ਚੰਡੀਗੜ੍ਹ: ਇਕ ਪਾਸੇ ਪੰਜਾਬ ਪੁਲਿਸ ਨੇ ਖਾਲਿਸਤਾਨੀ ਸਮਰਥਕ ਅੰਮ੍ਰਿਤਪਾਲ ਸਿੰਘ ਖਿਲਾਫ਼ ਕਾਰਵਾਈ ਕਰ ਰਹੀ ਹੈ, ਉਥੇ ਹੀ ਦੂਜੇ ਪਾਸੇ ਪੰਜਾਬ ਦੇ ਕਈ ਸ਼ਹਿਰਾਂ ਵਿੱਚ ਇੰਟਰਨੈੱਟ ਸੇਵਾਵਾਂ ਬੰਦ ਹੋਣ ਦੀਆਂ ਖ਼ਬਰਾਂ ਆ ਰਹੀਆਂ ਹਨ। ਹਾਲਾਂਕਿ ਕਿਸੇ ਵੀ ਇੰਟਰਨੈੱਟ ਸਰਵਿਸ ਪ੍ਰੋਵਾਈਡਰ ਕੰਪਨੀ ਨੇ ਇਸ ਗੱਲ ਦੀ ਪੁਸ਼ਟੀ ਨਹੀਂ ਕੀਤੀ ਹੈ। ਦੱਸਿਆ ਜਾ ਰਿਹਾ ਹੈ ਕਿ ਬਠਿੰਡਾ, ਅੰਮ੍ਰਿਤਸਰ, ਫਿਰੋਜ਼ਪੁਰ, ਸੰਗਰੂਰ, ਬਰਨਾਲਾ ਸਣੇ ਪੂਰੇ ਪੰਜਾਬ ਵਿੱਚ ਮੋਬਾਈਲ ਤੇ ਇੰਟਰਨੈੱਟ ਸੇਵਾਵਾਂ ਠੱਪ ਕਰ ਦਿੱਤੀਆਂ ਹਨ। ਇਹ ਖ਼ਬਰਾਂ ਸਾਹਮਣੇ ਆ ਰਹੀਆਂ ਹਨ ਕਿ ਕੱੁਲ੍ਹ 12 ਵਜੇ ਤੱਕ ਇੰਟਰਨੈੱਟ ਸੇਵਾਵਾਂ ਬੰਦ ਰਹਿਣਗੀਆਂ। ਓਧਰ ਪੰਜਾਬ ਪੁਲਿਸ ਨੇ ਲੋਕਾਂ ਨੂੰ ਸ਼ਾਂਤੀ ਬਣਾਈ ਰੱਖਣ ਦੀ ਅਪੀਲ ਕੀਤੀ ਹੈ। ਕਾਬਲੇਜ਼ਿਕਰ ਹੈ ਕਿ ਪੁਲਿਸ ਪਹਿਲਾਂ ਹੀ ਅੰਮ੍ਰਿਤਪਾਲ ਖਿਲਾਫ਼ ਐਕਸ਼ਨ ਦੇ ਮੂਡ ਵਿੱਚ ਨਜ਼ਰ ਆ ਰਹੀ ਸੀ। ਜਿਸ ਨੂੰ ਲੈ ਕੇ ਮੋਗਾ ਵਿੱਚ ਵੱਡੀ ਗਿਣਤੀ 'ਚ ਪੁਲਿਸ ਤੈਨਾਤ ਕੀਤੀ ਗਈ ਸੀ।
ਅੰਮ੍ਰਿਤਪਾਲ ਸਿੰਘ ਗ੍ਰਿਫ਼ਤਾਰ :ਪੰਜਾਬ ਪੁਲਿਸ ਨੇ ਅੰਮ੍ਰਿਤਪਾਲ ਸਿੰਘ ਖਿਲਾਫ ਵੱਡੀ ਕਾਰਵਾਈ ਕੀਤੀ ਹੈ। ਮੇਹਿਤਪੁਰ ਪੁਲਿਸ ਪੁਲਿਸ ਨੇ ਅੰਮ੍ਰਿਤਪਾਲ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਹੈ ਇਸ ਤੋਂ ਇਲਾਵਾ ਪੁਲਿਸ ਨੇ ਅੰਮ੍ਰਿਤਪਾਲ ਦੇ 6 ਸਾਥੀਆਂ ਨੂੰ ਵੀ ਗ੍ਰਿਫ਼ਤਾਰ ਕੀਤਾ ਹੈ। ਇਹ ਗ੍ਰਿਫਤਾਰੀ ਜਲੰਧਰ ਦੇ ਸ਼ਾਹਕੋਟ ਮਲਸੀਆਂ 'ਚ ਹੋਈ ਹੈ। ਦੱਸ ਦਈਏ ਇਸ ਵੇਲੇ ਅੰਮ੍ਰਿਤਪਾਲ ਸਿੰਘ ਖ਼ਿਲਾਫ਼ ਤਿੰਨ ਕੇਸ ਦਰਜ ਹਨ। ਜਿਨ੍ਹਾਂ ਵਿੱਚੋਂ ਦੋ ਥਾਣਾ ਅਜਨਾਲਾ ਵਿੱਚ ਹਨ ਅਤੇ ਪੁਲਸ ਕਾਫੀ ਸਮੇਂ ਤੋਂ ਉਸ ਨੂੰ ਗ੍ਰਿਫਤਾਰ ਕਰਨ ਦੀ ਤਿਆਰੀ ਕਰ ਰਹੀ ਸੀ। ਜਾਣਕਾਰੀ ਹੈ ਕਿ ਅੱਜ ਅੰਮ੍ਰਿਤਪਾਲ ਸਿੰਘ ਦੀ ਤਰਫੋਂ ਜਲੰਧਰ ਦੇ ਸ਼ਾਹਕੋਟ ਮਲਸੀਆਂ ਤੋਂ ਖਾਲਸਾ ਵਹੀਰ ਕੱਢੀ ਜਾਣੀ ਸੀ। ਗੁਰਦੁਆਰਾ ਸਾਹਿਬ ਵਿਖੇ ਭਾਰੀ ਗਿਣਤੀ ਵਿਚ ਸਮਰਥਕ ਇਕੱਠੇ ਹੋਏ ਸਨ ਪਰ ਸਵੇਰ ਤੋਂ ਹੀ ਭਾਰੀ ਪੁਲਿਸ ਫੋਰਸ ਉਨ੍ਹਾਂ ਦੇ ਕਾਫਲੇ ਦਾ ਪਿੱਛਾ ਕਰ ਰਹੀ ਸੀ ਅਤੇ ਜਦੋਂ ਇਹ ਕਾਫ਼ਲਾ ਸ਼ਾਹਕੋਟ ਪੁੱਜਾ ਤਾਂ ਪੁਲਿਸ ਫੋਰਸ ਨੇ ਘੇਰ ਲਿਆ। ਦੱਸ ਦਈਏ ਪੂਰੀ ਕਾਰਵਾਈ ਤੋਂ ਬਾਅਦ ਮੋਗਾ ਵਿੱਚ ਵੱਡੀ ਗਿਣਤੀ ਅੰਦਰ ਪੁਲਿਸ ਬਲ ਨੂੰ ਤਾਇਨਾਤ ਕੀਤਾ ਹੈ। ਇਹ ਵੀ ਕਿਹਾ ਜਾ ਰਿਹਾ ਹੈ ਕਿ ਅੰਮ੍ਰਿਤਪਾਲ ਨੂੰ ਆਜ਼ਾਦ ਕਰਵਾਉਣ ਲਈ ਲੋਕਾਂ ਨੂੰ ਪਹੁੰਚਣ ਦੀ ਅਪੀਲ ਵੀ ਕੀਤੀ ਗਈ ਹੈ।