ਚੰਡੀਗੜ੍ਹ :ਪੰਜਾਬ ਸਰਕਾਰ ਵਿੱਤੀ ਸਾਲ 2023-24 ਦਾ ਆਪਣਾ ਬਜਟ 10 ਮਾਰਚ ਨੂੰ ਪੇਸ਼ ਕਰੇਗੀ। ਜ਼ਿਕਰਯੋਗ ਹੈ ਕਿ 16ਵੀਂ ਵਿਧਾਨ ਸਭਾ ਦਾ ਬਜਟ 3 ਮਾਰਚ ਤੋਂ 24 ਮਾਰਚ ਤੱਕ ਚੱਲੇਗਾ। ਇਹ ਫੈਸਲਾ ਪੰਜਾਬ ਸਿਵਲ ਸਕੱਤਰੇਤ-1 ਸਥਿਤ ਦਫ਼ਤਰ ਵਿਖੇ ਮੰਤਰੀ ਮੰਡਲ ਦੀ ਮੀਟਿੰਗ ਵਿੱਚ ਲਿਆ ਗਿਆ।
3 ਮਾਰਚ ਤੋਂ 7 ਮਾਰਚ ਦਾ ਪ੍ਰੋਗਰਾਮ: ਇਸ ਸੰਬਧੀ ਜਾਣਕਾਰੀ ਦਿੰਦਿਆਂ ਮੁੱਖ ਮੰਤਰੀ ਦਫ਼ਤਰ ਦੇ ਬੁਲਾਰੇ ਨੇ ਦੱਸਿਆ ਕਿ ਮੰਤਰੀ ਮੰਡਲ ਨੇ ਭਾਰਤ ਦੇ ਸੰਵਿਧਾਨ ਦੀ ਧਾਰਾ 174 ਅਨੁਸਾਰ ਰਾਜਪਾਲ ਨੂੰ ਸੈਸ਼ਨ ਬੁਲਾਉਣ ਲਈ ਅਧਿਕਾਰਤ ਕੀਤਾ ਹੈ। ਪ੍ਰੋਗਰਾਮ ਮੁਤਾਬਕ ਬਜਟ ਸੈਸ਼ਨ 3 ਮਾਰਚ ਨੂੰ ਸਵੇਰੇ 10 ਵਜੇ ਰਾਜਪਾਲ ਦੇ ਭਾਸ਼ਣ ਨਾਲ ਸ਼ੁਰੂ ਹੋਵੇਗਾ ਅਤੇ ਬਾਅਦ ਦੁਪਹਿਰ 2 ਵਜੇ ਵਿਛੜੀਆਂ ਸਖ਼ਸ਼ੀਅਤਾਂ ਨੂੰ ਸ਼ਰਧਾਂਜਲੀ ਦਿੱਤੀ ਜਾਵੇਗੀ। 6 ਮਾਰਚ ਨੂੰ ਧੰਨਵਾਦ ਮਤਾ ਪੇਸ਼ ਕੀਤਾ ਜਾਵੇਗਾ ਅਤੇ ਸਵੇਰੇ 10 ਵਜੇ ਰਾਜਪਾਲ ਦੇ ਭਾਸ਼ਣ 'ਤੇ ਚਰਚਾ ਸ਼ੁਰੂ ਹੋਵੇਗੀ ਅਤੇ ਖਤਮ ਹੋਣ ਤੱਕ ਚਲਦੀ ਰਹੇਗੀ। 7 ਮਾਰਚ ਨੂੰ ਸਾਲ 2021-22 ਲਈ ਭਾਰਤ ਦੇ ਕੰਪਟਰੋਲਰ ਅਤੇ ਆਡੀਟਰ ਜਨਰਲ ਦੀਆਂ ਰਿਪੋਰਟਾਂ, ਸਾਲ 2022-23 ਲਈ ਗ੍ਰਾਂਟਾਂ ਲਈ ਅਨੁਪੂਰਕ ਮੰਗਾਂ ਅਤੇ ਸਾਲ 2022-23 ਲਈ ਗ੍ਰਾਂਟਾਂ ਵਾਸਤੇ ਅਨੁਪੂਰਕ ਮੰਗਾਂ ਅਤੇ ਬਿੱਲ ਪੇਸ਼ ਕੀਤੇ ਜਾਣਗੇ ਜਿਸ ਤੋਂ ਬਾਅਦ ਵਿਧਾਨਕ ਕੰਮਕਾਜ ਹੋਵੇਗਾ।
9 ਅਤੇ 10 ਮਾਰਚ ਨੂੰ ਹੋਵੇਗੀ ਬਜਟ ਉਤੇ ਬਹਿਸ:9 ਮਾਰਚ ਨੂੰ ਗੈਰ-ਸਰਕਾਰੀ ਕੰਮਕਾਜ ਹੋਵੇਗਾ। ਜਿਸ ਤੋਂ ਬਾਅਦ 10 ਮਾਰਚ ਨੂੰ ਸਾਲ 2023-24 ਦੇ ਬਜਟ ਦੇ ਅਨੁਮਾਨ ਸਦਨ ਦੇ ਸਾਹਮਣੇ ਪੇਸ਼ ਕੀਤੇ ਜਾਣਗੇ। ਬਜਟ ਦੇ ਅਨੁਮਾਨਾਂ ਉਤੇ ਫਿਰ ਬਹਿਸ ਹੋਵੇਗੀ। ਇਹ ਬਹਿਸ ਵੋਟਿੰਗ ਦੇ ਖ਼ਤਮ ਹੋਣ ਤੱਕ ਚਲਦੀ ਰਹੇਗੀ। ਇਸ ਤੋਂ ਬਾਅਦ ਫਿਰ 22 ਮਾਰਚ ਨੂੰ ਸਵੇਰੇ 10 ਵਜੇ ਗੈਰ-ਸਰਕਾਰੀ ਕੰਮਕਾਜ ਹੋਵੇਗਾ। ਜਿਸ ਤੋਂ ਬਾਅਦ 24 ਮਾਰਚ ਨੂੰ ਵਿਧਾਨ ਸਭਾ ਦਾ ਕੰਮਕਾਜ ਕਰਕੇ ਸਦਨ ਦੀ ਕਾਰਵਾਈ ਅਣਮਿੱਥੇ ਸਮੇਂ ਲਈ ਮੁਲਤਵੀ ਕਰ ਦਿੱਤੀ ਜਾਵੇਗੀ।