ਚੰਡੀਗੜ੍ਹ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਸੋਚ ਅਨੁਸਾਰ ਪੰਜਾਬ ਨੂੰ ਨਸ਼ਾ ਮੁਕਤ ਅਤੇ ਅਪਰਾਧ ਮੁਕਤ ਸੂਬਾ ਬਣਾਉਣ ਲਈ ਜਾਰੀ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੱਜ ਡਾਇਰੈਕਟਰ ਜਨਰਲ ਆਫ਼ ਪੁਲਿਸ ਪੰਜਾਬ ਗੌਰਵ ਯਾਦਵ ਵੱਲੋਂ ਅੱਜ ਅਹਿਮੀ ਮੀਟਿੰਗ ਕੀਤੀ ਜਾਵੇਗੀ , ਇਸ ਦੌਰਾਨ ਅਹਿਮ ਮੁੱਦਿਆਂ ਉੱਤੇ ਵਿਚਾਰ ਵਟਾਂਦਰਾ ਵੀ ਕੀਤਾ ਜਾਵੇਗਾ। ਜਿੰਨਾਂ ਵਿਚੋਂ ਪੰਜਾਬ ਤੇ ਹਿਮਾਚਲ ਪ੍ਰਦੇਸ਼ ਦੀ ਸਰਹੱਦ ਰਾਹੀਂ ਨਸ਼ਿਆਂ ਅਤੇ ਨਾਜਾਇਜ਼ ਸ਼ਰਾਬ ਦੀ ਤਸਕਰੀ ਸਮੇਤ ਸੰਗਠਿਤ ਅੰਤਰ-ਰਾਜੀ ਅਪਰਾਧਾਂ ਨਾਲ ਨਜਿੱਠਣ ਲਈ ਹਿਮਾਚਲ ਪ੍ਰਦੇਸ਼ ਦੇ ਡੀਜੀਪੀ ਸੰਜੇ ਕੁੰਡੂ ਨਾਲ ,ਮੁਲਾਕਾਤ ਹੋਵੇਗੀ। ਦੋਵਾਂ ਰਾਜਾਂ ਦੇ ਪੁਲਿਸ ਮੁਖੀਆਂ ਵੱਲੋਂ ਮੀਟਿੰਗ ਕੀਤੀ ਜਾਵੇਗੀ। ਇਸੇ ਤਹਿਤ ਅੱਜ ਚੰਡੀਗੜ੍ਹ ਵਿੱਚ ਪੰਜਾਬ, ਹਰਿਆਣਾ ਅਤੇ ਹਿਮਾਚਲ ਦੇ ਪੁਲਿਸ ਮੁਖੀਆਂ ਦੀ ਮੀਟਿੰਗ ਹੋਣ ਜਾ ਰਹੀ ਹੈ। ਜਿਸ ਵਿੱਚ ਇਨ੍ਹਾਂ ਤਿੰਨਾਂ ਰਾਜਾਂ ਦੇ ਪੁਲਿਸ ਮੁਖੀ ਵੱਖ-ਵੱਖ ਵਿਸ਼ਿਆਂ 'ਤੇ ਚਰਚਾ ਕਰਨਗੇ। ਜਾਣਕਾਰੀ ਮੁਤਾਬਿਕ ਇਸ ਮੀਟਿੰਗ 'ਚ ਖਾਸ ਤੌਰ 'ਤੇ ਨਸ਼ਾ ਤਸਕਰੀ ਦੇ ਮਾਮਲਿਆਂ 'ਤੇ ਚਰਚਾ ਹੋਵੇਗੀ।
ਨਸ਼ੇ ਦੀ ਲਤ ਲਗਾਤਾਰ ਵੱਧ ਰਹੀ ਹੈ:ਪਿਛਲੇ ਦਿਨੀਂ ਹਿਮਾਚਲ ਪ੍ਰਦੇਸ਼ ਦੇ ਡੀਜੀਪੀ ਨੇ ਵੀ ਪੰਜਾਬ ਦੇ ਡੀਜੀਪੀ ਨਾਲ ਦੋਵਾਂ ਰਾਜਾਂ ਦੇ ਸਰਹੱਦੀ ਇਲਾਕਿਆਂ ਵਿੱਚੋਂ ਨਸ਼ਾ ਤਸਕਰੀ ਨੂੰ ਲੈ ਕੇ ਗੱਲਬਾਤ ਕੀਤੀ ਸੀ ਕਿਉਂਕਿ ਹਿਮਾਚਲ ਵਿੱਚ ਵੀ ਨਸ਼ਾ ਤਸਕਰੀ ਦੇ ਮਾਮਲੇ ਅਤੇ ਨਸ਼ਾ ਤਸਕਰ ਕਾਫ਼ੀ ਸਮੇਂ ਤੋਂ ਸਰਗਰਮ ਹੋ ਗਏ ਹਨ। ਇਸ ਸਬੰਧੀ ਦੋਵਾਂ ਪੁਲਿਸ ਮੁਖੀਆਂ ਨੇ ਦੋਵਾਂ ਰਾਜਾਂ ਦਰਮਿਆਨ ਆਪਸੀ ਤਾਲਮੇਲ ਸਥਾਪਤ ਕਰਨ ਲਈ ਵਿਸਥਾਰ ਨਾਲ ਚਰਚਾ ਕੀਤੀ। ਇੱਥੇ ਹਰਿਆਣਾ ਵਿੱਚ ਵੀ ਨਸ਼ੇ ਦੇ ਸੌਦਾਗਰ ਲਗਾਤਾਰ ਆਪਣੇ ਪੈਰ ਪਸਾਰ ਰਹੇ ਹਨ। ਇਸ ਕਾਰਨ ਹਰਿਆਣਾ ਵਿੱਚ ਵੀ ਨੌਜਵਾਨਾਂ ਵਿੱਚ ਨਸ਼ੇ ਦੀ ਲਤ ਲਗਾਤਾਰ ਵੱਧ ਰਹੀ ਹੈ। ਇਸ ਦੇ ਮੱਦੇਨਜ਼ਰ ਇਸ ਮੁੱਦੇ ਨੂੰ ਲੈ ਕੇ ਇਨ੍ਹਾਂ ਤਿੰਨਾਂ ਰਾਜਾਂ ਦਰਮਿਆਨ ਸਹਿਯੋਗ ਦੀ ਵਧੇਰੇ ਲੋੜ ਹੈ। ਅੱਜ ਹੋਣ ਵਾਲੀ ਮੀਟਿੰਗ ਵਿੱਚ ਇਨ੍ਹਾਂ ਤਿੰਨਾਂ ਸੂਬਿਆਂ ਦੇ ਮੁਖੀ ਆਪਸੀ ਸਹਿਯੋਗ ਲਈ ਇਸ ਮੁੱਦੇ ’ਤੇ ਚਰਚਾ ਕਰਨਗੇ।