ਚੰਡੀਗੜ੍ਹ: ਪੰਜਾਬ ਸਰਕਾਰ ਸੂਬੇ ਵਿੱਚ ਆਪਣੇ ਵਿਕਾਸ ਪ੍ਰਾਜੈਕਟਾਂ ਨੂੰ ਤੇਜ਼ ਕਰਦੀ ਨਜ਼ਰ ਆ ਰਹੀ ਹੈ। ਪੰਜਾਬ ਸਰਕਾਰ ਵੱਲੋਂ ਵਿਕਾਸ ਪ੍ਰਾਜੈਕਟਾਂ ਨੂੰ ਹੁਲਾਰਾ ਦੇਣ ਦੇ ਲਈ ਲੈਂਡ ਪੂਲਿੰਗ ਪਾਲਿਸੀ ਨੂੰ ਹੋਰ ਆਕਰਸ਼ਿਤ ਬਣਾਇਆ ਗਿਆ ਹੈ। ਸਵੈ-ਇੱਛਾ ਨਾਲ ਆਪਣੀ ਜਾਇਦਾਦ ਦੇਣ ਵਾਲਿਆਂ ਲਈ ਪੰਜਾਬ ਸਰਕਾਰ ਨੇ ਮੁਆਵਜ਼ੇ ਵਜੋਂ ਵਾਧੂ ਜ਼ਮੀਨ ਦੇਣ ਦਾ ਫ਼ੈਸਲਾ ਕੀਤਾ ਹੈ।
ਤੁਹਾਨੂੰ ਦੱਸ ਦਈਏ ਕਿ ਮੰਤਰੀ ਮੰਡਲ ਨੇ ਉਦਯੋਗਿਕ ਸੈਕਟਰ ਦੇ ਲਈ ਵੀ ਅਜਿਹੀ ਹੀ ਨਵੀਂ ਨੀਤੀ ਲਿਆਂਦੀ ਹੈ।
ਮੰਤਰੀ ਮੰਡਲ ਦੀ ਅੱਜ ਹੋਈ ਮੀਟਿੰਗ ਵਿੱਚ ਮੰਡਲ ਨੇ ਗਮਾਡਾ ਦੇ ਅਧਿਕਾਰ ਖੇਤਰ ਵਿੱਚ ਰਿਹਾਇਸ਼ੀ ਸੈਕਟਰ ਸਬੰਧੀ ਲੈਂਡ ਪੂਲਿੰਗ ਨੀਤੀ ਨੂੰ ਸੋਧਣ ਅਤੇ ਇੰਡਸਟਰੀਅਲ ਸੈਕਟਰ ਵਿੱਚ ਵੀ ਲਾਗੂ ਕਰਨ ਦੀ ਪ੍ਰਵਾਨਗੀ ਦਿੱਤੀ ਹੈ।
ਇਹ ਫ਼ੈਸਲਾ ਗਮਾਡਾ ਵੱਲੋਂ ਏਅਰੋਟ੍ਰੋਪੋਲਿਸ ਅਸਟੇਟ ਦੇ ਵਿਕਾਸ ਲਈ ਪਹਿਲੇ ਪੜਾਅ ਵਿੱਚ 1680 ਏਕੜ ਜ਼ਮੀਨ ਗ੍ਰਹਿਣ ਕਰਨ ਮੌਕੇ ਲਿਆ ਗਿਆ। ਇਹ ਸੋਧੀ ਹੋਈ ਨੀਤੀ ਐਸ.ਏ.ਐਸ. ਨਗਰ ਵਿੱਚ 101 ਅਤੇ 103 ਸੈਕਟਰਾਂ ਵਿੱਚ ਉਦਯੋਗਿਕ ਅਸਟੇਟ ਦੇ ਵਿਕਾਸ ਲਈ ਵੀ ਸਹਾਈ ਹੋਵੇਗੀ, ਜਿੱਥੇ ਪ੍ਰਾਜੈਕਟਾਂ ਨੂੰ ਸਮੇਂ ਸਿਰ ਚਲਾਉਣ ਲਈ ਜ਼ਮੀਨ ਗ੍ਰਹਿਣ ਕਰਨ ਦੀ ਪ੍ਰਕ੍ਰਿਆ ਸੁਖਾਲੀ ਬਣਾ ਦਿੱਤੀ ਗਈ ਹੈ।