ਚੰਡੀਗੜ੍ਹ: ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਦੇ ਸਮਾਗਮਾਂ ਨੂੰ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹਨ ਲਈ ਸੈਰ-ਸਪਾਟਾ ਵਿਭਾਗ ਦੇ ਪ੍ਰਮੁੱਖ ਸਕੱਤਰ ਵਿਕਾਸ ਪ੍ਰਤਾਪ ਨੇ ਅੱਜ ਸਾਰੇ ਵਿਭਾਗਾਂ ਨੂੰ ਸਮੁੱਚੇ ਲੋੜੀਂਦੇ ਪ੍ਰਬੰਧ ਯਕੀਨੀ ਬਣਾਉਣ ਲਈ ਕਿਹਾ ਤਾਂ ਜੋ ਨੂੰ ਸੰਗਤ ਲਈ ਇਨ੍ਹਾਂ ਸਮਾਗਮਾਂ ਨੂੰ ਯਾਦਗਾਰੀ ਬਣਾਇਆ ਜਾ ਸਕੇ। ਇਸ ਮੌਕੇ ਉਨ੍ਹਾਂ ਨਾਲ ਇੰਸਪੈਕਟਰ ਜਨਰਲ ਆਫ ਪੁਲਿਸ ਨੌਨਿਹਾਲ ਸਿੰਘ ਅਤੇ ਡਿਪਟੀ ਕਮਿਸ਼ਨਰ ਡੀਪੀਐਸ ਖਰਬੰਦਾ ਵੀ ਮੌਜੂਦ ਸਨ।
ਪ੍ਰਮੁੱਖ ਸਕੱਤਰ ਨੇ ਕਿਹਾ ਕਿ 12 ਨਵੰਬਰ ਨੂੰ ਗੁਰੂ ਸਾਹਿਬ ਦਾ ਪ੍ਰਕਾਸ਼ ਪੁਰਬ ਸੰਸਾਰ ਭਰ ਵਿੱਚ ਸ਼ਰਧਾ ਭਾਵਨਾ ਨਾਲ ਮਨਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਇਸ ਪਾਵਨ ਪੁਰਬ ਨੂੰ ਨਾਯਾਬ ਢੰਗ ਮਨਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸਾਨੂੰ ਸਾਰਿਆਂ ਨੂੰ ਆਪਣੀ ਡਿਊਟੀ ਪੂਰੀ ਤਨਦੇਹੀ ਨਾਲ ਨਿਭਾਉਣੀ ਚਾਹੀਦੀ ਹੈ ਤਾਂ ਜੋ ਇਸ ਪਵਿੱਤਰ ਨਗਰੀ ਵਿਖੇ ਆਉਣ ਵਾਲੇ ਸ਼ਰਧਾਲੂਆਂ ਨੂੰ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ।
ਪ੍ਰਮੁੱਖ ਸਕੱਤਰ ਨੇ ਇਸ ਮੌਕੇ ਵੱਖ-ਵੱਖ ਵਿਭਾਗਾਂ ਵੱਲੋਂ ਸੁਲਤਾਨਪੁਰ ਲੋਧੀ ਆਉਣ ਵਾਲੇ ਸ਼ਰਧਾਲੂਆਂ ਦੀ ਸੁਵਿਧਾ ਲਈ ਕੀਤੇ ਗਏ ਪ੍ਰਬੰਧਾ ਦਾ ਜਾਇਜ਼ਾ ਵੀ ਲਿਆ। ਉਨ੍ਹਾਂ ਬਿਜਲੀ, ਟਰਾਂਸਪੋਰਟ, ਪੁਲਿਸ, ਵਾਟਰ ਸਪਲਾਈ ਅਤੇ ਸੈਨੀਟੇਸ਼ਨ, ਸਥਾਨਕ ਸਰਕਾਰਾਂ ਸਮੇਤ ਹੋਰ ਵਿਭਾਗਾਂ ਨੂੰ ਸ਼ਰਧਾਲੂਆਂ ਦੀ ਸਹੂਲਤ ਲਈ ਸੁਚੱਜੇ ਪ੍ਰਬੰਧ ਯਕੀਨੀ ਬਣਾਉਣ ਲਈ ਕਿਹਾ ਤਾਂ ਜੋ ਇਥੇ ਆਉਣ ਵਾਲੀ ਸੰਗਤ ਨੂੰ ਕਿਸੇ ਕਿਸਮ ਦੀ ਮੁਸ਼ਕਿਲ ਦਾ ਸਾਹਮਣਾ ਨਾ ਕਰਨਾ ਪਵੇ ਅਤੇ ਸ਼ਰਧਾਲੂ ਇਸ ਪੁਰਬ ਨੂੰ ਪੂਰੇ ਧਾਰਮਿਕ ਉਤਸ਼ਾਹ ਅਤੇ ਜੋਸ਼ ਨਾਲ ਮਨਾ ਸਕਣ।
ਪ੍ਰਮੁੱਖ ਸਕੱਤਰ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਇਸ ਪਵਿੱਤਰ ਨਗਰੀ ਵਿਖੇ ਆਉਣ ਵਾਲੀਆਂ ਸੰਗਤਾਂ ਦੀ ਸੁਵਿਧਾ ਲਈ ਨਵੇਕਲੀਆਂ ਪਹਿਲਕਦਮੀਆਂ ਕੀਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ ਤਾਂ ਜੋ ਸ਼ਰਧਾਲੂ ਇਸ ਸਮਾਗਮ ਵਿੱਚ ਬਿਨਾਂ ਕਿਸੇ ਮੁਸਕਲ ਤੋਂ ਹਿੱਸਾ ਲੈ ਸਕਣ। ਉਨ੍ਹਾਂ ਸਮੁੱਚੇ ਅਧਿਕਾਰੀਆਂ ਨੂੰ ਆਪਣੀ ਡਿਊਟੀ ਤਨਦੇਹੀ ਨਾਲ ਨਿਭਾਉਣ ਦਾ ਸੱਦਾ ਦਿੱਤਾ ਤਾਂ ਜੋ ਇਸ ਪਾਵਨ ਪੁਰਬ ਨੂੰ ਬੇਮਿਸਾਨ ਤਰੀਕੇ ਨਾਲ ਮਨਾਇਆ ਜਾ ਸਕੇ।