ਚੰਡੀਗੜ੍ਹ ਡੈਸਕ : ਪੰਜਾਬ ਭਾਜਪਾ ਦੇ ਪ੍ਰਧਾਨ ਦੇ ਐਲਾਨ ਤੋਂ ਬਾਅਦ ਸੂਬੇ ਦੀ ਸਿਆਸਤ ਗਰਮਾ ਗਈ ਹੈ। ਹੁਣ ਕਿਆਸ ਲਾਏ ਜਾ ਰਹੇ ਹਨ ਕਿ ਪੰਜਾਬ ਵਿੱਚ ਅਕਾਲੀ-ਭਾਜਪਾ ਗਠਜੋੜ ਦਾ ਅੱਜ ਐਲਾਨ ਹੋ ਸਕਦਾ ਹੈ। ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਚੰਡੀਗੜ੍ਹ ਵਿੱਚ ਜ਼ਿਲ੍ਹਾ ਪ੍ਰਧਾਨਾਂ ਅਤੇ ਵਿਧਾਨ ਸਭਾ ਹਲਕਿਆਂ ਦੇ ਇੰਚਾਰਜਾਂ ਦੀ ਮੀਟਿੰਗ ਸੱਦੀ ਗਈ। ਇਸ ਤੋਂ ਪਹਿਲਾਂ ਬੁੱਧਵਾਰ ਨੂੰ ਅਕਾਲੀ ਦਲ ਦੀ ਕੋਰ ਕਮੇਟੀ ਵਿੱਚ ਇਸ ਬਾਰੇ ਚਰਚਾ ਵੀ ਹੋਈ ਸੀ, ਜਿਸ ਵਿੱਚ ਜ਼ਿਆਦਾਤਰ ਆਗੂਆਂ ਨੇ ਗਠਜੋੜ ਦੇ ਹੱਕ ਵਿੱਚ ਸਮਰਥਨ ਦਿੱਤਾ ਸੀ। ਅਕਾਲੀ ਦਲ ਵੱਲੋਂ ਇਸ ਨੂੰ ਅੰਤਿਮ ਰੂਪ ਦਿੰਦੇ ਹੀ ਪੰਜਾਬ ਭਾਜਪਾ ਦੇ ਨਵੇਂ ਪ੍ਰਧਾਨ ਸੁਨੀਲ ਜਾਖੜ ਦੀ ਹਾਜ਼ਰੀ ਵਿੱਚ ਇਸ ਦਾ ਐਲਾਨ ਕੀਤਾ ਜਾ ਸਕਦਾ ਹੈ।
ਕਰੀਬ 24 ਸਾਲਾਂ ਤੋਂ ਅਕਾਲੀ ਦਲ ਅਤੇ ਭਾਜਪਾ ਦਾ ਗਠਜੋੜ ਸੀ। 2020 ਵਿੱਚ ਕਿਸਾਨ ਅੰਦੋਲਨ ਦੌਰਾਨ ਅਕਾਲੀ ਦਲ ਨੇ ਭਾਜਪਾ ਨਾਲੋਂ ਨਾਤਾ ਤੋੜ ਲਿਆ। ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਵੀ ਅਸਤੀਫਾ ਦੇ ਦਿੱਤਾ। ਹਾਲਾਂਕਿ ਇਸ ਤੋਂ ਬਾਅਦ ਪੰਜਾਬ ਦੀਆਂ ਚੋਣਾਂ ਵਿੱਚ ਦੋਵਾਂ ਪਾਰਟੀਆਂ ਨੂੰ ਹਾਰ ਦਾ ਮੂੰਹ ਦੇਖਣਾ ਪਿਆ ਸੀ। ਹਾਲਾਂਕਿ ਸੂਤਰਾਂ ਦੇ ਹਵਾਲੇ ਤੋਂ ਇਹ ਵੀ ਖਬਰਾਂ ਸਾਹਮਣੇ ਆ ਰਹੀਆਂ ਹਨ ਕਿ ਗਠਜੋੜ ਲਈ ਕੁਝ ਸ਼ਰਤਾਂ ਦੋਵਾਂ ਪਾਰਟੀਆਂ ਵਿਚਾਲੇ ਰੱਖੀਆਂ ਗਈਆਂ ਹਨ।
ਗਠਜੋੜ ਮਗਰੋਂ ਕੇਂਦਰ ਦੀ ਕੈਬਨਿਟ ਵਿੱਚ ਫੇਰਬਦਲ ਦੀ ਉਮੀਦ :ਗਠਜੋੜ ਮਗਰੋਂ ਸੁਖਬੀਰ ਬਾਦਲ ਜਾਂ ਉਨ੍ਹਾਂ ਦੀ ਸੰਸਦ ਮੈਂਬਰ ਪਤਨੀ ਹਰਸਿਮਰਤ ਕੌਰ ਬਾਦਲ ਕੇਂਦਰ ਦੀ ਐਨਡੀਏ ਸਰਕਾਰ ਵਿੱਚ ਦੁਬਾਰਾ ਮੰਤਰੀ ਬਣਨਗੇ। ਹਰਸਿਮਰਤ ਨੇ ਗਠਜੋੜ ਤੋੜਨ ਤੋਂ ਕੁਝ ਦਿਨ ਬਾਅਦ ਕੇਂਦਰ ਵਿੱਚ ਫੂਡ ਪ੍ਰੋਸੈਸਿੰਗ ਮੰਤਰੀ ਦਾ ਅਹੁਦਾ ਛੱਡ ਦਿੱਤਾ ਸੀ। ਉਨ੍ਹਾਂ ਦੇ ਆਪਣੇ ਪੁਰਾਣੇ ਮੰਤਰਾਲੇ ਨਾਲ ਮੰਤਰੀ ਬਣਨ ਦੀਆਂ ਸੰਭਾਵਨਾਵਾਂ ਜ਼ਿਆਦਾ ਹਨ, ਜੇਕਰ ਸੁਖਬੀਰ ਕੇਂਦਰ 'ਚ ਸ਼ਾਮਲ ਹੁੰਦੇ ਹਨ ਤਾਂ ਉਨ੍ਹਾਂ ਨੂੰ ਖੇਤੀਬਾੜੀ ਮੰਤਰੀ ਬਣਾਇਆ ਜਾ ਸਕਦਾ ਹੈ। ਕੇਂਦਰ ਸਰਕਾਰ ਦੀ ਕੈਬਨਿਟ ਵਿੱਚ ਫੇਰਬਦਲ ਦੀ ਉਮੀਦ ਹੈ, ਜਿਸ ਵਿੱਚ ਇਹ ਫੈਸਲਾ ਵੀ ਲਿਆ ਜਾ ਸਕਦਾ ਹੈ।
ਅਕਾਲੀ ਦਲ ਕੋਲ 8 ਤੇ ਭਾਜਪਾ ਕੋਲ ਹੋਣਗੀਆਂ 5 ਲੋਕ ਸਬਾ ਚੋਣਾਂ :ਸੂਤਰਾਂ ਅਨੁਸਾਰ ਗਠਜੋੜ 'ਚ ਹੁਣ ਭਾਜਪਾ 3 ਨਹੀਂ, ਸਗੋਂ 5 ਸੀਟਾਂ 'ਤੇ ਲੋਕ ਸਭਾ ਚੋਣਾਂ ਲੜੇਗੀ। ਪੰਜਾਬ ਵਿੱਚ ਕੁੱਲ 13 ਲੋਕ ਸਭਾ ਸੀਟਾਂ ਹਨ। ਇਸ ਤੋਂ ਪਹਿਲਾਂ ਭਾਜਪਾ 3 ਸੀਟਾਂ ਗੁਰਦਾਸਪੁਰ, ਪਠਾਨਕੋਟ ਅਤੇ ਹੁਸ਼ਿਆਰਪੁਰ 'ਤੇ ਚੋਣ ਲੜਦੀ ਸੀ। ਬਾਕੀ 10 ਸੀਟਾਂ ਅਕਾਲੀ ਦਲ ਕੋਲ ਸਨ। ਹੁਣ ਭਾਜਪਾ ਨੇ ਵੀ ਜਲੰਧਰ ਅਤੇ ਲੁਧਿਆਣਾ ਸੀਟਾਂ ਦੀ ਮੰਗ ਕੀਤੀ ਹੈ। ਨਵੇਂ ਫਾਰਮੂਲੇ ਮੁਤਾਬਕ ਅਕਾਲੀ ਦਲ 8 ਸੀਟਾਂ 'ਤੇ ਅਤੇ ਭਾਜਪਾ 5 ਸੀਟਾਂ 'ਤੇ ਚੋਣ ਲੜੇਗੀ। ਸੂਬੇ ਵਿੱਚ ਕੁੱਲ 117 ਵਿਧਾਨ ਸਭਾ ਸੀਟਾਂ ਵਿਚੋਂ ਅਕਾਲੀ ਦਲ 94 ਅਤੇ ਭਾਜਪਾ 23 ਸੀਟਾਂ 'ਤੇ ਚੋਣ ਲੜਦੀ ਸੀ। ਨਵੇਂ ਫਾਰਮੂਲੇ ਤਹਿਤ ਹੁਣ ਭਾਜਪਾ 46 ਸੀਟਾਂ ਤੇ ਅਕਾਲੀ ਦਲ ਨੂੰ 71 ਸੀਟਾਂ ਮਿਲਣਗੀਆਂ। ਇਹ ਵੀ ਚਰਚਾ ਹੈ ਕਿ ਜੇਕਰ ਚੋਣ ਜਿੱਤ ਜਾਂਦੇ ਹਨ ਤਾਂ ਮੁੱਖ ਮੰਤਰੀ ਦਾ ਅਹੁਦਾ ਅਕਾਲੀ ਦਲ ਨੂੰ ਹੀ ਦਿੱਤਾ ਜਾਵੇਗਾ।