ਚੰਡੀਗੜ੍ਹ :ਵਿਰੋਧੀ ਧਿਰ ਦੇ ਆਗੂ ਅਤੇ ਕਾਂਗਰਸ ਦੇ ਸੀਨੀਅਰ ਲੀਡਰ ਪ੍ਰਤਾਪ ਸਿੰਘ ਬਾਜਵਾ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਚਿੱਠੀ ਲਿਖੀ ਹੈ। ਇਸ ਚਿੱਠੀ ਵਿੱਚ ਪ੍ਰਤਾਪ ਸਿੰਘ ਬਾਜਵਾ ਨੇ ਮਾਨ ਦਾ ਕਈ ਮੁੱਦਿਆਂ ਵੱਲ ਧਿਆਨ ਖਿੱਚਿਆ ਹੈ। ਉਨ੍ਹਾਂ ਕਿਹਾ ਕਿ ਵਿਰੋਧੀ ਧਿਰ ਦੇ ਆਗੂ ਵਜੋਂ ਉਹ ਸਰਕਾਰ ਦੇ ਧਿਆਨ ਵਿੱਚ ਲਿਆ ਰਹੇ ਹਨ ਕਿ ਸਰਕਾਰ ਨੇ 2023-24 ਦੇ ਪੇਸ਼ ਕੀਤੇ ਬਜਟ ਵਿੱਚ ਪੰਜਾਬੀ ਭਾਸ਼ਾ ਦੇ ਪ੍ਰਚਾਰ-ਪ੍ਰਸਾਰ ਲਈ ਕੋਈ ਵੀ ਪੈਸਾ ਨਹੀਂ ਰੱਖਿਆ ਹੈ।
ਕਲਾ ਪ੍ਰੀਸ਼ਦ ਲਈ ਮੰਗੀ ਰਾਸ਼ੀ : ਬਾਜਵਾ ਨੇ ਲਿਖਿਆ ਹੈ ਕਿ ਪੰਜਾਬ ਨੂੰ ਪੰਜਾਬ ਬਣਾਈ ਰੱਖਣ ਲਈ ਤਿੰਨ ਕਰੋੜ ਪੰਜਾਬੀਆਂ ਦੀ ਮਾਂ-ਬੋਲੀ ਨੂੰ ਅੱਗੇ ਵਧਾਉਣਾ ਸਾਡਾ ਸਭ ਦਾ ਸਾਂਝਾ ਸਰੋਕਾਰ ਹੈ। ਇਸ ਲਈ ਉਨ੍ਹਾਂ ਕਈ ਸੁਝਾਅ ਵੀ ਦਿੱਤੇ ਹਨ। ਬਾਜਵਾ ਨੇ ਕਿਹਾ ਕਿ ਪੰਜਾਬ ਕਲਾ ਪ੍ਰੀਸ਼ਦ ਲਈ ਬਜਟ ਵਿਚ ਘੱਟੋ-ਘੱਟ 2 ਕਰੋੜ ਰੁਪਏ ਦੀ ਰਾਸ਼ੀ ਨਿਰਧਾਰਿਤ ਕੀਤੀ ਜਾਣੀ ਚਾਹੀਦੀ ਹੈ। ਇਸ ਤੋਂ ਇਲਾਵਾ ਉਨ੍ਹਾਂ ਲਿਖਿਆ ਕਿ ਘੱਟੋ-ਘੱਟੋ ਇਕ ਕਰੋੜ ਰੁਪਏ ਭਾਸ਼ਾ ਵਿਭਾਗ, ਪੰਜਾਬ ਨੂੰ ਦਿੱਤੇ ਜਾਣ ਅਤੇ ਇਸ ਤੋਂ ਇਲਾਵਾ ਪਿਛਲੇ ਕਈ ਸਾਲਾਂ ਤੋਂ ਸਾਹਿਤਕਾਰਾਂ, ਕਲਾਕਾਰਾਂ ਅਤੇ ਪੱਤਰਕਾਰਾਂ ਨੂੰ ਭਾਸ਼ਾ ਵਿਭਾਗ ਵੱਲੋਂ ਪੁਰਸਕਾਰ ਦੇਣ ਸੰਬੰਧੀ ਪੈਦਾ ਹੋਏ ਅਦਾਲਤੀ ਅੜਿੱਕੇ ਨੂੰ ਪੁਰਸਕਾਰ ਦੇਣ ਸੰਬੰਧੀ ਪਾਰਦਰਸ਼ੀ ਨੀਤੀ ਬਣਾ ਕੇ ਦੂਰ ਕੀਤਾ ਜਾਵੇ। ਇਸ ਲਈ ਅਤੇ ਇਹ ਪੁਰਸਕਾਰ ਦੇਣ ਲਈ ਭਾਸ਼ਾ ਵਿਭਾਗ ਨੂੰ ਵੱਖਰੀ ਰਾਸ਼ੀ ਵੀ ਦਿੱਤੀ ਜਾਵੇ।
ਲੱਚਰ ਗੀਤ-ਸੰਗੀਤ ਨੇ ਵਧਾਏ ਜੁਰਮ :ਬਾਜਵਾ ਨੇ ਚਿੱਠੀ ਵਿੱਚ ਲਿਖਿਆ ਹੈ ਕਿ ਪੰਜਾਬੀ ਸਾਹਿਤ ਅਕਾਦਮੀ ਲੁਧਿਆਣਾ ਅਤੇ ਦੋਵੇਂ ਕੇਂਦਰੀ ਲੇਖਕ ਸਭਾਵਾਂ ਨੂੰ ਘੱਟੋ-ਘੱਟ 50-50 ਲੱਖ ਰੁਪਏ ਦੀ ਰਾਸ਼ੀ ਦਿੱਤੀ ਜਾਵੇ। ਉਨ੍ਹਾਂ ਕਿਹਾ ਕਿ ਇਹ ਚਿੰਤਾ ਦਾ ਵਿਸ਼ਾ ਹੈ ਕਿ ਪੰਜਾਬ ਦੇ ਨੌਜਵਾਨਾਂ ਦਾ ਇਕ ਵੱਡਾ ਹਿੱਸਾ ਦਿਸ਼ਾਹੀਣ ਹੁੰਦਾ ਜਾ ਰਿਹਾ ਹੈ| ਗੈਂਗਵਾਰ ਦਾ ਵਧਣਾ, ਨਸ਼ੇਖੋਰੀ ਦਾ ਵਧਣਾ ਅਤੇ ਕਈ ਵਾਰ ਨੌਜਵਾਨਾ ਦਾ ਹਿੰਸਾ ਤੇ ਘਿਣਾਉਣੇ ਜ਼ੁਰਮਾਂ ਵਿੱਚ ਸ਼ਾਮਿਲ ਹੋਣਾ ਇਸੇ ਬਿਮਾਰੀ ਦੇ ਲੱਛਣ ਹਨ। ਲੱਚਰ ਗੀਤ-ਸੰਗੀਤ ਨੇ ਵੀ ਇਸ ਪ੍ਰਵਿਰਤੀ ਨੂੰ ਹੁਲਾਰਾ ਦਿੱਤਾ ਹੈ। ਇਸ ਲਈ ਲੇਖਕਾਂ ਤੇ ਬੁੱਧੀਜੀਵੀਆਂ ਨਾਲ ਗੱਲ ਕਰਕੇ ਇੱਕ ਸੱਭਿਆਚਾਰਕ ਨੀਤੀ ਬਣਾ ਕੇ ਸਕੂਲਾਂ ਤੋਂ ਲੈ ਕੇ ਕਾਲਜਾਂ ਅਤੇ ਯੂਨੀਵਰਸਿਟੀਆਂ ਦੇ ਪੱਧਰ 'ਤੇ ਲਾਗੂ ਕਰਨੀ ਚਾਹੀਦੀ ਹੈ| ਨਸ਼ਿਆਂ ਅਤੇ ਹਥਿਆਰਾਂ ਦੇ ਪ੍ਰਦਰਸ਼ਨ ਨੂੰ ਉਤਸ਼ਾਹਿਤ ਕਰਨ ਵਾਲੇ ਗੀਤ-ਸੰਗੀਤ 'ਤੇ ਵੀ ਨੀਤੀ ਅਨੁਸਾਰ ਸਖ਼ਤੀ ਨਾਲ ਰੋਕ ਲਾਈ ਜਾਈ ਚਾਹੀਦੀ ਹੈ।