ਚੰਡੀਗੜ੍ਹ: ਸ਼ੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੇ ਅੱਜ ਕਾਂਗਰਸ ਸਰਕਾਰ ਦੇ ਨਾਲ-ਨਾਲ ਪ੍ਰਦੇਸ਼ ਕਾਂਗਰਸ ਪ੍ਰਧਾਨ ਸੁਨੀਲ ਜਾਖੜ ਨੂੰ ਵੀ ਉਦੋਂ ਬੇਨਕਾਬ ਕਰ ਦਿੱਤਾ ਜਦੋਂ ਉਨ੍ਹਾਂ ਦੱਸਿਆ ਕਿ ਕਿਵੇਂ ਕੈਗ (ਕੰਪਟਰੋਲਰ ਐਂਡ ਆਡੀਟਰ ਜਨਰਲ) ਦੀ ਤਾਜ਼ਾ ਰਿਪੋਰਟ ਵਿੱਚ ਸਪਸ਼ਟ ਕਿਹਾ ਗਿਆ ਹੈ ਕਿ ਪੰਜਾਬ ਦਾ ਕਰਜ਼ਾ 3 ਲੱਖ ਕਰੋੜ ਤੋਂ ਟੱਪ ਜਾਵੇਗਾ। ਵਿਧਾਨ ਸਭਾ ਦੇ ਬਾਹਰ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਕੈਗ ਦੀ ਰਿਪੋਰਟ ਨੇ ਪੰਜਾਬ ਕਾਂਗਰਸ ਪ੍ਰਧਾਨ ਦੇ ਉਸ ਝੂਠ ਨੂੰ ਵੀ ਬੇਨਕਾਬ ਕਰ ਦਿੱਤਾ ਹੈ। ਇਸ ਵਿੱਚ ਉਨ੍ਹਾਂ ਦਾਅਵਾ ਕੀਤਾ ਸੀ ਕਿ 8 ਮਾਰਚ ਨੂੰ ਪੇਸ਼ ਕੀਤਾ ਜਾ ਰਿਹਾ ਬਜਟ ਬਿਨ੍ਹਾਂ ਕਿਸੇ ਘਾਟੇ ਵਾਲਾ ਬਜਟ ਹੋਵੇਗਾ। ਉਨ੍ਹਾਂ ਕਿਹਾ ਕਿ ਕੈਗ ਦੀ ਰਿਪੋਰਟ ਝੂਠ ਨਹੀਂ ਬੋਲਦੀ।
ਉਨ੍ਹਾਂ ਕਿਹਾ ਕਿ ਪੰਜਾਰਬ ਕਾਂਗਰਸ ਪ੍ਰਧਾਨ ਨੂੰ ਆਪਣੀ ਸਰਕਾਰ ਦੀਆਂ ਅਸਫਲਤਾਵਾਂ ਤੋਂ ਲੋਕਾਂ ਦਾ ਧਿਆਨ ਪਾਸੇ ਕਰਨ ਲਈ ਧੋਖੇ ਭਰੇ ਝੁਠ ਬੋਲਣ ਦੀ ਆਦਤ ਹੈ। ਮਜੀਠੀਆ ਨੇ ਕਿਹਾ ਕਿ ਕੈਗ ਦੀ ਰਿਪੋਰਟ ਕਾਂਗਰਸ ਸਰਕਾਰ ਦੇ ਮਾੜੇ ਵਿੱਤੀ ਪ੍ਰਬੰਧਨ ਦਾ ਖੁਲ੍ਹਾਸਾ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਹੋਰ ਨਿਰਪੱਖ ਏਜੰਸੀਆਂ ਦ ਅੰਕੜੇ ਵੀ ਮੇਲ ਖਾਂਦੇ ਹਨ। ਇਹ ਸਪਸ਼ਟ ਹੋ ਗਿਆ ਹੈ ਕਿ ਪੰਜਾਬ ਦੀ ਪ੍ਰਤੀ ਵਿਅਕਤੀ ਆਮਦਨ ਆਜ਼ਾਦੀ ਤੋਂ ਬਾਅਦ ਪਹਿਲੀ ਵਾਰ ਕੌਮੀ ਔਸਤ ਨਾਲੋਂ ਵੀ ਹੇਠਾਂ ਆ ਗਈ ਹੈ ਕਿਉਂਕਿ ਬੁਨਿਆਦੀ ਢਾਂਚੇ ਦੇ ਕੰਮਾਂ ਲਈ ਕੋਈ ਯਤਨ ਨਹੀਂ ਕੀਤਾ ਗਿਆ।