ਚੰਡੀਗੜ੍ਹ:ਅਮਰੀਕਾ ਦੇ ਨਿਊਯਾਰਕ ਪੁਲਿਸ ਵਿਭਾਗ ਨੇ ਇੱਕ ਸਿੱਖ ਫੌਜੀ ਨੂੰ ਦਾੜ੍ਹੀ ਰੱਖਣ ਤੋਂ ਰੋਕਣ ’ਤੇ ਸਿੱਥ ਜਥੇਬੰਦੀਆਂ ਵਿੱਚ ਰੋਸ ਪਾਇਆ ਜਾ ਰਿਹਾ ਹੈ। ਇਸ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਨਿਯਮਾਂ ਦੀ ਸਖ਼ਤ ਆਲੋਚਨਾ ਕਰਦੇ ਹੋਏ ਕਿਹਾ ਕਿ ਅਮਰੀਕਾ ਦੇ ਸਰਬਪੱਖੀ ਵਿਕਾਸ ਵਿੱਚ ਸਿੱਖਾਂ ਦੇ ਯੋਗਦਾਨ ਨੂੰ ਨਜ਼ਰਅੰਦਾਜ਼ ਨਹੀਂ ਕੀਤਾ ਜਾ ਸਕਦਾ ਹੈ। ਉਹਨਾਂ ਨੇ ਕਿਹਾ ਕਿ ਭਾਰਤ ਸਰਕਾਰ ਨੂੰ ਇਸ ਸਬੰਧੀ ਜਲਦ ਤੋਂ ਜਲਦ ਕੋਈ ਐਕਸ਼ਨ ਲੈਣਾ ਚਾਹੀਦਾ ਹੈ।
ਜਥੇਦਾਰ ਗਿਆਨੀ ਰਘਬੀਰ ਸਿੰਘ ਦੀ ਵਿਦੇਸ਼ ਮੰਤਰਾਲੇ ਨੂੰ ਅਪੀਲ:ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਕਾਫੀ ਸਮਾਂ ਪਹਿਲਾਂ ਸਿੱਖਾਂ ਨੇ ਆਪਣੀ ਸਿੱਖ ਦਿੱਖ ਨਾਲ ਅਮਰੀਕੀ ਫੌਜ ਅਤੇ ਸਿਵਲ ਸੇਵਾਵਾਂ ਵਿੱਚ ਸੇਵਾ ਕਰਨ ਦੀ ਕਾਨੂੰਨੀ ਲੜਾਈ ਜਿੱਤ ਲਈ ਸੀ, ਜਿਸ ਤੋਂ ਬਾਅਦ ਸਿੱਖਾਂ ਨੂੰ ਧਾਰਮਿਕ ਆਜ਼ਾਦੀ ਨਾਲ ਹਰ ਖੇਤਰ ਵਿੱਚ ਘੁੰਮਣ-ਫਿਰਨ ਦੀ ਇਜਾਜ਼ਤ ਦਿੱਤੀ ਗਈ ਸੀ, ਪਰ ਨਿਊਯਾਰਕ ਪੁਲਿਸ ਵਿਭਾਗ ਵੱਲੋਂ ਇੱਕ ਸਿੱਖ ਫੌਜੀ ਨੂੰ ਦਾੜ੍ਹੀ ਰੱਖਣ ਤੋਂ ਰੋਕਣਾ ਹੈਰਾਨ ਕਰਨ ਵਾਲਾ ਹੈ। ਉਹਨਾਂ ਨੇ ਕਿਹਾ ਕਿ ਵਿਦੇਸ਼ ਮੰਤਰਾਲੇ ਨੂੰ ਅਮਰੀਕੀ ਪੁਲਿਸ ਨਾਲ ਇਸ ਸਬੰਧੀ ਗੱਲ ਕਰਨੀ ਚਾਹੀਦੀ ਹੈ ਤਾਂ ਜੋ ਸਿੱਖਾਂ ਨੂੰ ਆਪਣਾ ਅਧਿਕਾਰੀ ਮਿਲ ਸਕੇ।