ਚੰਡੀਗੜ੍ਹ: ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਦੇ ਪਿਤਾ ਗੁਰਦਾਸ ਸਿੰਘ ਬਾਦਲ ਨੇ ਬੀਤੀ ਰਾਤ ਆਖਰੀ ਸਾਹ ਲਏ। ਪਿਛਲੇ ਲੰਮੇ ਸਮੇਂ ਤੋਂ ਬਿਮਾਰ ਚੱਲ ਰਹੇ ਗੁਰਦਾਸ ਬਾਦਲ ਨੇ ਮੁਹਾਲੀ ਦੇ ਫੋਰਟਿਸ ਹਸਪਤਾਲ ਵਿੱਚ ਇਲਾਜ ਦੌਰਾਨ ਵੀਰਵਾਰ ਦੇਰ ਰਾਤ ਦਮ ਤੋੜ ਦਿੱਤਾ। ਇਸ ਗੱਲ ਦੀ ਜਾਣਕਾਰੀ ਉਨ੍ਹਾਂ ਦੇ ਪੁੱਤਰ ਮਨਪ੍ਰੀਤ ਬਾਦਲ ਨੇ ਸਾਂਝੀ ਕੀਤੀ।
ਵਿੱਤ ਮੰਤਰੀ ਮਨਪ੍ਰੀਤ ਬਾਦਲ ਨੇ ਟਵੀਟ ਕਰਦਿਆ ਲਿਖਿਆ ਕਿ ਪਿਤਾ ਗੁਰਦਾਸ ਬਾਦਲ ਦਾ ਅੰਤਿਮ ਸਸਕਾਰ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਦੇ ਜੱਦੀ ਪਿੰਡ ਬਾਦਲ ਵਿਖੇ ਦੁਪਹਿਰੇ 1:00 ਵਜੇ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਮਾਰਚ ਦੇ ਮਹੀਨੇ ਵਿੱਚ ਉਨ੍ਹਾਂ ਦੇ ਮਾਤਾ ਜੀ ਦੇ ਅਕਾਲ ਚਲਾਣੇ ਤੋਂ ਬਾਅਦ ਪਿਤਾ ਦੀ ਸਿਹਤ ਜ਼ਿਆਦਾ ਵਿਗੜ ਗਈ ਸੀ ਜਿਸ ਕਾਰਨ ਉਨ੍ਹਾਂ ਨੂੰ ਮੋਹਾਲੀ ਵਿਖੇ ਫੋਰਟਿਸ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਸੀ।
ਪਰਿਵਾਰ ਤੋਂ ਇਲਾਵਾ ਵਿੱਤ ਮੰਤਰੀ ਨੇ ਆਪਣੇ ਸਮਰਥਕਾਂ ਨੂੰ ਬੇਨਤੀ ਕੀਤੀ ਕਿ ਕੋਰੋਨਾ ਵਾਇਰਸ ਦੇ ਚੱਲਦਿਆਂ ਸਾਮਾਜਿਕ ਦੂਰੀ ਨੂੰ ਧਿਆਨ ਵਿੱਚ ਰੱਖਦੇ ਹੋਏ ਉਹ ਸਸਕਾਰ ਵਿੱਚ ਸ਼ਾਮਲ ਹੋਣ ਤੋਂ ਗੁਰੇਜ਼ ਕਰਨ।
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀ ਮਨਪ੍ਰੀਤ ਬਾਦਲ ਦੇ ਪਿਤਾ ਦੇ ਦੇਹਾਂਤ ਉੱਤੇ ਦੁੱਖ ਪ੍ਰਗਟਾਇਆ।