ਚੰਡੀਗੜ੍ਹ:ਪੰਜਾਬ ਸਰਕਾਰ ਦੇ ਬਾਗਬਾਨੀ ਵਿਭਾਗ ਨੇ ਪਿਛਲੇ ਵਿੱਤੀ ਸਾਲ 2022-23 ਦੌਰਾਨ ਸੂਬੇ ਵੱਲੋਂ ਕੀਤੀ ਪ੍ਰਗਤੀ ਨੂੰ ਸਾਂਝਾ ਕਰਨ ਅਤੇ ਪੰਜਾਬ ਵਿੱਚ ਏ.ਆਈ.ਐਫ. ਸਕੀਮ ਦੇ ਪ੍ਰਚਾਰ ਲਈ ਸਰਕਾਰ ਦੇ ਨਾਲ-ਨਾਲ ਨਿੱਜੀ ਖੇਤਰ ਦੇ ਭਾਈਵਾਲਾਂ ਵੱਲੋਂ ਪਾਏ ਯੋਗਦਾਨ ਨੂੰ ਮਾਨਤਾ ਦੇਣ ਲਈ ਮਗਸੀਪਾ, ਸੈਕਟਰ-26 ਚੰਡੀਗੜ੍ਹ ਵਿਖੇ ਖੇਤੀਬਾੜੀ ਬੁਨਿਆਦੀ ਢਾਂਚਾ ਫੰਡ (ਏਆਈਐਫ) ਸੰਮੇਲਨ ਕਰਵਾਇਆ ਗਿਆ। ਜ਼ਿਕਰਯੋਗ ਹੈ ਕਿ ਭਾਰਤ ਸਰਕਾਰ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰਾਲੇ ਵੱਲੋਂ ਲਾਂਚ ਕੀਤੀ ਇਹ ਏਆਈਐਫ ਸਕੀਮ ਜੁਲਾਈ 2020 ਵਿੱਚ ਸ਼ੁਰੂ ਕੀਤੀ ਗਈ ਸੀ। ਏਆਈਐਫ ਸਕੀਮ ਦਾ ਉਦੇਸ਼ ਖੇਤੀਬਾੜੀ ਅਤੇ ਬਾਗਬਾਨੀ ਵੈਲਯੂ ਚੇਨਾਂ ਵਿੱਚ ਵਾਢੀ ਉਪਰੰਤ ਪ੍ਰਬੰਧਨ ਬੁਨਿਆਦੀ ਢਾਂਚਾ ਤਿਆਰ ਕਰਨਾ ਹੈ। ਸੂਬੇ ਵਿੱਚ ਏਆਈਐਫ ਸਕੀਮ ਨੂੰ ਲਾਗੂ ਕਰਨ ਵਾਸਤੇ ਬਾਗਬਾਨੀ ਵਿਭਾਗ ਸੂਬੇ ਦੀ ਨੋਡਲ ਏਜੰਸੀ ਹੈ।
2877 ਕਰੋੜ ਰੁਪਏ ਤੋਂ ਵੱਧ ਦਾ ਨਿਵੇਸ਼ :ਬਾਗਬਾਨੀ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਕਿਹਾ ਕਿ ਪੰਜਾਬ ਨੇ ਏ.ਆਈ.ਐਫ ਸਕੀਮ ਤਹਿਤ ਬਹੁਤ ਤਰੱਕੀ ਕੀਤੀ ਹੈ। ਪਿਛਲੇ ਵਿੱਤੀ ਸਾਲ 2022-23 ਦੌਰਾਨ 3480 ਪ੍ਰੋਜੈਕਟਾਂ ਤੋਂ 2877 ਕਰੋੜ ਰੁਪਏ ਤੋਂ ਵੱਧ ਦਾ ਨਿਵੇਸ਼ ਖਿੱਚਿਆ ਗਿਆ ਹੈ। ਉਹਨਾਂ ਅੱਗੇ ਦੱਸਿਆ ਕਿ 720 ਕਰੋੜ ਰੁਪਏ ਦੇ ਕਰਜ਼ੇ ਪਹਿਲਾਂ ਹੀ ਮਨਜ਼ੂਰ ਕੀਤੇ ਜਾ ਚੁੱਕੇ ਹਨ, ਜਿਨ੍ਹਾਂ ਵਿੱਚੋਂ 591 ਕਰੋੜ ਰੁਪਏ ਦੇ ਕਰਜ਼ੇ ਪਹਿਲਾਂ ਹੀ ਵੱਖ-ਵੱਖ ਕਰਜ਼ਾ ਦੇਣ ਵਾਲੀਆਂ ਸੰਸਥਾਵਾਂ ਵੱਲੋਂ ਵੰਡੇ ਜਾ ਚੁੱਕੇ ਹਨ। ਪੰਜਾਬ ਵਿੱਚੋਂ ਇਸ ਸਕੀਮ ਦਾ ਲਾਭ ਲੈਣ ਵਿੱਚ ਮੋਹਰੀ ਜ਼ਿਲ੍ਹੇ ਬਠਿੰਡਾ (326), ਸੰਗਰੂਰ (326), ਪਟਿਆਲਾ (315), ਸ੍ਰੀ ਮੁਕਤਸਰ ਸਾਹਿਬ (294) ਅਤੇ ਫਾਜ਼ਿਲਕਾ (283) ਹਨ। ਜੌੜਾਮਾਜਰਾ ਨੇ ਦੱਸਿਆ ਕਿ ਇਸ ਸਕੀਮ ਰਾਹੀਂ ਸੂਬੇ ਵਿੱਚ ਬਣਾਏ ਗਏ ਪ੍ਰਮੁੱਖ ਖੇਤੀਬਾੜੀ ਬੁਨਿਆਦੀ ਢਾਂਚੇ ਵਿੱਚ ਕੋਲਡ ਰੂਮ ਅਤੇ ਕੋਲਡ ਸਟੋਰ, ਪ੍ਰਾਇਮਰੀ ਪ੍ਰੋਸੈਸਿੰਗ ਸੈਂਟਰ, ਕਸਟਮ ਹਾਇਰਿੰਗ ਸੈਂਟਰ, ਵੇਅਰਹਾਊਸ, ਸੋਰਟਿੰਗ ਅਤੇ ਗਰੇਡਿੰਗ ਯੂਨਿਟ ਅਤੇ ਮੌਜੂਦਾ ਖੇਤੀਬਾੜੀ ਬੁਨਿਆਦੀ ਢਾਂਚੇ 'ਤੇ ਸੋਲਰ ਪੈਨਲ ਸ਼ਾਮਲ ਹਨ। ਇਸ ਸਕੀਮ ਨੂੰ ਲਾਗੂ ਕਰਨ ਵਿੱਚ ਹਿੱਸਾ ਲੈਣ ਵਾਲੇ 35 ਸੂਬਿਆਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਵਿੱਚੋਂ ਪੰਜਾਬ ਇਸ ਸਮੇਂ (31 ਮਾਰਚ 2023 ਅਨੁਸਾਰ) 11ਵੇਂ ਸਥਾਨ 'ਤੇ ਹੈ।
ਮੌਜੂਦਾ ਵਰ੍ਹੇ ਦੌਰਾਨ ਪੰਜਾਬ ਵਿੱਚ ਏ.ਆਈ.ਐਫ. ਸਕੀਮ ਤਹਿਤ ਹੋਈ ਪ੍ਰਗਤੀ ਬਾਰੇ ਗੱਲ ਕਰਦਿਆਂ ਮੰਤਰੀ ਨੇ ਕਿਹਾ ਕਿ ਪਿਛਲੇ ਸਾਲ ਤੋਂ ਲਗਾਤਾਰ ਵਿਕਾਸ ਵੱਲ ਵੱਧ ਰਿਹਾ ਹੈ। ਪੰਜਾਬ ਤੋਂ ਏ.ਆਈ.ਐਫ. ਪੋਰਟਲ 'ਤੇ ਅੱਪਲੋਡ ਕੀਤੀਆਂ ਕੁੱਲ ਅਰਜ਼ੀਆਂ ਦੀ ਗਿਣਤੀ 5500 ਤੋਂ ਵੱਧ ਹੈ ਅਤੇ 3300 ਕਰੋੜ ਰੁਪਏ ਤੋਂ ਵੱਧ ਦਾ ਨਿਵੇਸ਼ ਖਿੱਚਿਆ ਗਿਆ ਹੈ। ਉਹਨਾਂ ਕਿਹਾ ਕਿ ਇਸ ਸਕੀਮ ਰਾਹੀਂ ਲਘੂ, ਛੋਟੇ ਅਤੇ ਦਰਮਿਆਨੇ ਉੱਦਮੀਆਂ ਨੂੰ ਉਤਪਾਦਨ ਖੇਤਰਾਂ ਦੇ ਨੇੜੇ ਪ੍ਰੋਜੈਕਟ ਸਥਾਪਤ ਕਰਨ ਵਿੱਚ ਮਦਦ ਮਿਲੀ ਹੈ। ਏ.ਆਈ.ਐਫ. ਸੰਮੇਲਨ ਦੌਰਾਨ, ਵਧੀਆ ਪ੍ਰਦਰਸ਼ਨ ਕਰਨ ਵਾਲੇ ਜ਼ਿਲ੍ਹਿਆਂ ਅਤੇ ਬੈਂਕਾਂ ਨੂੰ ਸਨਮਾਨਿਤ ਕੀਤਾ ਗਿਆ। ਜ਼ਿਲ੍ਹਾ ਪਟਿਆਲਾ ਨੂੰ ਏਆਈਐਫ ਸਕੀਮ ਅਧੀਨ ਪ੍ਰੋਜੈਕਟਾਂ ਸਬੰਧੀ ਸਭ ਤੋਂ ਵੱਧ ਮਨਜ਼ੂਰਸ਼ੁਦਾ ਕਰਜ਼ੇ ਪ੍ਰਾਪਤ ਕਰਨ ਲਈ ਸਨਮਾਨਿਤ ਕੀਤਾ ਗਿਆ।
ਸਟੇਟ ਬੈਂਕ ਆਫ਼ ਇੰਡੀਆ ਨੇ 60 ਦਿਨਾਂ ਦੀ ਨਿਰਧਾਰਤ ਮਿਆਦ ਦੇ ਅੰਦਰ ਨੂੰ ਸਭ ਤੋਂ ਵੱਧ ਮਨਜ਼ੂਰਸ਼ੁਦਾ ਕਰਜ਼ੇ ਦੇਣ ਅਤੇ ਵੱਧ ਤੋਂ ਵੱਧ ਅਰਜ਼ੀਆਂ ਦਾ ਨਿਪਟਾਰਾ ਕਰਨ ਲਈ ਸਨਮਾਨਿਤ ਕੀਤਾ ਗਿਆ ਹੈ। ਨਿਰਧਾਰਤ ਸਮੇਂ ਦੀ ਸ਼੍ਰੇਣੀ ਵਿੱਚ ਯੂਨੀਅਨ ਬੈਂਕ ਆਫ਼ ਇੰਡੀਆ ਅਤੇ ਪੰਜਾਬ ਗ੍ਰਾਮੀਣ ਬੈਂਕ ਨੂੰ ਵੀ ਸਨਮਾਨਿਤ ਕੀਤਾ ਗਿਆ ਹੈ। ਬਠਿੰਡਾ ਅਤੇ ਸੰਗਰੂਰ ਦੇ ਬਾਗਬਾਨੀ ਵਿਭਾਗ ਦੇ ਜ਼ਿਲ੍ਹਾ ਇੰਚਾਰਜਾਂ ਨੂੰ ਜਾਗਰੂਕਤਾ ਪੈਦਾ ਕਰਨ ਅਤੇ ਏਆਈਐਫ ਪੋਰਟਲ 'ਤੇ ਵੱਧ ਤੋਂ ਵੱਧ ਐਪਲੀਕੇਸ਼ਨਾਂ ਅਪਲੋਡ ਕਰਨ ਲਈ ਕੀਤੇ ਅਣਥੱਕ ਯਤਨਾਂ ਲਈ ਸਨਮਾਨਿਤ ਕੀਤਾ ਗਿਆ ਹੈ। ਪੰਜਾਬ ਨੈਸ਼ਨਲ ਬੈਂਕ ਨੂੰ ਏਆਈਐਫ ਸਕੀਮ ਅਧੀਨ ਪ੍ਰੋਜੈਕਟਾਂ ਦੀ ਵਿਭਿੰਨਤਾ ਨੂੰ ਉਤਸ਼ਾਹਿਤ ਕਰਨ ਲਈ ਸਨਮਾਨਿਤ ਕੀਤਾ ਗਿਆ ਹੈ। ਮੋਗਾ ਜ਼ਿਲ੍ਹਾ ਕੇਂਦਰੀ ਸਹਿਕਾਰੀ ਬੈਂਕ ਦੇ ਮੈਨੇਜਿੰਗ ਡਾਇਰੈਕਟਰ ਅਤੇ ਡੀਡੀਐਮ ਨਾਬਾਰਡ ਨੂੰ ਪੰਜਾਬ ਵਿੱਚ ਸਭ ਤੋਂ ਵੱਧ ਸਹਿਕਾਰੀ ਸਭਾਵਾਂ ਦਾ ਸਮਰਥਨ ਕਰਨ ਲਈ ਮਾਨਤਾ ਦਿੱਤੀ ਗਈ ਹੈ।