ਚੰਡੀਗੜ੍ਹ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਸੂਬੇ ਵਿਚ ਮੁਫ਼ਤ ਬਿਜਲੀ ਦੀ ਗਾਰੰਟੀ ਦਾ ਇਕ ਸਾਲ ਸਫਲਤਾ ਨਾਲ ਮੁਕੰਮਲ ਹੋਣ ਉਤੇ ਪੰਜਾਬ ਵਾਸੀਆਂ ਨੂੰ ਵਧਾਈ ਦਿੱਤੀ ਹੈ । ਜਿਸ ਨਾਲ ਸਮਾਜ ਦੇ ਹਰੇਕ ਤਬਕੇ ਨੂੰ ਵੱਡਾ ਲਾਭ ਮਿਲਿਆ ਹੈ। ਇੱਕ ਬਿਆਨ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਪਿਛਲੇ ਸਾਲ ਇਕ ਜੁਲਾਈ ਨੂੰ ਲੋਕਾਂ ਨੂੰ ਮੁਫਤ ਬਿਜਲੀ ਦੇਣ ਦੀ ਗਾਰੰਟੀ ਲਾਗੂ ਕੀਤੀ ਸੀ। ਉਨ੍ਹਾਂ ਕਿਹਾ ਕਿ ਉਦੋਂ ਤੋਂ ਲੈ ਕੇ ਸੂਬੇ ਦੇ 90 ਫੀਸਦੀ ਘਰਾਂ ਨੂੰ ਮੁਫਤ ਬਿਜਲੀ ਮਿਲ ਰਹੀ ਹੈ ਅਤੇ ਪਿਛਲੀ ਜੁਲਾਈ ਤੋਂ ਬਿਜਲੀ ਦਾ ਬਿੱਲ ਜ਼ੀਰੋ ਆ ਰਿਹਾ ਹੈ। ਭਗਵੰਤ ਮਾਨ ਨੇ ਕਿਹਾ ਕਿ ਇਹ ਬਹੁਤ ਹੀ ਮਾਣ ਅਤੇ ਤਸੱਲੀ ਵਾਲੀ ਗੱਲ ਹੈ ਕਿ ਘਰੇਲੂ ਖਪਤਕਾਰਾਂ ਦੇ ਨਾਲ-ਨਾਲ ਦੇਸ਼ ਦੇ ਅੰਨਦਾਤਿਆਂ ਨੂੰ ਵੀ ਸੂਬੇ ਵਿੱਚ ਖੇਤੀਬਾੜੀ ਲਈ ਮੁਫਤ ਅਤੇ ਨਿਰਵਿਘਨ ਬਿਜਲੀ ਮਿਲ ਰਹੀ ਹੈ।
ਨਿਰਵਿਘਨ ਬਿਜਲੀ ਸਪਲਾਈ:ਮੁੱਖ ਮੰਤਰੀ ਨੇ ਕਿਹਾ ਕਿ ਕਿਸਾਨਾਂ ਨੂੰ ਬਿਨਾਂ ਕਿਸੇ ਕੱਟ ਦੇ ਅੱਠ ਘੰਟੇ ਤੋਂ ਵੱਧ ਸਮਾਂ ਨਿਰਵਿਘਨ ਬਿਜਲੀ ਸਪਲਾਈ ਮਿਲ ਰਹੀ ਹੈ। ਉਨ੍ਹਾਂ ਕਿਹਾ ਕਿ ਖੁਸ਼ ਤੇ ਸੰਤੁਸ਼ਟ ਹੋਏ ਕਿਸਾਨ ਇਸ ਸਬੰਧੀ ਵੀਡੀਓ ਸ਼ੇਅਰ ਕਰਕੇ ਆਪਣੇ ਵਿਚਾਰ ਸਾਂਝੇ ਕਰ ਰਹੇ ਹਨ ਅਤੇ ਇਸ ਦੇ ਨਾਲ-ਨਾਲ ਸੂਬਾ ਸਰਕਾਰ ਦਾ ਧੰਨਵਾਦ ਵੀ ਕਰ ਰਹੇ ਹਨ। ਭਗਵੰਤ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਨੇ ਪੰਜਾਬ ਰਾਜ ਬਿਜਲੀ ਨਿਗਮ ਨੂੰ 20,200 ਕਰੋੜ ਰੁਪਏ ਦੀ ਸਬਸਿਡੀ ਵੀ ਅਦਾ ਕਰ ਦਿੱਤੀ ਹੈ।ਮੁੱਖ ਮੰਤਰੀ ਨੇ ਕਿਹਾ ਕਿ ਇਹ ਕਦਮ ਪਿਛਲੀਆਂ ਸਰਕਾਰਾਂ ਵਾਂਗ ਕਰਜ਼ਾ ਲੈ ਕੇ ਨਹੀਂ, ਸਗੋਂ ਖਜ਼ਾਨੇ ਦੀ ਲੁੱਟ ਅਤੇ ਭ੍ਰਿਸ਼ਟਾਚਾਰ ਨੂੰ ਰੋਕਣ ਸਦਕਾ ਸੰਭਵ ਹੋਇਆ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਦੇ ਠੋਸ ਯਤਨਾਂ ਸਦਕਾ ਪਛਵਾੜਾ ਕੋਲ ਖਾਣ ਤੋਂ ਕੋਲੇ ਦੀ ਸਪਲਾਈ ਸਾਲ 2015 ਤੋਂ ਬਾਅਦ ਹੁਣ ਮੁੜ ਸ਼ੁਰੂ ਹੋ ਚੁੱਕੀ ਹੈ। ਭਗਵੰਤ ਮਾਨ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਪ੍ਰਾਈਵੇਟ ਥਰਮਲ ਪਲਾਂਟਾਂ ਤੋਂ ਗੈਰ-ਕਾਨੂੰਨੀ ਢੰਗ ਨਾਲ ਪੈਸੇ ਲੈਣ ਲਈ ਇਸ ਕੋਲ ਖਾਣ ਤੋਂ ਸਪਲਾਈ ਰੋਕ ਦਿੱਤੀ ਸੀ।
"ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਸੂਬੇ ਵਿਚ ਮੁਫ਼ਤ ਬਿਜਲੀ ਦੀ ਗਾਰੰਟੀ ਦਾ ਇਕ ਸਾਲ ਸਫਲਤਾ ਨਾਲ ਮੁਕੰਮਲ ਹੋਣ ਉਤੇ ਪੰਜਾਬ ਵਾਸੀਆਂ ਨੂੰ ਵਧਾਈ ਦਿੱਤੀ ਹੈ । ਜਿਸ ਨਾਲ ਸਮਾਜ ਦੇ ਹਰੇਕ ਤਬਕੇ ਨੂੰ ਵੱਡਾ ਲਾਭ ਮਿਲਿਆ ਹੈ। ਇੱਕ ਬਿਆਨ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਪਿਛਲੇ ਸਾਲ ਇਕ ਜੁਲਾਈ ਨੂੰ ਲੋਕਾਂ ਨੂੰ ਮੁਫਤ ਬਿਜਲੀ ਦੇਣ ਦੀ ਗਾਰੰਟੀ ਲਾਗੂ ਕੀਤੀ ਸੀ। ਉਨ੍ਹਾਂ ਕਿਹਾ ਕਿ ਉਦੋਂ ਤੋਂ ਲੈ ਕੇ ਸੂਬੇ ਦੇ 90 ਫੀਸਦੀ ਘਰਾਂ ਨੂੰ ਮੁਫਤ ਬਿਜਲੀ ਮਿਲ ਰਹੀ ਹੈ ਅਤੇ ਪਿਛਲੀ ਜੁਲਾਈ ਤੋਂ ਬਿਜਲੀ ਦਾ ਬਿੱਲ ਜ਼ੀਰੋ ਆ ਰਿਹਾ ਹੈ।"ਮੁੱਖ ਮੰਤਰੀ ਭਗਵੰਤ ਮਾਨ
ਪੰਜਾਬ ਕੋਲ ਕੋਲੇ ਦਾ 43 ਦਿਨਾਂ ਦਾ ਭੰਡਾਰ ਮੌਜੂਦ: ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਦੇ ਇਤਿਹਾਸ ਵਿੱਚ ਪਹਿਲੀ ਵਾਰ ਪੰਜਾਬ ਕੋਲ ਕੋਲੇ ਦਾ 43 ਦਿਨਾਂ ਦਾ ਭੰਡਾਰ ਮੌਜੂਦ ਹੈ ਜਦੋਂ ਕਿ ਪਿਛਲੀਆਂ ਸਰਕਾਰਾਂ ਦੌਰਾਨ ਸੂਬੇ ਵਿੱਚ ਬਲੈਕਆਊਟ ਦਾ ਖਤਰਾ ਮੰਡਰਾਉਂਦਾ ਸੀ। ਉਨ੍ਹਾਂ ਕਿਹਾ ਕਿ ਭਾਵੇਂ ਦੇਸ਼ ਭਰ ਦੀਆਂ ਸਰਕਾਰਾਂ ਪੈਸੇ ਕਮਾਉਣ ਲਈ ਸਰਕਾਰੀ ਜਾਇਦਾਦਾਂ ਵੇਚ ਰਹੀਆਂ ਹਨ ਪਰ ਪੰਜਾਬ ਸਰਕਾਰ ਨੇ ਪ੍ਰਾਈਵੇਟ ਥਰਮਲ ਪਲਾਂਟ ਖਰੀਦਣ ਦਾ ਫੈਸਲਾ ਕਰਕੇ ਉਲਟਾ ਰੁਝਾਨ ਸ਼ੁਰੂ ਕਰ ਦਿੱਤਾ ਹੈ। ਭਗਵੰਤ ਮਾਨ ਨੇ ਕਿਹਾ ਕਿ ਝੋਨੇ ਦੇ ਚੱਲ ਰਹੇ ਸੀਜ਼ਨ ਦੌਰਾਨ ਵੀ ਇੰਡਸਟਰੀ ਨੂੰ ਨਿਰਵਿਘਨ ਬਿਜਲੀ ਦਿੱਤੀ ਜਾ ਰਹੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਪੰਜਾਬ ਨੂੰ ਵਾਧੂ ਬਿਜਲੀ ਵਾਲਾ ਸੂਬਾ ਬਣਾਉਣ ਲਈ ਠੋਸ ਉਪਰਾਲੇ ਕਰ ਰਹੀ ਹੈ ਅਤੇ ਹੁਣ ਸੂਬੇ ਵਿੱਚ ਵਾਤਾਵਰਨ ਅਨੁਕੂਲ ਊਰਜਾ, ਸੌਰ ਅਤੇ ਪਣ-ਬਿਜਲੀ ਨੂੰ ਉਤਸ਼ਾਹਿਤ ਕਰਨ ਵੱਲ ਧਿਆਨ ਦਿੱਤਾ ਜਾ ਰਿਹਾ ਹੈ।
ਹਾਈਡ੍ਰੋ ਪਾਵਰ ਪ੍ਰੋਜੈਕਟ ਸਥਾਪਤ: ਉਨ੍ਹਾਂ ਨੇ ਇਹ ਵੀ ਐਲਾਨ ਕੀਤਾ ਕਿ ਸੂਬਾ ਸਰਕਾਰ ਪਾਣੀ ਦੀ ਲੀਕੇਜ ਨੂੰ ਰੋਕਣ ਲਈ ਰਾਵੀ ਦਰਿਆ 'ਤੇ ਪਠਾਨਕੋਟ ਵਿੱਚ 206 ਮੈਗਾਵਾਟ ਦੀ ਸਮਰੱਥਾ ਵਾਲਾ ਹਾਈਡ੍ਰੋ ਪਾਵਰ ਪ੍ਰੋਜੈਕਟ ਸਥਾਪਤ ਕਰ ਰਹੀ ਹੈ। ਭਗਵੰਤ ਮਾਨ ਨੇ ਕਿਹਾ ਕਿ ਇਸ ਪਾਣੀ ਦੀ ਵਰਤੋਂ ਬਿਜਲੀ ਪੈਦਾ ਕਰਨ ਦੇ ਨਾਲ-ਨਾਲ ਸੂਬੇ ਦੇ ਖੇਤਾਂ ਦੀ ਸਿੰਚਾਈ ਲਈ ਵੀ ਕੀਤੀ ਜਾਵੇਗੀ। ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਦੇ ਯਤਨਾਂ ਸਦਕਾ ਪਹਿਲੀ ਵਾਰ ਪਿੰਡਾਂ ਵਿੱਚ ਨਹਿਰੀ ਪਾਣੀ ਟੇਲਾਂ ਉਤੇ ਪਹੁੰਚਾਇਆ ਗਿਆ ਹੈ ਜਿਸ ਨਾਲ ਟਿਊਬਵੈੱਲਾਂ 'ਤੇ ਬੋਝ ਘਟਿਆ ਹੈ ਅਤੇ ਇਸ ਨਾਲ ਬਿਜਲੀ ਅਤੇ ਧਰਤੀ ਹੇਠਲੇ ਪਾਣੀ ਦੀ ਕਾਫੀ ਬੱਚਤ ਹੋਈ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ 'ਰੰਗਲਾ ਪੰਜਾਬ' ਬਣਾਉਣ ਲਈ ਵਚਨਬੱਧ ਹੈ, ਜਿਸ ਲਈ ਹਰ ਪੰਜਾਬੀ ਨੂੰ ਸਰਗਰਮ ਭੂਮਿਕਾ ਨਿਭਾਉਣੀ ਚਾਹੀਦੀ ਹੈ। ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਹਰੀ ਕ੍ਰਾਂਤੀ ਦਾ ਧੁਰਾ ਰਿਹਾ ਹੈ ਅਤੇ ਹੁਣ ਇਹ ਸੂਬਾ ਹਰ ਖੇਤਰ ਵਿੱਚ ਪੂਰੇ ਦੇਸ਼ ਨੂੰ ਨਵਾਂ ਰਾਹ ਦਿਖਾਏਗਾ।