ਪੰਜਾਬ

punjab

ETV Bharat / state

ਪੰਜਾਬ ਵਜ਼ਾਰਤ ਦੀ ਮੀਟਿੰਗ 'ਚ ਅਹਿਮ ਫੈਸਲਿਆਂ ਉੱਤੇ ਮੋਹਰ, ਸੂਬੇ 'ਚ 'ਸੜਕ ਸੁਰੱਖਿਆ ਫੋਰਸ' ਨੂੰ ਹਰੀ ਝੰਡੀ, ਪੜ੍ਹੋ ਹੋਰ ਅਹਿਮ ਫੈਸਲੇ

ਚੰਡੀਗੜ੍ਹ ਵਿੱਚ ਅੱਜ ਮੁੱਖ ਮੰਤਰੀ ਦੀ ਅਗਵਾਈ ਹੈਠ ਪੰਜਾਬ ਕੈਬਨਿਟ ਦੀ ਮੀਟਿੰਗ ਹੋਈ। ਮੀਟਿੰਗ ਦੌਰਾਨ ਪੰਜਾਬ ਵਜ਼ਾਰਤ ਵੱਲੋਂ ਤਿੰਨ ਅਹਿਮ ਫੈਸਲਿਆਂ ਉੱਤੇ ਮੋਹਰ ਲਗਾਈ ਗਈ ਹੈ। ਇਨ੍ਹਾਂ ਫੈਸਲਿਆਂ ਵਿੱਚ ਇੱਕ ਫੈਸਲਾ ਸੂਬੇ ਅੰਦਰ ਸੜਕ ਸੁਰੱਖਿਆ ਫੋਰਸ ਦਾ ਗਠਨ ਕਰਨਾ ਵੀ ਹੈ।

Many important decisions have been taken during the Punjab Cabinet meeting in Chandigarh
ਪੰਜਾਬ ਵਜ਼ਾਰਤ ਦੀ ਮੀਟਿੰਗ 'ਚ ਅਹਿਮ ਫੈਸਲਿਆਂ ਉੱਤੇ ਮੋਹਰ, ਸੂਬੇ 'ਚ 'ਸੜਕ ਸੁਰੱਖਿਆ ਫੋਰਸ' ਨੂੰ ਹਰੀ ਝੰਡੀ, ਪੜ੍ਹੋ ਹੋਰ ਅਹਿਮ ਫੈਸਲੇ

By

Published : Aug 11, 2023, 4:58 PM IST

ਚੰਡੀਗੜ੍ਹ:ਸੜਕ ਹਾਦਸਿਆਂ ਵਿੱਚ ਲੋਕਾਂ ਦੀਆਂ ਕੀਮਤੀ ਜਾਨਾਂ ਬਚਾਉਣ ਦੇ ਉਦੇਸ਼ ਨਾਲ ਅਹਿਮ ਫੈਸਲਾ ਲੈਂਦਿਆਂ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ ਪੰਜਾਬ ਵਜ਼ਾਰਤ ਨੇ ਸੂਬੇ ਵਿਚ ‘ਸੜਕ ਸੁਰੱਖਿਆ ਫੋਰਸ’ਦੇ ਗਠਨ ਨੂੰ ਹਰੀ ਝੰਡੀ ਦੇ ਦਿੱਤੀ ਹੈ। ਇਸ ਬਾਰੇ ਫੈਸਲਾ ਅੱਜ ਬਾਅਦ ਦੁਪਹਿਰ ਪੰਜਾਬ ਸਿਵਲ ਸਕੱਤਰੇਤ ਵਿਖੇ ਮੁੱਖ ਮੰਤਰੀ ਦੀ ਪ੍ਰਧਾਨਗੀ ਹੇਠ ਹੋਈ ਮੰਤਰੀ ਮੰਡਲ ਦੀ ਮੀਟਿੰਗ ਦੌਰਾਨ ਲਿਆ ਗਿਆ।

ਸੜਕ ਨੈੱਟਵਰਕ:ਇਹ ਪ੍ਰਗਟਾਵਾ ਕਰਦਿਆਂ ਮੁੱਖ ਮੰਤਰੀ ਦਫ਼ਤਰ ਦੇ ਬੁਲਾਰੇ ਨੇ ਦੱਸਿਆ ਕਿ ਮੰਤਰੀ ਮੰਡਲ ਨੇ ਇਸ ਫੋਰਸ ਦੀ ਸ਼ੁਰੂਆਤ ਕਰਨ ਦੀ ਸਹਿਮਤੀ ਦੇ ਦਿੱਤੀ ਹੈ ਅਤੇ ਇਹ ਫੋਰਸ 5500 ਕਿਲੋਮੀਟਰ ਰਾਜ ਅਤੇ ਕੌਮੀ ਸ਼ਾਹਰਾਹ ਦੀਆਂ ਸੜਕਾਂ ਦੀ ਸੁਰੱਖਿਆ ਕਰੇਗੀ। ਵਜ਼ਾਰਤ ਦਾ ਮੰਨਣਾ ਹੈ ਕਿ ਪੰਜਾਬ ਵਿੱਚ ਪਿਛਲੇ ਕੁੱਝ ਦਹਾਕਿਆਂ ਵਿੱਚ ਸੜਕਾਂ ਦਾ ਬੁਨਿਆਦੀ ਢਾਂਚਾ ਵਧਿਆ ਹੈ ਅਤੇ ਟ੍ਰੈਫਿਕ ਵਿੱਚ ਵੀ ਕਾਫੀ ਵਾਧਾ ਹੋਇਆ ਹੈ। ਸੂਬੇ ਵਿੱਚ ਕੌਮੀ ਅਤੇ ਰਾਜ ਮਾਰਗਾਂ ਸਮੇਤ 72078 ਕਿਲੋਮੀਟਰ ਲੰਮਾ ਸੜਕ ਨੈੱਟਵਰਕ ਹੈ, ਜਿਸ ਵਿੱਚੋਂ 4025 ਕਿਲੋਮੀਟਰ ਕੌਮੀ ਅਤੇ ਰਾਜ ਮਾਰਗ ਹਨ, ਜੋ ਕੁੱਲ ਸੜਕੀ ਨੈੱਟਵਰਕ ਦਾ 5.64 ਫੀਸਦੀ ਹੈ।

ਮੰਤਰੀ ਮੰਡਲ ਨੇ ਚਿੰਤਾ ਜ਼ਾਹਰ ਕੀਤੀ ਕਿ 65 ਫੀਸਦੀ ਸੜਕ ਹਾਦਸੇ ਕੌਮੀ ਅਤੇ ਰਾਜ ਮਾਰਗਾਂ ਉੱਤੇ ਵਾਪਰਦੇ ਹਨ। ਸਾਲ 2021 ਵਿੱਚ 580 ਸੜਕ ਹਾਦਸਿਆਂ ਵਿੱਚ 4476 ਜਾਨਾਂ ਚਲੀਆਂ ਗਈਆਂ। ਇਹ ਵੀ ਦੇਖਣ ਵਿੱਚ ਆਇਆ ਹੈ ਕਿ ਇਨ੍ਹਾਂ ਵਿੱਚੋਂ ਬਹੁਤੇ ਸੜਕ ਹਾਦਸੇ ਸ਼ਾਮ 6 ਵਜੇ ਤੋਂ ਰਾਤ 12 ਵਜੇ ਤੱਕ ਵਾਪਰਦੇ ਹਨ, ਜਿਸ ਵੇਲੇ ਇਨ੍ਹਾਂ ਸੜਕਾਂ ਉੱਤੇ ਪੁਲਿਸ ਦੀ ਮੌਜੂਦਗੀ ਬਹੁਤ ਘੱਟ ਹੁੰਦੀ ਹੈ। ਮੰਤਰੀ ਮੰਡਲ ਦੇ ਫੈਸਲੇ ਮੁਤਾਬਿਕ ਪਿਛਲੇ ਸਾਲਾਂ ਵਿੱਚ ਵਾਪਰੇ ਸੜਕ ਹਾਦਸਿਆਂ ਦੇ ਆਧਾਰ ਉੱਤੇ ਹਾਈਵੇਅ ਉੱਤੇ ਗਸ਼ਤ ਕਰਨ ਵਾਲੇ ਰੂਟਾਂ ਦੀ ਸ਼ਨਾਖਤ ਕਰ ਲਈ ਗਈ ਹੈ।

ਨਿਯਮ ਤੋੜਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ: ਇਨ੍ਹਾਂ ਰੂਟਾਂ ਉੱਤੇ 144 ਪੈਟਰੌਲਿੰਗ ਵਾਹਨ ਤਾਇਨਾਤ ਕੀਤੇ ਜਾਣਗੇ, ਜੋ ਸ਼ਰਾਬ ਪੀ ਕੇ ਡਰਾਈਵਿੰਗ ਕਰਨ ਵਾਲਿਆਂ ਅਤੇ ਓਵਰਸਪੀਡ ਦੀ ਜਾਂਚ ਕਰਨ ਲਈ ਵਿਸ਼ੇਸ਼ ਉਪਕਰਨਾਂ ਨਾਲ ਲੈਸ ਹੋਣਗੇ। ਹਰੇਕ ਵਾਹਨ 30 ਕਿਲੋਮੀਟਰ ਦੇ ਘੇਰੇ ਵਿੱਚ ਗਸ਼ਤ ਕਰੇਗਾ। ਇਹ ਵਾਹਨ ਖਰੀਦਣ ਅਤੇ ਇਨ੍ਹਾਂ ਉੱਪਰ ਲਾਏ ਜਾਣ ਵਾਲੇ ਆਧੁਨਿਕ ਉਪਕਰਨ ਦੀ ਖਰੀਦ ਉੱਤੇ 30 ਕਰੋੜ ਰੁਪਏ ਖਰਚ ਆਉਣਗੇ। ਸੜਕ ਸੁਰੱਖਿਆ ਫੋਰਸ ਵਿੱਚ 5000 ਪੁਲਿਸ ਜਵਾਨ ਤਾਇਨਾਤ ਕੀਤੇ ਜਾਣਗੇ, ਜਿਨ੍ਹਾਂ ਵਿੱਚੋਂ 1200-1500 ਪੁਲਿਸ ਜਵਾਨ ਨਵੇਂ ਭਰਤੀ ਹੋਏ ਪੁਲਿਸ ਮੁਲਾਜ਼ਮਾਂ ਵਿੱਚੋਂ ਤਾਇਨਾਤ ਕੀਤੇ ਜਾਣਗੇ।

ਹਰੇਕ ਜ਼ਿਲ੍ਹੇ ਦੇ ਪ੍ਰਮੁੱਖ ਪਾਰਕ 'ਚ ਸ਼ਹੀਦੀ ਸਮਾਰਕ ਬਣੇਗਾ:ਆਜ਼ਾਦੀ ਦੇ ਸੰਘਰਸ਼ ਦੌਰਾਨ ਮਾਤ ਭੂਮੀ ਦੀ ਰਾਖੀ ਕਰਦੇ ਹੋਏ ਜਾਨਾਂ ਨਿਛਾਵਰ ਕਰਨ ਵਾਲੇ ਮਹਾਨ ਸੁਤੰਤਰਤਾ ਸੈਨਾਨੀਆਂ ਅਤੇ ਕੌਮੀ ਨਾਇਕਾਂ ਦੇ ਸਤਿਕਾਰ ਵਿਚ ਮੰਤਰੀ ਮੰਡਲ ਨੇ ਹਰੇਕ ਜ਼ਿਲ੍ਹੇ ਦੇ ਪ੍ਰਮੁੱਖ ਪਾਰਕ ਵਿਚ ਸ਼ਹੀਦੀ ਸਮਾਰਕ ਬਣਾਉਣ ਦੀ ਮਨਜ਼ੂਰੀ ਦੇ ਦਿੱਤੀ ਹੈ। ਇਸ ਸਮਾਰਕ ਉੱਤੇ ਸਬੰਧਤ ਜ਼ਿਲ੍ਹੇ ਦੇ ਸ਼ਹੀਦਾਂ ਅਤੇ ਸੁਤੰਤਰਤਾ ਸੰਗਰਾਮੀਆਂ ਦੇ ਨਾਮ ਲਿਖੇ ਜਾਣਗੇ, ਜਿਨ੍ਹਾਂ ਨੇ ਆਜ਼ਾਦੀ ਦੇ ਅੰਦੋਲਨ ਵਿਚ ਜਾਂ ਕਿਸੇ ਜੰਗ ਵਿਚ ਸ਼ਹਾਦਤ ਦਿੱਤੀ ਸੀ ਤਾਂ ਕਿ ਸਾਡੇ ਨੌਜਵਾਨ ਉਨ੍ਹਾਂ ਦੇ ਮਹਾਨ ਯੋਗਦਾਨ ਬਾਰੇ ਜਾਣੂੰ ਹੋ ਸਕਣ। ਇਹ ਸਮਾਰਕ ਸਾਡੀਆਂ ਆਉਣ ਵਾਲੀਆਂ ਪੀੜ੍ਹੀਆਂ ਨੂੰ ਦੇਸ਼ ਦੀ ਖਾਤਰ ਨਿਸ਼ਕਾਮ ਸੇਵਾ ਲਈ ਪ੍ਰੇਰਿਤ ਕਰੇਗੀ।

ਏਅਰਪੋਰਟ ਉੱਤੇ ਵਿਸ਼ੇਸ਼ ਕੇਂਦਰ ਸਥਾਪਤ ਕਰਨ ਦੀ ਪ੍ਰਵਾਨਗੀ: ਨਵੀਂ ਦਿੱਲੀ ਵਿਖੇ ਇੰਦਰਾ ਗਾਂਧੀ ਕੌਮਾਂਤਰੀ ਹਵਾਈ ਅੱਡੇ ਵਿਖੇ ਐਨ.ਆਰ.ਆਈਜ਼ ਦੀ ਸਹੂਲਤ ਲਈ ਵੱਡਾ ਉਪਰਾਲਾ ਕਰਦਿਆਂ ਮੰਤਰੀ ਮੰਡਲ ਨੇ ਇੰਟਰਨੈਸ਼ਨਲ ਟਰਮੀਨਲ ਦੇ ਅਰਾਈਵਲ ਹਾਲ ਵਿਖੇ ਸਹੂਲਤ ਪ੍ਰਦਾਨ ਕਰਨ ਵਾਲਾ ਕੇਂਦਰ (ਫੈਸਿਲੀਟੇਸ਼ਨ ਸੈਂਟਰ) ਸਥਾਪਤ ਕਰਨ ਦੀ ਮਨਜ਼ੂਰੀ ਦੇ ਦਿੱਤੀ ਹੈ। ਇਹ ਕੇਂਦਰ 24 ਘੰਟੇ ਖੁੱਲ੍ਹਾ ਰਹੇਗਾ ਅਤੇ ਟਰਮੀਨਲ ਵਿਖੇ ਪਹੁੰਚਣ ਵਾਲੇ ਸਾਰੇ ਐਨ.ਆਰ.ਆਈਜ਼ ਅਤੇ ਹੋਰ ਮੁਸਾਫਰਾਂ ਨੂੰ ਸਹਾਇਤਾ ਪ੍ਰਦਾਨ ਕਰੇਗਾ। ਇਸ ਵਿਸ਼ੇਸ਼ ਕੇਂਦਰ ਵਿਚ ਮੁਸਾਫਰਾਂ ਅਤੇ ਉਨ੍ਹਾਂ ਦੇ ਰਿਸ਼ਤੇਦਾਰਾਂ ਦੇ ਬੈਠਣ ਲਈ ਢੁੱਕਵੀਂ ਵਿਵਸਥਾ ਕਰਨ ਦੇ ਯਤਨ ਕੀਤੇ ਜਾਣਗੇ। ਮੁਸਾਫਰਾਂ/ਰਿਸ਼ਤੇਦਾਰਾਂ ਨੂੰ ਫਲਾਈਟਾਂ ਸਬੰਧੀ, ਟੈਕਸੀ ਸੇਵਾਵਾਂ, ਸਮਾਨ ਗੁਆਚਣ ਬਾਰੇ ਮਦਦ ਲਈ ਸਹੂਲਤਾਂ ਸਮੇਤ ਹੋਰ ਸਹਾਇਤਾ ਪ੍ਰਦਾਨ ਕੀਤੀ ਜਾਵੇਗੀ। ਮੁਸਾਫਰ ਦੀ ਇੱਛਾ ਦੇ ਮੁਤਾਬਿਕ ਇਹ ਕੇਂਦਰ ਵਾਜਬ ਕੀਮਤਾਂ ਉੱਤੇ ਟੈਕਸੀ ਦੀਆਂ ਸੇਵਾਵਾਂ ਮੁਹੱਈਆ ਕਰਵਾਉਣ ਲਈ ਕੰਮ ਕਰੇਗਾ। ਇਸ ਤੋਂ ਇਲਾਵਾ ਇਸ ਕੇਂਦਰ ਕੋਲ ਮੁਸਾਫਿਰਾਂ ਨੂੰ ਪੰਜਾਬ ਭਵਨ ਜਾਂ ਨੇੜੇ ਦੀਆਂ ਥਾਵਾਂ ਉੱਤੇ ਲਿਜਾਉਣ ਵਿੱਚ ਮਦਦ ਲਈ ਵਾਹਨ ਵੀ ਹੋਣਗੇ।

ਆਰਟੀਫਿਸ਼ਲ ਇੰਟੈਲੀਜੈਂਸ ਦੀ ਵਰਤੋਂ ਨੂੰ ਹਰੀ ਝੰਡੀ:ਕੈਬਨਿਟ ਨੇ ਸੂਬੇ ਵਿੱਚ ਸ਼ਾਸਨ ਵਿੱਚ ਹੋਰ ਸੁਧਾਰ ਲਈ ਆਰਟੀਫਿਸ਼ਲ ਇੰਟੈਲੀਜੈਂਸ (ਏ.ਆਈ.) ਦੀ ਵਰਤੋਂ ਦੀ ਵੀ ਸਹਿਮਤੀ ਦੇ ਦਿੱਤੀ। ਇਸ ਫੈਸਲੇ ਦਾ ਮੰਤਵ ਸ਼ਾਸਨ ਵਿੱਚ ਏ.ਆਈ. ਦੀ ਵਰਤੋਂ ਵਿੱਚ ਪੰਜਾਬ ਨੂੰ ਮੋਹਰੀ ਸੂਬਾ ਬਣਾਉਣਾ ਅਤੇ ਨਾਗਰਿਕਾਂ ਨੂੰ ਬਿਹਤਰ ਸੇਵਾਵਾਂ ਮੁਹੱਈਆ ਕਰਨਾ ਹੈ। ਸੜਕ ਹਾਦਸਿਆਂ ਵਿੱਚ ਮੌਤਾਂ ਦੀ ਗਿਣਤੀ ਘਟਾਉਣ, ਟੈਕਸ ਚੋਰੀ ਰੋਕਣ, ਸਿਹਤ ਸੇਵਾਵਾਂ ਵਿੱਚ ਸੁਧਾਰ, ਲੋਕਾਂ ਦੇ ਮਸਲਿਆਂ ਦੇ ਵੱਧ ਪ੍ਰਭਾਵੀ ਢੰਗ ਨਾਲ ਹੱਲ ਤੇ ਹੋਰ ਕੰਮਾਂ ਵਿੱਚ ਏ.ਆਈ. ਮਦਦਗਾਰ ਸਾਬਤ ਹੋ ਸਕਦੀ ਹੈ।

ਇਸ ਸਬੰਧੀ ਪੰਜਾਬ ਰਾਜ ਗਵਰਨੈਂਸ ਸੁਸਾਇਟੀ (ਪੀ.ਈ.ਜੀ.ਐਸ.) ਵਿੱਚ ਨਵੀਆਂ ਤਕਨੀਕਾਂ (ਇਮਰਜਿੰਗ ਤਕਨਾਲੋਜੀ) ਬਾਰੇ ਇਕ ਸੈਂਟਰ ਪਹਿਲਾਂ ਹੀ ਸਥਾਪਤ ਕੀਤਾ ਗਿਆ ਹੈ ਅਤੇ ਏ.ਆਈ. ਤੇ ਮਸ਼ੀਨ ਲਰਨਿੰਗ (ਐਮ.ਐਲ.) ਦੇ ਲਾਭਾਂ ਦਾ ਪੂਰਾ ਫਾਇਦਾ ਲੈਣ ਲਈ ਵਿਭਾਗ ਦੇ ਸਹਿਯੋਗ ਵਾਸਤੇ ਇੱਕ ਗ਼ੈਰ ਸਰਕਾਰੀ ਸੰਗਠਨ (ਐਨ.ਜੀ.ਓ.) ਨਾਲ ਸਮਝੌਤਾ ਕਲਮਬੱਧ ਕੀਤਾ ਗਿਆ ਹੈ। ਇਹ ਵੀ ਫੈਸਲਾ ਕੀਤਾ ਗਿਆ ਕਿ ਏ.ਆਈ. ਉੱਤੇ ਵਧੇਰੇ ਧਿਆਨ ਦੇ ਕੇ ਨਵੀਆਂ ਤਕਨਾਲੋਜੀ ਲਈ ਬਣੇ ਇਸ ਸੈਂਟਰ ਨੂੰ ਮਜ਼ਬੂਤ ਕਰਨ ਉੱਤੇ ਧਿਆਨ ਦਿੱਤਾ ਜਾਵੇਗਾ ਅਤੇ ਇਸ ਮੰਤਵ ਲਈ ਪ੍ਰਾਜੈਕਟ ਮੈਨੇਜਮੈਂਟ ਯੂਨਿਟ (ਪੀ.ਐਮ.ਯੂ.) ਦਾ ਵੀ ਗਠਨ ਕੀਤਾ ਜਾਵੇਗਾ। ਸਬੰਧਤ ਵਿਭਾਗਾਂ ਦੇ ਕੇਸਾਂ ਦੀ ਨਿਸ਼ਾਨਦੇਹੀ ਉੱਤੇ ਵੰਡ ਨੂੰ ਲਾਗੂ ਕਰਨ ਲਈ ਪੀ.ਐਮ.ਯੂ. ਵੱਲੋਂ ਇਮਰਜਿੰਗ ਤਕਨਾਲੋਜੀ ਲਈ ਬਣੇ ਇਸ ਸੈਂਟਰ ਦੀ ਮਦਦ ਕੀਤੀ ਜਾਵੇਗੀ।

45 ਕੈਦੀਆਂ ਦੀ ਸਜ਼ਾ ਵਿੱਚ ਵਿਸ਼ੇਸ਼ ਛੋਟ ਦੇਣ ਦੀ ਪ੍ਰਵਾਨਗੀ: ‘ਆਜ਼ਾਦੀ ਕਾ ਅੰਮ੍ਰਿਤ ਮਹਾਉਤਸਵ’ ਦੇ ਤੀਜੇ ਪੜਾਅ ਦੇ ਮੌਕੇ ਉਤੇ ਕੈਬਨਿਟ ਨੇ ਆਜ਼ਾਦੀ ਦਿਹਾੜੇ ਤੋਂ ਪਹਿਲਾਂ ਸੂਬੇ ਭਰ ਦੀਆਂ ਜੇਲ੍ਹਾਂ ਵਿੱਚ ਬੰਦ 45 ਕੈਦੀਆਂ ਦੀ ਸਜ਼ਾ ਵਿੱਚ ਵਿਸ਼ੇਸ਼ ਛੋਟ ਦੇਣ ਦਾ ਫੈਸਲਾ ਕੀਤਾ ਹੈ। ਭਾਰਤੀ ਸੰਵਿਧਾਨ ਦੀ ਧਾਰਾ 163 ਅਧੀਨ ਕੈਬਨਿਟ ਦੀ ਪ੍ਰਵਾਨਗੀ ਮਗਰੋਂ ਇਹ ਵਿਸ਼ੇਸ਼ ਛੋਟ ਦੇ ਕੇਸ ਭਾਰਤੀ ਸੰਵਿਧਾਨ ਦੀ ਧਾਰਾ 161 ਅਧੀਨ ਵਿਚਾਰਨ ਲਈ ਪੰਜਾਬ ਦੇ ਰਾਜਪਾਲ ਨੂੰ ਭੇਜੇ ਜਾਣਗੇ। (ਪ੍ਰੈੱਸ ਨੋਟ)

ABOUT THE AUTHOR

...view details