ਚੰਡੀਗੜ੍ਹ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਭਰ ਵਿੱਚ ਝੋਨੇ ਦੀ ਸੁਚਾਰੂ ਢੰਗ ਨਾਲ ਬਿਜਾਈ ਨੂੰ ਯਕੀਨੀ ਬਣਾਉਣ ਲਈ ਕਿਸਾਨਾਂ ਨੂੰ ਨਿਰਵਿਘਨ ਬਿਜਲੀ ਮੁਹੱਈਆ ਕਰਵਾਉਣ ਲਈ ਪੂਰੀ ਤਰ੍ਹਾਂ ਤਿਆਰ ਹੈ। ਇੱਥੇ ਜਾਰੀ ਇੱਕ ਬਿਆਨ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਪਿਛਲੇ ਸਾਲ ਦੀ ਤਰ੍ਹਾਂ ਸੂਬੇ ਭਰ ਵਿੱਚ ਝੋਨੇ ਦੀ ਬਿਜਾਈ ਪੜਾਅਵਾਰ ਸ਼ੁਰੂ ਕਰਨ ਦਾ ਫੈਸਲਾ ਕੀਤਾ ਹੈ। ਉਨ੍ਹਾਂ ਦੱਸਿਆ ਕਿ ਸੂਬੇ ਦੇ ਕੁਝ ਹਿੱਸਿਆਂ ਵਿੱਚ ਝੋਨੇ ਦੀ ਲੁਆਈ 10 ਜੂਨ ਤੋਂ ਸ਼ੁਰੂ ਹੋ ਚੁੱਕੀ ਹੈ, ਜਦਕਿ ਬਾਕੀ ਹਿੱਸੇ ਅਗਲੇ ਪੜਾਵਾਂ ਅਧੀਨ 16, 19 ਅਤੇ 21 ਜੂਨ ਨੂੰ ਕਵਰ ਕੀਤੇ ਜਾਣਗੇ। ਭਗਵੰਤ ਮਾਨ ਨੇ ਕਿਹਾ ਕਿ ਇਸ ਲੁਆਈ ਪ੍ਰਕਿਰਿਆ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਲਈ ਸੂਬੇ ਨੂੰ ਚਾਰ ਜ਼ੋਨਾਂ ਵਿੱਚ ਵੰਡਿਆ ਗਿਆ ਹੈ।
ਮਾਨਸਾ ਵਿੱਚ ਝੋਨੇ ਦੀ ਲੁਆਈ 21 ਜੂਨ ਤੋਂ ਸ਼ੁਰੂ: ਮੁੱਖ ਮੰਤਰੀ ਨੇ ਦੱਸਿਆ ਕਿ ਪਹਿਲੇ ਪੜਾਅ ਅਧੀਨ ਸਰਹੱਦ ‘ਤੇ ਕੰਡਿਆਲੀ ਤਾਰ ਤੋਂ ਪਾਰ ਦੇ ਖੇਤਰਾਂ ਵਿੱਚ ਇਹ ਲੁਆਈ 10 ਜੂਨ ਤੋਂ ਸ਼ੁਰੂ ਹੋ ਗਈ ਹੈ। ਉਨ੍ਹਾਂ ਕਿਹਾ ਕਿ ਅੱਜ ਭਾਵ 16 ਜੂਨ ਤੋਂ ਦੂਜੇ ਪੜਾਅ ਅਧੀਨ ਸੱਤ ਜ਼ਿਲ੍ਹਿਆਂ ਫਿਰੋਜ਼ਪੁਰ, ਫਰੀਦਕੋਟ, ਪਠਾਨਕੋਟ, ਸ੍ਰੀ ਫਤਹਿਗੜ੍ਹ ਸਾਹਿਬ, ਗੁਰਦਾਸਪੁਰ, ਐਸ.ਬੀ.ਐਸ.ਨਗਰ ਅਤੇ ਤਰਨਤਾਰਨ ਲਈ ਨਿਰਵਿਘਨ ਬਿਜਲੀ ਸਪਲਾਈ ਯਕੀਨੀ ਬਣਾਈ ਜਾਵੇਗੀ।