ਚੰਡੀਗੜ੍ਹ: ਨਵੇਂ ਖੇਤੀ ਕਾਨੂੰਨਾਂ ਅਤੇ ਵਜ਼ੀਫ਼ਾ ਘੁਟਾਲੇ ਵਿੱਚ ਪੰਜਾਬ ਸਰਕਾਰ ਵੱਲੋਂ ਕੈਬਿਨੇਟ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਦਿੱਤੀ ਕਲੀਨ ਚਿੱਟ ਦੇ ਖਿਲਾਫ ਆਮ ਆਦਮੀ ਪਾਰਟੀ ਵੱਲੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਸਿਸਵਾਂ ਫਾਰਮ ਹਾਊਸ ਦਾ ਘਿਰਾਉ ਕੀਤਾ ਗਿਆ। ਜਿੱਥੇ ਪੁਲਿਸ ਨੇ ਆਪ ਆਗੂਆਂ ਨੂੰ ਗ੍ਰਿਫਤਾਰ ਕਰ ਖਰੜ ਥਾਣੇ ਲਜਾਇਆ ਗਿਆ ਹੈ।
ਕੈਪਟਨ ਦੀ ਕੋਠੀ ਦਾ ਘਿਰਾਓ ਕਰਨ ਗਏ ਆਪ ਵਿਧਾਇਕਾਂ ਨੂੰ ਪੁਲਿਸ ਨੇ ਲਿਆ ਹਿਰਾਸਤ 'ਚ, ਕੁਝ ਸਮੇਂ ਬਾਅਦ ਰਿਹਾਅ ਇਸ ਦੌਰਾਨ ਆਪ ਆਗੂਆਂ ਅਤੇ ਪੁਲਿਸ ਵਿਚਕਾਰ ਤਲਖ਼ੀ ਵੀ ਵੇਖਣ ਨੂੰ ਮਿਲੀ। ਪੁਲਿਸ ਅਤੇ ਆਪ ਵਿਧਾਇਕਾਂ ਦੇ ਵਿੱਚ ਥੋੜ੍ਹੀ ਹੱਥਾਂ ਪਾਈ ਵੀ ਹੋਈ। ਇਸ ਮੌਕੇ ਆਪ ਵਿਧਾਇਕਾਂ ਦੇ ਵੱਲੋਂ ਜ਼ਬਰਦਸਤ ਰੋਸ ਪ੍ਰਗਟਾਇਆ ਗਿਆ।
ਇਸ ਮੌਕੇ ਈਟੀਵੀ ਭਾਰਤ ਨਾਲ ਗੱਲਬਾਤ ਕਰਦੇ ਹੋਏ ਆਪ ਵਿਧਾਇਕਾਂ ਨੇ ਕਿਹਾ ਉਹ ਗ੍ਰਿਫਤਾਰੀਆਂ ਤੋਂ ਡਰਦੇ ਨਹੀਂ ਹਨ। ਉਨ੍ਹਾਂ ਨੇ ਕਿਹਾ ਵਜ਼ੀਫੇ 'ਚ ਕਰੋੜਾ ਰੁਪਏ ਦੇ ਘੁਟਾਲੇ ਕਰਕੇ ਅੱਜ ਦਲਿਤ ਭਾਈਚਾਰੇ ਬੱਚਿਆਂ ਦੇ ਹੱਕ ਦੱਬੇ ਜਾ ਰਹੇ ਹਨ। ਆਮ ਆਦਮੀ ਪਾਰਟੀ ਨੇ ਮੰਗ ਕੀਤੀ ਕਿ ਸਾਧੂ ਸਿੰਘ ਧਰਮਸੋਤ ਨੂੰ ਤੁਰੰਤ ਬਰਖ਼ਾਸਤ ਕੀਤਾ ਜਾਏ ਤੇ ਜੇਲ੍ਹ ਵਿੱਚ ਭੇਜਿਆ ਜਾਵੇ। ਇਸ ਸਾਰੇ ਮਾਮਲੇ ਦੀ ਜਾਂਚ ਸੀਬੀਆਈ ਕਰੇ ਜਿਸ ਦੀ ਨਿਗਰਾਨੀ ਹਾਈ ਕੋਰਟ ਦਾ ਸਿਟਿੰਗ ਜੱਜ ਕਰੇ।
ਇਸ ਦੇ ਨਾਲ ਹੀ ਆਪ ਵਿਧਾਇਕਾਂ ਨੇ ਮੰਗ ਕੀਤੀ ਕਿ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਲਈ ਤੁਰੰਤ ਪੰਜਾਬ ਵਿਧਾਨ ਸਭਾ ਦਾ ਸੈਸ਼ਨ ਬੁਲਾਇਆ ਜਾਵੇ। ਆਲ ਪਾਰਟੀ ਮੀਟਿੰਗ ਸੱਦੀ ਜਾਵੇ ਜਿਸ ਵਿੱਚ ਕਿਸਾਨ ਜਥੇਬੰਦੀਆਂ ਵੀ ਹੋਣ, ਸ਼ੈਲਰ ਮਾਲਕ ਵੀ ਹੋਣ, ਖੇਤ ਮਜ਼ਦੂਰ ਵੀ ਹੋਣ।
ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਜਦੋਂ ਕਾਂਗਰਸ ਨੇ ਟਰੈਕਟਰ ਰੈਲੀ ਕਰਕੇ ਹਜ਼ਾਰਾਂ ਲੋਕਾਂ ਦਾ ਇਕੱਠ ਕੀਤਾ ਉਦੋਂ ਕੋਰੋਨਾ ਨਹੀਂ ਸੀ? ਅੱਜ ਉਨ੍ਹਾਂ ਕੋਰੋਨਾ ਦਾ ਬਹਾਨਾ ਬਣਾ ਕੇ ਗ੍ਰਿਫਤਾਰ ਕੀਤਾ ਜਾ ਰਿਹਾ ਹੈ। ਹਾਲਾਂਕਿ ਕੁਝ ਦੇਰ ਬਾਅਦ ਇਨ੍ਹਾਂ ਵਿਧਾਇਕਾਂ ਨੂੰ ਰਿਹਾਅ ਕਰ ਦਿੱਤਾ ਗਿਆ।