ਚੰਡੀਗੜ੍ਹ:ਪੰਜਾਬ ਵਿੱਚ ਇਕ ਵਾਰ ਫਿਰ ਤੋਂ ਡਰ ਅਤੇ ਸਹਿਮ ਦਾ ਮਾਹੌਲ ਪੈਦਾ ਹੋ ਗਿਆ ਹੈ। ਤਰਨਤਾਰਨ ਦੇ ਥਾਣਾ ਸਰਹਾਲੀ ਥਾਣੇ ਵਿਚ ਦੇਰ ਰਾਤ ਰਾਕੇਟ ਲਾਂਚਰ ਨਾਲ ਹਮਲਾ ਹੋਇਆ ਹੈ। ਹਾਲਾਂਕਿ ਇਸ ਹਮਲੇ ਦੌਰਾਨ ਕੋਈ ਵੱਡਾ ਨੁਕਸਾਨ ਨਹੀਂ ਹੋਇਆ, ਪਰ ਪੰਜਾਬ ਵਿਚ ਦਹਿਸ਼ਤ ਪਾਉਣ ਦੀ ਵੱਡੀ ਕੋਸ਼ਿਸ਼ ਜ਼ਰੂਰ ਕੀਤੀ ਗਈ। ਥਾਣੇ ਦੀ ਇਮਾਰਤ ਇਸ ਹਮਲੇ ਦੌਰਾਨ ਬੁਰੀ ਤਰ੍ਹਾਂ ਨੁਕਸਾਨੀ ਗਈ। ਇਸ ਹਮਲੇ ਤੋਂ ਬਾਅਦ ਪੁਲਿਸ ਨੇ ਪੂਰੇ ਇਲਾਕੇ ਨੂੰ ਸੀਲ ਕਰ ਦਿੱਤਾ ਹੈ। ਗੌਰਤਲਬ ਹੈ ਕਿ ਇਹ ਉਹੀ ਥਾਂ ਹੈ ਜਿੱਥੇ ਬਦਨਾਮ ਗੈਂਗਸਟਰ ਹਰਵਿੰਦਰ ਸਿੰਘ ਉਰਫ਼ ਰਿੰਦਾ ਦਾ ਜੱਦੀ ਘਰ ਹੈ। ਖੂਫੀਆ ਏਜੰਸੀਆਂ ਨੇ ਵੀ ਇਸ ਮਾਮਲੇ ਦੀ ਪੁਸ਼ਟੀ ਕੀਤੀ ਹੈ। ਖਦਸ਼ਾ ਜਤਾਇਆ ਜਾ ਰਿਹਾ ਹੈ ਕਿ ਸਿੱਧੀ ਹਿੱਟ ਨਾ ਹੋਣ ਕਾਰਨ ਇਸ ਦਾ ਅਸਰ ਘਟ ਗਿਆ ਹੈ। ਇਸ ਦਹਿਸ਼ਤ ਭਰੀ ਘਟਨਾ ਤੋਂ ਬਾਅਦ ਸਿਆਸਤ ਗਰਮਾ ਗਈ ਹੈ ਅਤੇ ਹੁਣ ਸਿਆਸੀ ਆਗੂਆਂ ਦੇ ਨਿਸ਼ਾਨੇ 'ਤੇ ਸਿੱਧੀ ਪੰਜਾਬ ਸਰਕਾਰ ਆ ਗਈ ਹੈ। ਵੱਖ - ਵੱਖ ਸਿਆਸੀ ਪ੍ਰਤੀਕਿਰਆਵਾਂ ਇਸ ਹਮਲੇ ਤੋਂ ਬਾਅਦ ਸਾਹਮਣੇ ਆਈਆਂ ਹਨ।
ਵਿਰੋਧੀਆਂ ਦੇ ਸਵਾਲਾਂ ਦੇ ਘੇਰੇ 'ਚ AAP ਸਰਕਾਰ:ਇਸ ਘਟਨਾ ਦੇ ਸਾਹਮਣੇ ਆਉਣ ਤੋਂ ਬਾਅਦ ਪੰਜਾਬ ਦੇ ਸਾਬਕਾ ਮੰਤਰੀ ਅਤੇ ਭਾਜਪਾ ਦੇ ਸੀਨੀਅਰ ਨੇਤਾ ਰਾਜ ਕੁਮਾਰ ਵੇਰਕਾ ਨੇ ਸੂਬੇ ਦੀ ਕਾਨੂੰਨ ਵਿਵਸਥਾ ਨੂੰ ਲੈ ਕੇ ਸਰਕਾਰ ਨੂੰ ਘੇਰਿਆ ਹੈ। ਰਾਜ ਕੁਮਾਰ ਵੇਰਕਾ ਨੇ ਕਿਹਾ ਕਿ ਪੰਜਾਬ ਵਿੱਚ ਅਮਨ-ਕਾਨੂੰਨ ਦਾ ਮਜ਼ਾਕ ਉੱਡ ਗਿਆ ਹੈ। ਤਰਨਤਾਰਨ ਵਿੱਚ ਆਰਪੀਜੀ ਹਮਲਾ ਦਰਸਾਉਂਦਾ ਹੈ ਕਿ ਪੰਜਾਬ ਸੁਰੱਖਿਅਤ ਨਹੀਂ ਹੈ ਪੰਜਾਬ ਸੁਰੱਖਿਅਤ ਹੱਥਾਂ ਵਿੱਚ ਨਹੀਂ ਹੈ। ਰਾਜ ਕੁਮਾਰ ਵੇਰਕਾ ਨੇ ਕਿਹਾ ਕਿ ਸਰਕਾਰ ਕਾਨੂੰਨ ਵਿਵਸਥਾ ਪ੍ਰਤੀ ਗੰਭੀਰ ਨਹੀਂ ਹੈ। ਉਨ੍ਹਾਂ ਕਿਹਾ ਕਿ ਮੈਂ ਪੰਜਾਬ ਦੇ ਰਾਜਪਾਲ ਨੂੰ ਬੇਨਤੀ ਕਰਦਾ ਹਾਂ ਕਿ ਉਹ ਇਸ ਦਾ ਸਖ਼ਤ ਨੋਟਿਸ ਲੈਣ ਅਤੇ ਪੰਜਾਬ ਸਰਕਾਰ ਨੂੰ ਹਦਾਇਤਾਂ ਜਾਰੀ ਕਰਨ ਕਿ ਇਧਰ-ਉਧਰ ਘੁੰਮਣ ਦੀ ਬਜਾਏ ਸਰਕਾਰ ਪੰਜਾਬ ਵੱਲ ਧਿਆਨ ਦੇਵੇ। ਸਰਕਾਰ ਨੂੰ ਪੰਜਾਬ ਦੀ ਚਿੰਤਾ ਨਹੀਂ, ਕੇਜਰੀਵਾਲ ਦੀ ਚਿੰਤਾ ਹੈ। ਕੇਜਰੀਵਾਲ ਕਾਨੂੰਨ ਵਿਵਸਥਾ ਚਲਾ ਰਿਹਾ ਹੈ, ਇਸ ਲਈ ਕਾਨੂੰਨ ਵਿਵਸਥਾ ਫੇਲ੍ਹ ਹੋ ਰਹੀ ਹੈ।
"ਪੰਜਾਬ ਨਹੀਂ ਸਾਂਭ ਪਾ ਰਹੀ ਆਮ ਆਦਮੀ ਪਾਰਟੀ":ਅਕਾਲੀ ਦਲ ਦੇ ਸੀਨੀਅਰ ਆਗੂ ਮਹੇਸ਼ਇੰਦਰ ਸਿੰਘ ਗਰੇਵਾਲ ਨੇ ਪੰਜਾਬ ਦੀ ਵਿਗੜ ਰਹੀ ਕਾਨੂੰਨ ਵਿਵਸਥਾ ਨੂੰ ਲੈ ਕੇ ਆਮ ਆਦਮੀ ਪਾਰਟੀ ਦੀ ਸਰਕਾਰ 'ਤੇ ਨਿਸ਼ਾਨਾ ਸਾਧਿਆ ਹੈ। ਇਸ ਤੋਂ ਇਲਾਵਾ ਉਨ੍ਹਾਂ ਆਰ.ਪੀ.ਜੀ ਹਮਲੇ ਦਾ ਵੀ ਜ਼ਿਕਰ ਕਰਦਿਆਂ ਕਿਹਾ ਕਿ ਅਜਿਹੀਆਂ ਘਟਨਾਵਾਂ ਲਗਾਤਾਰ ਵਾਪਰ ਰਹੀਆਂ ਹਨ, ਜਿਸ ਬਾਰੇ ਪੰਜਾਬ ਸਰਕਾਰ ਗੰਭੀਰ ਹੋਣਾ ਚਾਹੀਦਾ ਹੈ।