ਚੰਡੀਗੜ੍ਹ: ਨਵਜੋਤ ਸਿੰਘ ਸਿੱਧੂ ਨੇ ਰਾਹੁਲ ਗਾਂਧੀ ਨੂੰ ਚਿੱਠੀ ਲਿਖ ਕੇ ਕੈਬਨਿਟ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਜਿਸ ਤੋਂ ਬਾਅਦ ਉਨ੍ਹਾਂ ਆਪਣਾ ਅਸਤੀਫ਼ਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਵੀ ਭੇਜ ਦਿੱਤਾ ਹੈ। ਸੋਮਵਾਰ ਨੂੰ ਨਵਜੋਤ ਸਿੰਘ ਸਿੱਧੂ ਨੇ ਆਪਣੇ ਟਵਿੱਟਰ 'ਤੇ ਇਸ ਸਬੰਧੀ ਜਾਣਕਾਰੀ ਦਿੱਤੀ। ਉਨ੍ਹਾਂ ਟਵੀਟ ਕਰਦਿਆਂ ਕਿਹਾ, "ਅੱਜ ਮੈਂ ਆਪਣਾ ਅਸਤੀਫ਼ਾ ਪੰਜਾਬ ਦੇ ਮੁੱਖ ਮੰਤਰੀ ਪੰਜਾਬ ਨੂੰ ਉਨ੍ਹਾਂ ਦੀ ਸਰਕਾਰੀ ਰਿਹਾਇਸ਼ 'ਤੇ ਭੇਜ ਦਿੱਤਾ ਹੈ।"
ਜ਼ਿਕਰਯੋਗ ਹੈ ਕਿ ਨਵਜੋਤ ਸਿੰਘ ਸਿੱਧੂ ਨੇ ਇਹ ਅਸਤੀਫ਼ਾ ਰਾਹੁਲ ਗਾਂਧੀ ਨੂੰ 10 ਜੂਨ ਨੂੰ ਹੀ ਸੌਂਪ ਦਿੱਤਾ ਸੀ। ਇਸ ਤੋਂ ਪਹਿਲਾਂ 10 ਜੂਨ ਨੂੰ ਹੀ ਸਿੱਧੂ ਨੇ ਦਿੱਲੀ ਜਾ ਕੇ ਰਾਹੁਲ ਗਾਂਧੀ, ਪ੍ਰਿਯੰਕਾ ਗਾਂਧੀ ਤੇ ਅਹਿਮਦ ਪਟੇਲ ਨਾਲ ਮੁਲਾਕਾਤ ਕੀਤੀ ਸੀ। ਨਵਜੋਤ ਸਿੰਘ ਸਿੱਧੂ ਦੇ ਅਸਤੀਫ਼ੇ ਤੋਂ ਬਾਅਦ ਵਿਰੋਧੀਆਂ ਵੱਲੋਂ ਜ਼ੁਬਾਨੀ ਜੰਗ ਸ਼ੁਰੂ ਹੋ ਗਈ। ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਸਿੱਧੂ ਦੇ ਅਸਤੀਫ਼ੇ ਨੂੰ ਮਹਿਜ ਡਰਾਮਾ ਦੱਸਿਆ ਸੀ।