ਚੰਡੀਗੜ੍ਹ:ਦਸਮ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਵਿਸ਼ਵ ਦੇ ਧਾਰਮਿਕ ਇਤਿਹਾਸ ਅੰਦਰ ਉਹ ਰਹਿਬਰ ਹਨ, ਜਿਨ੍ਹਾਂ ਦਾ ਜੀਵਨ ਅਤੇ ਸ਼ਖ਼ਸੀਅਤ ਮਾਨਵਤਾ ਲਈ ਚਾਨਣ ਮੁਨਾਰਾ ਹੈ। ਗੁਰੂ ਸਾਹਿਬ ਜੀ ਨੇ ਆਪਣਾ ਸਰਬੰਸ ਧਰਮ ਤੇ ਮਨੁੱਖੀ ਕਦਰਾਂ-ਕੀਮਤਾਂ ਦੀ ਮਜ਼ਬੂਤੀ ਅਤੇ ਜ਼ੁਲਮ ਦੇ ਖ਼ਾਤਮੇ ਲਈ ਕੁਰਬਾਨ ਕੀਤਾ। ਇਹ ਕੋਈ ਛੋਟੀ ਗੱਲ ਨਹੀਂ ਹੈ ਕਿ ਗੁਰੂ ਸਾਹਿਬ ਨੇ ਆਪਣਾ ਸਾਰਾ ਪਰਿਵਾਰ ਵਾਰ ਕੇ ਵੀ ਕੋਈ ਗਿਲਾ ਨਹੀਂ, ਸਗੋਂ ਕਰਤਾ ਪੁਰਖ ਦਾ ਸ਼ੁਕਰਾਨਾ ਹੀ ਕੀਤਾ। ਅੱਜ ਦੇਸ਼ ਵਿਦੇਸ਼ਾਂ 'ਚ ਬੈਠੀ ਸਮੁੱਚੀ ਸਿੱਖ ਸੰਗਤ ਵਲੋਂ ਦਸਮ ਪਾਤਸ਼ਾਹ ਸਾਹਿਬ ਏ ਕਮਾਲ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਬੜੀ ਸ਼ਰਧਾ ਨਾਲ ਮਨਾਇਆ ਜਾ ਰਿਹਾ ਹੈ। ਇਸ ਮੌਕੇ ਸਿਆਸੀ ਆਗੂਆਂ ਵਲੋਂ ਵੀ ਜਿਥੇ ਦਸਮ ਪਾਤਸ਼ਾਹ ਦੀ ਕੁਰਬਾਨੀ ਨੂੰ ਯਾਦ ਕੀਤਾ ਜਾ ਰਿਹਾ ਤਾਂ ਉਥੇ ਹੀ ਪ੍ਰਕਾਸ਼ ਪੁਰਬ ਦੀ ਵਧਾਈ ਵੀ ਦਿੱਤੀ ਗਈ।
ਇਸ ਮੌਕੇ ਸੋਸ਼ਲ ਮੀਡੀਆ ਐਕਸ 'ਤੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਲਿਖਿਆ ਕਿ, ਮੈਂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੂੰ ਉਨ੍ਹਾਂ ਦੇ ਪ੍ਰਕਾਸ਼ ਉਤਸਵ 'ਤੇ ਸ਼ਰਧਾਂਜਲੀ ਭੇਂਟ ਕਰਦਾ ਹਾਂ ਅਤੇ ਉਨ੍ਹਾਂ ਦੀ ਦਲੇਰੀ ਅਤੇ ਦਯਾ ਨੂੰ ਯਾਦ ਕਰਦਾ ਹਾਂ। ਉਨ੍ਹਾਂ ਦਾ ਜੀਵਨ ਬਹੁਤ ਸਾਰੇ ਲੋਕਾਂ ਲਈ ਤਾਕਤ ਦਾ ਸਰੋਤ ਹੈ।
ਇਸ ਦੇ ਨਾਲ ਹੀ ਦੇਸ਼ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਆਪਣੇ ਸੋਸ਼ਲ ਮੀਡੀਆ ਐਕਸ 'ਤੇ ਲਿਖਿਆ ਕਿ, ਸਿੱਖ ਧਰਮ ਦੇ ਦਸਵੇਂ ਗੁਰੂ ਅਤੇ ਖਾਲਸਾ ਪੰਥ ਦੇ ਬਾਨੀ ਸਰਬੰਸਦਾਨੀ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਨੂੰ ਉਨ੍ਹਾਂ ਦੇ ਪ੍ਰਕਾਸ਼ ਪੁਰਬ 'ਤੇ ਕੋਟਿ-ਕੋਟਿ ਪ੍ਰਣਾਮ। ਤਿਆਗ ਅਤੇ ਬਹਾਦਰੀ ਦੇ ਪ੍ਰਤੀਕ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਦੇਸ਼ ਦੀ ਸੰਸਕ੍ਰਿਤੀ ਅਤੇ ਧਰਮ ਦੀ ਰੱਖਿਆ ਲਈ ਆਪਣਾ ਸਭ ਕੁਝ ਕੁਰਬਾਨ ਕਰਕੇ ਸਿੱਖ ਗੁਰੂਆਂ ਦੀ ਮਹਾਨ ਪਰੰਪਰਾ ਨੂੰ ਅੱਗੇ ਤੋਰਿਆ। ਸਮੁੱਚਾ ਦੇਸ਼ ਉਨ੍ਹਾਂ ਦੇ ਤਿਆਗ ਅਤੇ ਕੁਰਬਾਨੀ ਲਈ ਸਦਾ ਰਿਣੀ ਰਹੇਗਾ।
ਇਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਲਿਖਿਆ ਕਿ, ਸਾਹਿਬ-ਏ-ਕਮਾਲ, ਸੰਤ ਸਿਪਾਹੀ, ਮਹਾਨ ਰਹਿਬਰ ਕਲਗੀਧਰ ਪਾਤਸ਼ਾਹ ਧੰਨ ਧੰਨ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ …ਜਿਨ੍ਹਾਂ ਨੇ ਖ਼ਾਲਸਾ ਪੰਥ ਦੀ ਸਾਜਨਾ ਕਰ ਸਮੁੱਚੀ ਸਿੱਖ ਕੌਮ ਨੂੰ ਪੂਰੀ ਦੁਨੀਆ ‘ਚ ਵੱਖਰੀ ਪਹਿਚਾਣ ਦਿੱਤੀ। ਅੱਜ ਗੁਰੂ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਦੀਆਂ ਦੇਸ਼-ਵਿਦੇਸ਼ਾਂ ‘ਚ ਵੱਸਦੀਆਂ ਸਮੂਹ ਸੰਗਤਾਂ ਨੂੰ ਲੱਖ-ਲੱਖ ਵਧਾਈਆਂ।