ਚੰਡੀਗੜ੍ਹ :ਦਿੱਲੀ ਦੇ ਉੱਪ ਮੁੱਖ ਮੰਤਰੀ ਮਨੀਸ਼ ਸਿਸੋਦੀਆਂ ਦੀ ਦਿੱਲੀ ਵਿੱਚ ਆਬਕਾਰੀ ਨੀਤੀ ਨੂੰ ਲੈ ਕੇ ਹੋਈ ਗ੍ਰਿਫਤਾਰੀ ਤੋਂ ਬਾਅਦ ਪੰਜਾਬ ਦੀ ਸਿਆਸਤ ਵੀ ਭਖ ਰਹੀ ਹੈ। ਇਕ ਪਾਸੇ ਆਪ ਆਗੂ ਧਰਨੇ ਪ੍ਰਦਰਸ਼ਨ ਕਰ ਰਹੇ ਹਨ, ਦੂਜੇ ਪਾਸੇ ਵਿਰੋਧੀ ਪਾਰਟੀਆਂ ਵਲੋਂ ਸਰਕਾਰ ਦੀ ਆਬਕਾਰੀ ਨੀਤੀ ਉੱਤੇ ਵੀ ਸਵਾਲ ਖੜ੍ਹੇ ਕੀਤੇ ਜਾ ਰਹੇ ਹਨ। ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਮਜੀਠੀਆ ਨੇ ਵੀ ਕਈ ਸਵਾਲ ਕੀਤੇ ਹਨ। ਉਨ੍ਹਾਂ ਕਿਹਾ ਕਿ ਦਿੱਲੀ ਵਿੱਚ ਸ਼ਰਾਬ ਦੀ ਨੀਤੀ ਨੂੰ ਲੈ ਕੇ ਜੋ ਸੀਬੀਆਈ ਜਾਂਚ ਹੋ ਰਹੀ ਹੈ, ਉਸਨੂੰ ਪੰਜਾਬ ਤੱਕ ਲਿਆਂਦਾ ਜਾਣਾ ਚਾਹੀਦਾ ਹੈ।
ਮਜੀਠੀਆ ਨੇ ਕਈ ਖਦਸ਼ੇ ਕੀਤੇ ਜਾਹਿਰ :ਮਜੀਠੀਆ ਨੇ ਇਸ ਸੰਬੰਧੀ ਕਈ ਟਵੀਟ ਕੀਤੇ ਹਨ। ਉਨ੍ਹਾਂ ਕਿਹਾ ਕਿ ਦਿੱਲੀ ਐਕਸਾਈਜ਼ ਘਪਲੇ ਦੀ ਸੀਬੀਆਈ ਵਲੋਂ ਜਾਂਚ ਕੀਤੀ ਜਾਣੀ ਚਾਹੀਦੀ ਹੈ। ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਦਿੱਲੀ ਤੋਂ ਬਾਅਦ ਪੰਜਾਬ ਦੀ ਸ਼ਰਾਬ ਨੀਤੀ ਦੇ ਆਰਕੀਟੈਕਟ ਵੀ ਰਹੇ ਸਨ ਉਨ੍ਹਾਂ ਕਿਹਾ ਕਿ ਇਸ ਨਾਲ ਹੋ ਸਕਦਾ ਹੈ ਕਿ ਪੰਜਾਬ ਵਿੱਚ ਵੀ ਨੀਤੀ ਨਾਲ ਕੋਈ ਛੇੜਛਾੜ ਹੋ ਸਕਦੀ ਹੈ। ਉਨ੍ਹਾਂ ਇਹ ਵੀ ਖਦਸ਼ਾ ਜਾਹਿਰ ਕੀਤਾ ਹੈ ਕਿ ਇਹ ਵੀ ਹੋ ਸਕਦਾ ਹੈ ਕਿ ਪੰਜਾਬ ਦੀ ਆਬਕਾਰੀ ਨੀਤੀ ਵਿੱਚ ਵੀ ਕੋਈ ਘੁਟਾਲਾ ਹੋਇਆ ਹੋਵੇ।
ਮਜੀਠੀਆ ਨੇ ਕਿਹਾ ਕਿ ਇਨਫੋਰਸਮੈਂਟ ਡਾਇਰੈਕਟੋਰੇਟ ਤੋਂ ਇਸਦ ਘਪਲੇ ਦੀ ਜਾਂਚ ਕਰਵਾਈ ਜਾਣੀ ਚਾਹੀਦੀ ਹੈ। ਮਜੀਠੀਆ ਨੇ ਟਵੀਟ ਕੀਤਾ ਹੈ ਕਿ ਸੀਬੀਆਈ ਨੂੰ ਆਪਣੀ ਜਾਂਚ ਵਿੱਚ ਆਮ ਆਦਮੀ ਪਾਰਟੀ ਦੇ ਸੀਨੀਅਰ ਲੀਡਰਾਂ ਦੀ ਭੂਮਿਕਾ ਵੀ ਦੇਖ ਲੈਣੀ ਚਾਹੀਦੀ ਹੈ। ਹੋ ਸਕਦਾ ਹੈ ਕਿ ਕੁਝ ਚੋਣਵੇਂ ਸ਼ਰਾਬ ਬਣਾਉਣ ਵਾਲਿਆਂ ਨੂੰ ਇਸਦਾ ਫਾਇਦਾ ਕੀਤਾ ਗਿਆ ਹੋਵੇ। ਮਜੀਠੀਆ ਨੇ ਇਸਦੇ ਨਾਲ ਨਾਲ ਆਮ ਆਦਮੀ ਪਾਰਟੀ ਅਤੇ ਅਰਵਿੰਦ ਕੇਜਰੀਵਾਲ 'ਤੇ ਜਾਂਚ ਵਿੱਚ ਦਖਲ ਦੇਣ ਦੇ ਤਿੱਖੇ ਇਲਜ਼ਾਮ ਲਗਾਏ ਹਨ।
ਇਹ ਵੀ ਪੜ੍ਹੋ:Dere Sirsa Chief Channel: ਧੱਕੇ ਨਾਲ ਡੇਰਾ ਮੁਖੀ ਦਾ ਚੈਨਲ ਕਰਵਾਇਆ ਜਾ ਰਿਹਾ ਸਬਸਕ੍ਰਾਇਬ, ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਲਿਆ ਨੋਟਿਸ
ਮਜੀਠੀਆ ਨੇ ਕਿਹਾ ਕਿ ਅਰਵਿੰਦ ਕੇਜਰੀਵਾਲ ਜਾਂਚ ਏਜੰਸੀਆਂ ਅਤੇ ਅਦਾਲਤਾਂ ਨੂੰ ਆਪਣਾ ਕੰਮ ਕਿਉਂ ਨਹੀਂ ਠੀਕ ਤਰ੍ਹਾਂ ਨਾਲ ਕਰਨ ਦਿੰਦੇ। ਇਥੇ ਇਹ ਵੀ ਜ਼ਿਕਰਯੋਗ ਹੈ ਕਿ ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੂੰ ਸੀਬੀਆਈ ਨੇ ਸ਼ਰਾਬ ਘੁਟਾਲੇ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਹੋਇਆ ਹੈ। ਮਨੀਸ਼ ਸਿਸੋਦੀਆ ਨੂੰ 4 ਮਾਰਚ ਤੱਕ ਸੀਬੀਆਈ ਦੀ ਹਿਰਾਸਤ ਵਿੱਚ ਭੇਜਿਆ ਗਿਆ ਹੈ। ਮਨੀਸ਼ ਸਿਸੋਦੀਆ ਦੀ ਗ੍ਰਿਫਤਾਰੀ ਹੋਣ ਕਰਕੇ ਪੰਜਾਬ ਸਣੇ ਕਈ ਸੂਬਿਆਂ ਵਿਚ ਆਗੂ ਪ੍ਰਦਰਸ਼ਨ ਕਰ ਰਹੇ ਹਨ।