ਚੰਡੀਗੜ੍ਹ: ਸੂਬੇ ਦੀ ਵਿੱਤੀ ਹਾਲਤ ਸੁਧਾਰਨ ਲਈ ਵਾਧੂ ਮਾਲੀਆ ਜੁਟਾਉਣ ਦੀ ਕੋਸ਼ਿਸ਼ ਵਜੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿੱਚ ਮੰਤਰੀ ਮੰਡਲ ਨੇ ਅੱਜ ਇੰਤਕਾਲ ਫੀਸ 300 ਰੁਪਏ ਤੋਂ ਵਧਾ ਕੇ 600 ਰੁਪਏ ਕਰਨ ਲਈ ਹਰੀ ਝੰਡੀ ਦੇ ਦਿੱਤੀ ਹੈ। ਇਸ ਫੈਸਲੇ ਨਾਲ ਸੂਬੇ ਦੇ ਖਜ਼ਾਨੇ ਨੂੰ ਲਗਪਗ 10 ਕਰੋੜ ਰੁਪਏ ਦੀ ਮਾਲੀ ਮਦਦ ਮਿਲੇਗੀ।
ਮੁੱਖ ਮੰਤਰੀ ਨੇ ਮਾਲ ਵਿਭਾਗ ਨੂੰ ਜ਼ਮੀਨ ਮਾਲਕਾਂ ਦੇ ਹਿੱਤ ਵਿੱਚ ਸਾਰੇ ਬਕਾਇਆ ਇੰਤਕਾਲ ਨਿਪਟਾਉਣ ਲਈ ਵਿਸ਼ੇਸ਼ ਮੁਹਿੰਮ ਵੀ ਚਲਾਉਣ ਲਈ ਆਖਿਆ ਹੈ।
ਮੁੱਖ ਮੰਤਰੀ ਨੇ ਮਾਲ ਵਿਭਾਗ ਨੂੰ ਇੰਤਕਾਲ ਫੀਸ ਵਸੂਲਣ ਅਤੇ ਜ਼ਮੀਨ ਦੀ ਰਜਿਸਟਰੀ ਮੌਕੇ ਇੰਤਕਾਲ ਲਈ ਦਸਤਾਵੇਜ਼ਾਂ ਨੂੰ ਛੇਤੀ ਮੁੰਕਮਲ ਕਰਨ 'ਤੇ ਵਿਚਾਰਨ ਕਰਨ ਦੇ ਹੁਕਮ ਦਿੱਤੇ ਤਾਂ ਕਿ ਇਸ ਸਬੰਧ ਵਿੱਚ ਬੇਲੋੜੀ ਦੇਰੀ ਨੂੰ ਰੋਕਿਆ ਜਾ ਸਕੇ। ਕੁਝ ਮੰਤਰੀਆਂ ਨੇ ਮੀਟਿੰਗ ਦੌਰਾਨ ਇਹ ਨੁਕਤਾ ਉਠਾਇਆ ਕਿ ਅਨੇਕਾਂ ਇੰਤਕਾਲ ਸਾਲਾਂ ਤੋਂ ਬਕਾਇਆ ਹਨ ਤਾਂ ਮੁੱਖ ਮੰਤਰੀ ਨੇ ਮੁੱਖ ਸਕੱਤਰ ਅਤੇ ਵਿੱਤ ਕਮਿਸ਼ਨਰ (ਮਾਲ) ਨੂੰ ਇਹ ਮਾਮਲਾ ਵਿਚਾਰਨ ਅਤੇ ਲੋੜੀਂਦੇ ਕਦਮ ਚੁੱਕਣ ਲਈ ਆਖਿਆ।