ਚੰਡੀਗੜ: ਸੂਬੇ ਵਿੱਚ ਫਸਲੀ ਵਿਭਿੰਨਤਾ ਨੂੰ ਹੁਲਾਰਾ ਦੇਣ ਅਤੇ ਕਿਸਾਨਾਂ ਨੂੰ ਨਰਮੇ ਦੀ ਖੇਤੀ ਨੂੰ ਉਤਸ਼ਾਹਤ ਕਰਨ ਲਈ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਨਰਮਾ ਕਿਸਾਨਾਂ ਨੂੰ ਉਨ੍ਹਾਂ ਦੀ ਮੰਗ ਅਨੁਸਾਰ ਅਪਰੈਲ ਮਹੀਨੇ ਨਹਿਰੀ ਪਾਣੀ ਮੁਹੱਈਆ ਕਰਵਾਉਣ ਲਈ ਜਲ ਸਰੋਤ ਵਿਭਾਗ ਵੱਲੋਂ ਪੂਰੀ ਤਿਆਰੀ ਕਰ ਲਈ ਗਈ ਹੈ। ਇਸ ਦੌਰਾਨ ਕਿਸਾਨਾਂ ਨੂੰ ਨਹਿਰੀ ਪਾਣੀ ਦੀ ਵਰਤੋਂ ਵੱਧ ਕਰਨ ਲਈ ਜਾਗਰੂਕਤਾ ਅਭਿਆਨ ਵੀ ਸ਼ੁਰੂ ਕੀਤੀ ਜਾ ਰਹੀ ਹੈ। ਇਹ ਜਾਣਕਾਰੀ ਚੰਡੀਗੜ੍ਹ ਵਿਖੇ ਮੁੱਖ ਸਕੱਤਰ ਵਿਜੈ ਕੁਮਾਰ ਜੰਜੂਆ ਨੇ ਅੱਜ ਪੰਜਾਬ ਸਿਵਲ ਸਕੱਤਰੇਤ ਵਿਖੇ ਜਲ ਸਰੋਤ, ਖੇਤੀਬਾੜੀ, ਸਕੂਲ ਸਿੱਖਿਆ ਤੇ ਪੁਲਿਸ ਵਿਭਾਗ ਦੇ ਅਧਿਕਾਰੀਆਂ ਨਾਲ ਉਚ ਪੱਧਰੀ ਮੀਟਿੰਗ ਉਪਰੰਤ ਦਿੱਤੀ।
ਜੰਜੂਆ ਨੇ ਦੱਸਿਆ ਕਿ ਮੁੱਖ ਮੰਤਰੀ ਦੇ ਨਿਰਦੇਸ਼ਾਂ ਤੋਂ ਬਾਅਦ ਜਲ ਸਰੋਤ ਤੇ ਖੇਤੀਬਾੜੀ ਵਿਭਾਗ ਵੱਲੋਂ ਮਿਲ ਕੇ 15 ਅਪਰੈਲ ਤੋਂ ਦੱਖਣੀ ਮਾਲਵਾ ਦੀ ਨਰਮਾ ਪੱਟੀ ਦੇ ਕਿਸਾਨਾਂ ਨੂੰ ਨਰਮੇ ਦੀ ਫਸਲ ਦੀ ਸਿੰਜਾਈ ਲਈ ਨਹਿਰੀ ਪਾਣੀ ਛੱਡਣ ਦੀ ਤਿਆਰੀ ਕਰ ਲਈ ਗਈ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਫਸਲੀ ਵਿਭਿੰਨਤਾ ਨੂੰ ਹੁਲਾਰਾ ਦੇਣ ਅਤੇ ਪਰਾਲੀ ਸਾੜਨ ਦੇ ਰੁਝਾਨ ਨੂੰ ਠੱਲ੍ਹ ਪਾਉਣ ਲਈ ਕਿਸਾਨਾਂ ਨੂੰ ਨਰਮੇ ਦੀ ਫਸਲ ਲਈ ਉਤਸ਼ਾਹਤ ਕੀਤਾ ਜਾ ਰਿਹਾ ਹੈ। ਕਿਸਾਨਾਂ ਵੱਲੋਂ ਮੰਗ ਕੀਤੀ ਗਈ ਸੀ ਕਿ ਜੇਕਰ ਅਪਰੈਲ ਮਹੀਨੇ ਵਿੱਚ ਨਹਿਰੀ ਪਾਣੀ ਮਿਲ ਜਾਵੇ ਤਾਂ ਨਰਮੇ ਦੀ ਫਸਲ ਲਈ ਬਹੁਤ ਲਾਹੇਵੰਦ ਹੋਵੇਗਾ। ਸੂਬਾ ਸਰਕਾਰ ਕਿਸਾਨਾਂ ਦੀ ਇਹ ਮੰਗ ਇਸ ਸਾਲ ਪੂਰੀ ਕਰਨ ਜਾ ਰਹੀ ਹੈ। ਇਸ ਸਬੰਧੀ ਖੇਤੀਬਾੜੀ ਤੇ ਜਲ ਸਰੋਤ ਵਿਭਾਗ ਵਧੇਰੇ ਤਾਲਮੇਲ ਲਈ ਨਿਰੰਤਰ ਮੀਟਿੰਗਾਂ ਕਰਨਗੇ।ਜੇਕਰ ਕਿਸੇ ਕਿਸਾਨ ਕੋਈ ਦਿੱਕਤ ਆਵੇ ਤਾਂ ਉਹ ਟੋਲ ਫਰੀ ਨੰਬਰ 1100 ਉੱਤੇ ਕਾਲ ਕਰ ਸਕਦਾ ਹਨ।