ਚੰਡੀਗੜ੍ਹ: ਸੂਤਰਾਂ ਦੇ ਹਵਾਲੇ ਤੋਂ ਵੱਡੀ ਖਬਰ ਹੈ ਕਿ ਪੰਜਾਬ ਅੰਦਰ 4 ਜਨਵਰੀ ਨੂੰ ਪ੍ਰਧਾਨ ਮੰਤਰੀ ਸੁਰੱਖਿਆ ਲੈਪਸ ਮਾਮਲੇ 'ਚ ਜਲਦ ਹੀ ਵੱਡੀ ਕਾਰਵਾਈ ਨੂੰ ਅਮਲ ਵਿੱਚ ਲਿਆਂਦਾ ਜਾ ਸਕਦਾ ਹੈ। ਸੂਤਰਾਂ ਮੁਤਾਬਿਕ ਤਤਕਾਲੀ ਡੀਜੀਪੀ, ਤਤਕਾਲੀ ਚੀਫ ਸੈਕਟਰ ਸਮੇਤ 9 ਵੱਡੇ ਅਧਿਕਾਰੀਆਂ 'ਤੇ ਕਾਰਵਾਈ ਕਰਨ ਦੀ ਤਿਆਰੀ ਕਰ ਲਈ ਗਈ ਹੈ। ਪ੍ਰਧਾਨ ਮੰਤਰੀ ਦੀ ਸੁਰੱਖਿਆ ਦੇ ਸਬੰਧ ਵਿੱਚ ਕੇਂਦਰ ਨੇ ਰਿਪੋਰਟ ਤਿਆਰ ਕੀਤੀ ਹੈ ਜਿਸ ਦੇ ਆਧਾਰ ਉੱਤੇ ਪੰਜਾਬ ਸਰਕਾਰ ਨੂੰ ਆਪਣੇ ਅਧਿਕਾਰੀਆਂ ਖਿਲਾਫ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ ਗਏ ਨੇ। ਇਸ ਤੋਂ ਇਲਾਵਾ ਕਿਹਾ ਜਾ ਰਿਹਾ ਹੈ ਕਿ ਪੰਜਾਬ ਸਰਕਾਰ ਵੱਲੋਂ ਇਨ੍ਹਾਂ ਅਧਿਕਾਰੀਆਂ ਖਿਲਾਫ ਚਾਰਜਸ਼ੀਟ ਤਿਆਰ ਕਰ ਲਈ ਗਈ ਹੈ ਅਤੇ ਮਨਜ਼ੂਰੀ ਤੋਂ ਬਾਅਦ ਇਸ ਦੀ ਫਾਈਲ ਮੁੱਖ ਮੰਤਰੀ ਨੂੰ ਭੇਜ ਦਿੱਤੀ ਗਈ ਹੈ, ਜਿਸ ਤਹਿਤ ਇਨ੍ਹਾਂ ਅਧਿਕਾਰੀਆਂ ਖਿਲਾਫ ਵੱਡੀ ਕਾਰਵਾਈ ਕੀਤੀ ਜਾ ਸਕਦੀ ਹੈ।
ਹਰਪਾਲ ਚੀਮਾ ਨੇ ਸਹਿਯੋਗ ਦਾ ਦਿੱਤਾ ਭਰੋਸਾ:ਦੱਸ ਦਈਏ ਪਿਛਲੇ ਸਾਲ ਜਨਵਰੀ ਮਹੀਨੇ ਵਿੱਚ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਦੀ ਸੁਰੱਖਿਆ ਵਿੱਚ ਪੰਜਾਬ ਚੋਣਾਂ ਦੌਰਾਨ ਕੁਤਾਹੀ ਲਈ ਜ਼ਿੰਮੇਵਾਰ ਅਧਿਕਾਰੀਆਂ ਖ਼ਿਲਾਫ਼ ਕਾਰਵਾਈ ਵਿੱਚ ਦੇਰੀ ਤੋਂ ਨਾਰਾਜ਼ ਕੇਂਦਰ ਨੇ ਪੰਜਾਬ ਸਰਕਾਰ ਤੋਂ ਕਾਰਵਾਈ ਦੀ ਰਿਪੋਰਟ ਮੰਗੀ ਸੀ। ਇਸ ਤੋਂ ਮਗਰੋਂ ਪੰਜਾਬ ਦੇ ਖ਼ਜ਼ਾਨਾ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਕਿਹਾ ਗਿਆ ਹੈ ਕਿ ਜੇਕਰ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਦੀ ਗੱਲ ਕਰੀਏ ਤਾਂ ਉਹ ਸਾਡੇ ਸਾਰਿਆਂ ਦੇ ਅਤੇ ਦੇਸ਼ ਦੇ ਪ੍ਰਧਾਨ ਮੰਤਰੀ ਹਨ, ਜਿਸ ਤਰੀਕੇ ਨਾਲ ਉਨ੍ਹਾਂ ਦੀ ਸੁਰੱਖਿਆ 'ਚ ਕੁਤਾਹੀ ਕੀਤੀ ਗਈ ਹੈ ਸਰਕਾਰ ਉਸ ਵਿਰੁੱਧ ਕਾਰਵਾਈ ਕਰੇਗੀ। ਉਨ੍ਹਾਂ ਕਿਹਾ ਜੋ ਵੀ ਦੋਸ਼ੀ ਪਾਇਆ ਜਾਵੇਗਾ ਉਸ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ। ਇਸ ਤੋਂ ਇਲਾਵਾ ਬੀਤੇ ਦਿਨ ਪੰਜਾਬ ਕਾਂਗਰਸ ਦੇ ਆਗੂ ਅਤੇ ਰਾਜਸਥਾਨ ਕਾਂਗਰਸ ਦੇ ਇੰਚਾਰਜ ਸੁਖਜਿੰਦਰ ਰੰਧਾਵਾ ਵੱਲੋਂ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਦੇ ਖਾਤਮੇ ਸਬੰਧੀ ਦਿੱਤੇ ਵਿਵਾਦਤ ਬਿਆਨ ਬਾਰੇ ਉਨ੍ਹਾਂ ਕਿਹਾ ਕਿ ਆਗੂਆਂ ਨੂੰ ਇਸ ਤਰ੍ਹਾਂ ਬਿਆਨਬਾਜ਼ੀ ਨਹੀਂ ਕਰਨੀ ਚਾਹੀਦੀ ਅਤੇ ਕੁਝ ਵੀ ਕਹਿਣ ਤੋਂ ਪਹਿਲਾਂ ਸੋਚ ਸਮਝ ਕੇ ਹੀ ਬਿਆਨ ਦੇਣਾ ਚਾਹੀਦਾ ਹੈ।