ਚੰਡੀਗੜ੍ਹ: ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵਿਧਾਇਕ ਪਰਗਟ ਸਿੰਘ ਨੂੰ ਮੁਲਾਕਾਤ ਦੇ ਲਈ ਚੰਡੀਗੜ੍ਹ ਬੁਲਾਇਆ ਹੈ। ਬੁੱਧਵਾਰ ਦੁਪਹਿਰ 2 ਵਜੇ ਕੈਪਟਨ ਅਤੇ ਪਰਗਟ ਸਿੰਘ ਦੀ ਮੁਲਾਕਾਤ ਹੋਵੇਗੀ।
ਦਰਅਸਲ ਪਰਗਟ ਸਿੰਘ ਵੱਲੋਂ ਮੁੱਖ ਮੰਤਰੀ ਨੂੰ ਲਿਖੀ ਗਈ ਚਿੱਠੀ ਤੋਂ ਬਾਅਦ ਸਿਆਸਤ ਭਖ ਗਈ ਹੈ। ਪਰਗਟ ਸਿੰਘ ਵੱਲੋਂ ਲਿਖੀ ਗਈ ਚਿੱਠੀ ਵਿੱਚ ਉਠਾਏ ਗਏ ਮੁੱਦਿਆਂ ਦੀ ਕਈ ਵਿਧਾਇਕਾਂ ਨੇ ਅੰਦਰੋਂ ਹੀ ਅੰਦਰ ਹਿਮਾਇਤ ਵੀ ਕੀਤੀ ਸੀ।
ਦੱਸ ਦਈਏ ਕਿ ਪਿਛਲੇ ਦਿਨੀਂ ਹੀ ਪਰਗਟ ਸਿੰਘ ਨੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਨਾਂਅ ਇੱਕ ਚਿੱਠੀ ਲਿਖੀ ਸੀ ਜਿਸ ਵਿੱਚ ਲਿਖਿਆ ਸੀ ਕਿ ਪੰਜਾਬ ਸਰਕਾਰ ਨੇ ਚੋਣਾਂ ਵੇਲੇ ਜਿਹੜੇ ਵਾਅਦੇ ਲੋਕਾਂ ਨਾਲ ਕੀਤੇ ਸਨ ਉਨ੍ਹਾਂ ਨੂੰ ਪੂਰਾ ਨਹੀਂ ਕੀਤਾ ਗਿਆ।
ਪਰਗਟ ਸਿੰਘ ਨੇ ਕਿਹਾ ਸੀ ਕਿ ਕੈਪਟਨ ਅਮਰਿੰਦਰ ਸਿੰਘ ਨੇ 2017 ਦੀਆਂ ਚੋਣਾਂ ਵੇਲੇ ਕਿਹਾ ਕਿ ਜੇ ਉਨ੍ਹਾਂ ਦੀ ਸਰਕਾਰ ਬਣ ਗਈ ਤਾਂ ਨਸ਼ੇ ਨੂੰ ਕਾਬੂ ਕੀਤਾ ਜਾਵੇਗਾ, ਰੇਤ ਮਾਫ਼ੀਆ ਨੂੰ ਨਕੇਲ ਪਾਈ ਜਾਵੇਗੀ ਜਿਸ ਤੋਂ ਬਾਅਦ ਲੋਕਾਂ ਨੇ ਉਨ੍ਹਾਂ ਨੂੰ ਜਿੱਤ ਦਵਾ ਕੇ ਸੱਤਾ ਵਿੱਚ ਭੇਜਿਆ ਸੀ ਪਰ ਨਾ ਤਾਂ ਸਰਕਾਰ ਨਸ਼ਾ ਰੋਕ ਸਕੀ ਹੈ ਅਤੇ ਨਾ ਹੀ ਰੇਤ ਮਾਫ਼ੀਆ।
ਸ਼ਾਇਦ ਇਹ ਪਹਿਲਾ ਮੌਕਾ ਹੈ ਜਦੋਂ ਵਿਧਾਇਕ ਪਰਗਟ ਸਿੰਘ ਵੱਲੋਂ ਚੁੱਕੇ ਮੁੱਦਿਆਂ ਨੂੰ ਲੈ ਕੇ ਕੈਪਟਨ ਨੇ ਉਨ੍ਹਾਂ ਨੂੰ ਮੁਲਾਕਾਤ ਲਈ ਬੁਲਾਇਆ ਹੈ, ਇਸ ਤੋਂ ਪਹਿਲਾਂ ਪਟਿਆਲਾ ਦੇ ਵਿਧਾਇਕ ਪਿਛਲੇ ਕਈ ਸਮੇਂ ਤੋਂ ਰੌਲਾ ਪਾ ਰਹੇ ਹਨ ਪਰ ਉਨ੍ਹਾਂ ਨੂੰ ਅੱਜ ਤੱਕ ਮੀਟਿੰਗ ਲਈ ਨਹੀਂ ਬੁਲਾਇਆ ਗਿਆ।