਣ ਵਾਲੇ ਲਾਰੈਂਸ ਬਿਸ਼ਨੋਈ ਦੇ ਗਿਰੋਹ ਨੇ ਹੁਣ ਅਮਰੀਕਾ ਵਿੱਚ ਰਹਿੰਦੀ ਭਾਰਤੀ ਮੂਲ ਦੀ ਕੌਮਾਂਤਰੀ ਪੰਜਾਬੀ ਗਾਇਕਾ ਜੈਸਮੀਨ ਸੈਂਡਲਾਸ ਨੂੰ ਵੀ ਅਜਿਹੀ ਹੀ ਜਾਨੋਂ ਮਾਰਨ ਦੀ ਧਮਕੀ ਦੇ ਦਿੱਤੀ ਹੈ। (Jasmine Sandlas)
ਵਿਦੇਸ਼ੀ ਨੰਬਰਾਂ ਤੋਂ ਜਾਨੋਂ ਮਾਰਨ ਦੀਆਂ ਧਮਕੀਆਂ:ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਦੱਸਿਆ ਜਾ ਰਿਹਾ ਹੈ ਕਿ ਗਾਇਕਾ ਜੈਸਮੀਨ ਸੈਂਡਲਾਸ ਨੂੰ ਲਾਰੈਂਸ ਬਿਸ਼ਨੋਈ ਦੇ ਨਾਂ 'ਤੇ ਵਿਦੇਸ਼ੀ ਨੰਬਰਾਂ ਤੋਂ ਜਾਨੋਂ ਮਾਰਨ ਦੀਆਂ ਧਮਕੀਆਂ ਲਗਾਤਾਰ ਮਿਲ ਰਹੀਆਂ ਹਨ। ਦੱਸ ਦਈਏ ਕਿ ਪੰਜਾਬੀ ਗਾਇਕਾ ਜੈਸਮੀਨ ਸੈਂਡਲਾਸ ਇੰਨ੍ਹੀਂ ਦਿਨੀਂ ਭਾਰਤ ਵਿੱਚ ਹੈ ਅਤੇ ਉਸ ਵਲੋਂ ਅੱਜ ਭਾਵ 7 ਅਕਤੂਬਰ ਨੂੰ ਦਿੱਲੀ ਦੇ ਜਵਾਹਰ ਲਾਲ ਨਹਿਰੂ ਸਟੇਡੀਅਮ ਵਿੱਚ ਲਾਈਵ ਪਰਫਾਰਮ ਕੀਤਾ ਜਾ ਰਿਹਾ ਹੈ। ਜਿਸ ਦੇ ਚੱਲਦੇ ਉਸ ਦੀ ਸੁਰੱਖਿਆ ਵੱਡਾ ਮੁੱਦਾ ਬਣ ਸਕਦੀ ਹੈ।
ਹੋਟਲ ਅਤੇ ਸੁਰੱਖਿਆ ਗਾਰਡਾਂ ਦੀ ਗਿਣਤੀ ਵਧਾਈ: ਦੱਸਿਆ ਜਾ ਰਿਹਾ ਹੈ ਕਿ ਜੈਸਮੀਨ ਸੈਂਡਲਾਸ ਦੀ ਸੁਰੱਖਿਆ ਨੂੰ ਧਿਆਨ 'ਚ ਰੱਖਦੇ ਹੋਏ ਗਾਇਕਾ ਦੇ ਠਹਿਰਣ ਵਾਲੇ ਹੋਟਲ 'ਚ ਸੁਰੱਖਿਆ ਵਧਾ ਦਿੱਤੀ ਗਈ ਹੈ। ਉਥੇ ਹੀ ਗਾਇਕ ਦੇ ਨਿੱਜੀ ਗਾਰਡਾਂ ਦੀ ਗਿਣਤੀ ਵੀ ਵਧਾ ਦਿੱਤੀ ਗਈ ਹੈ। ਜੈਸਮੀਨ ਸੈਂਡਲਾਸ ਅੱਜ ਦਿੱਲੀ ਦੇ ਜਵਾਹਰ ਲਾਲ ਨਹਿਰੂ ਸਟੇਡੀਅਮ 'ਚ ਲਾਈਵ ਪਰਫਾਰਮ ਕਰਨ ਜਾ ਰਹੀ ਹੈ। ਇਸ ਦੌਰਾਨ ਗਾਇਕਾ ਜੈਸਮੀਨ ਸੈਂਡਲਾਸ ਨੂੰ ਮਿਲ ਰਹੀਆਂ ਧਮਕੀਆਂ ਕਾਰਨ ਪ੍ਰਸ਼ੰਸਕ ਵੀ ਉਸ ਦੀ ਸੁਰੱਖਿਆ ਨੂੰ ਲੈ ਕੇ ਚਿੰਤਤ ਹੋ ਗਏ ਹਨ।
ਜਵਾਹਰ ਲਾਲ ਨਹਿਰੂ ਸਟੇਡੀਅਮ 'ਚ ਮਾਰਨ ਦੀ ਗੱਲ:ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਧਮਕੀ ਭਰੇ ਫੋਨ ਕਾਲਾਂ 'ਚ ਕਿਹਾ ਗਿਆ ਹੈ ਕਿ ਉਸ ਨੂੰ ਜਵਾਹਰ ਲਾਲ ਨਹਿਰੂ ਸਟੇਡੀਅਮ 'ਚ ਮਾਰ ਦੇਣਗੇ। ਜੈਸਮੀਨ ਸੈਂਡਲਾਸ ਦਿੱਲੀ ਦੇ ਇੱਕ ਪੰਜ ਤਾਰਾ ਹੋਟਲ ਵਿੱਚ ਠਹਿਰੀ ਹੋਈ ਹੈ। ਦਿੱਲੀ ਪੁਲਿਸ ਇਸ ਮਾਮਲੇ ਦੀ ਜਾਂਚ ਕਰ ਰਹੀ ਹੈ। ਗਾਇਕਾ ਨੂੰ ਮਿਲ ਰਹੀਆਂ ਅਜਿਹੀਆਂ ਚਰਚਾਵਾਂ ਨੇ ਪੰਜਾਬੀ ਫਿਲਮ ਤੇ ਸੰਗੀਤ ਜਗਤ 'ਚ ਨਵੀਂ ਚਰਚਾ ਛੇੜ ਦਿੱਤੀ ਹੈ।
ਸਿੱਧੂ ਮੂਸੇਵਾਲਾ ਦਾ ਕਤਲ: ਦੱਸ ਦਈਏ ਕਿ ਲਾਰੈਂਸ ਬਿਸ਼ਨੋਈ ਵਲੋਂ ਇਸ ਤੋਂ ਪਹਿਲਾਂ ਮਸ਼ਹੂਰ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਦੀ ਜ਼ਿੰਮੇਵਾਰੀ ਲਈ ਗਈ ਹੈ। ਜਿਸ 'ਚ ਉਸ ਨੇ ਇੱਕ ਨਿੱਜੀ ਚੈਨਲ ਨੂੰ ਦਿੱਤੀ ਇੰਟਰਵਿਊ 'ਚ ਵੀ ਇਹ ਗੱਲ ਕਬੂਲ ਕੀਤੀ ਹੈ ਅਤੇ ਨਾਲ ਹੀ ਕੇਂਦਰੀ ਏਜੰਸੀ ਨੇ ਵੀ ਜਾਂਚ 'ਚ ਇਹ ਖੁਲਾਸਾ ਕੀਤਾ ਸੀ। ਇਸ ਦੇ ਨਾਲ ਹੀ ਪੰਜਾਬ 'ਚ ਵੀ ਕਈ ਵਪਾਰੀਆਂ ਨੂੰ ਵੀ ਲਾਰੈਂਸ ਦੇ ਨਾਂ 'ਤੇ ਧਮਕੀਆਂ ਮਿਲ ਰਹੀਆਂ ਹਨ।