ਚੰਡੀਗੜ੍ਹ : ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿੱਚ ਮੰਤਰੀ ਮੰਡਲ ਨੇ ਵੱਖ-ਵੱਖ ਠੇਕੇਦਾਰਾਂ ਵੱਲੋਂ ਪ੍ਰਤੀਯੋਗੀ ਟੈਂਡਰਾਂ ਰਾਹੀਂ ਘੱਟ ਤੋਂ ਘੱਟ ਦਰਾਂ ’ਤੇ ਮੰਡੀਆਂ ਤੋਂ ਸਟੋਰੇਜ਼ ਵਾਲੀਆਂ ਥਾਵਾਂ ਤੱਕ ਅਨਾਜ ਦੀ ਢੋਆ-ਢੁਆਈ ਅਤੇ ਕਿਰਤ ਕਾਰਜਾਂ ਬਾਰੇ ‘ਦੀ ਪੰਜਾਬ ਲੇਬਰ ਐਂਡ ਕਾਰਟੇਜ ਪਾਲਿਸੀ 2019-20’ ਨੂੰ ਪ੍ਰਵਾਨਗੀ ਦੇ ਦਿੱਤੀ ਹੈ।ਇਹ ਫੈਸਲਾ ਮੁੱਖ ਮੰਤਰੀ ਦੀ ਪ੍ਰਧਾਨਗੀ ਹੇਠ ਉਨਾਂ ਦੇ ਸਰਕਾਰੀ ਨਿਵਾਸ ਸਥਾਨ ’ਤੇ ਮੰਤਰੀ ਮੰਡਲ ਦੀ ਮੀਟਿੰਗ ਦੌਰਾਨ ਲਿਆ ਗਿਆ। ਇਸ ਦਾ ਉਦੇਸ਼ ਅਨਾਜ ਦੀ ਖਰੀਦ ਵਿੱਚ ਹੋਰ ਪਾਰਦਰਸ਼ਿਤਾ ਅਤੇ ਕੁਸ਼ਲਤਾ ਨੂੰ ਲਿਆਉਣਾ ਹੈ।
ਇਹ ਪ੍ਰਗਟਾਵਾ ਕਰਦੇ ਹੋਏ ਅੱਜ ਇੱਥੇ ਮੁੱਖ ਮੰਤਰੀ ਦਫ਼ਤਰ ਦੇ ਇਕ ਬੁਲਾਰੇ ਨੇ ਦੱਸਿਆ ਕਿ ਪਹਿਲੀ ਅਪ੍ਰੈਲ ਤੋਂ ਸ਼ੁਰੂ ਹੋ ਰਹੇ ਸੀਜ਼ਨ ਦੇ ਵਾਸਤੇ ਗੋਦਾਮਾਂ ਦੇ ਵਿੱਚ ਕਿਰਤ ਕਾਰਜਾਂ ਅਤੇ ਵੱਖ-ਵੱਖ ਮੰਡੀਆਂ ਤੋਂ ਸਟੋਰੇਜ਼ ਵਾਲੀਆਂ ਥਾਵਾਂ, ਜੋ ਇਨਾਂ ਮੰਡੀਆਂ/ਖਰੀਦ ਕੇਂਦਰਾਂ ਤੋਂ ਅੱਠ ਕਿਲੋਮੀਟਰ ਤੱਕ ਸਥਿਤ ਹਨ, ਤੱਕ ਅਨਾਜ ਦੀ ਢੋਆ-ਢੁਆਈ ਲਈ ਪ੍ਰਤੀਯੋਗੀ ਆਨਲਾਈਨ ਟੈਂਡਰ ਪ੍ਰਕਿਰਿਆ ਦੇ ਰਾਹੀਂ ਆਗਿਆ ਦਿੱਤੀ ਜਾਵੇਗੀ।