ਚੰਡੀਗੜ੍ਹ:ਮਾਰਚ ਮਹੀਨੇ ਦੇ ਆਖਰੀ ਦਿਨ ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਹੋਈ ਜਿਸ ਦੇ ਵਿੱਚ ਕਈ ਫ਼ੈਸਲਿਆਂ ਨੂੰ ਹਰੀ ਝੰਡੀ ਦਿੱਤੀ ਗਈ। ਕੈਬਨਿਟ ਮੀਟਿੰਗ ਵਿੱਚ ਮੀਂਹ ਕਾਰਨ ਖਰਾਬ ਹੋਈਆਂ ਫ਼ਸਲਾਂ ਦਾ ਮੁਆਵਜ਼ਾ ਤੈਅ ਕੀਤਾ ਗਿਆ ਜਿਨ੍ਹਾਂ ਕਿਸਾਨਾਂ ਦੀ ਸਾਰੀ ਫ਼ਸਲ ਖਰਾਬ ਹੋਈ ਉਹਨਾਂ ਨੂੰ 15 ਹਜ਼ਾਰ ਪ੍ਰਤੀ ਏਕੜ ਅਤੇ ਬਾਕੀਆਂ ਨੂੰ 6800 ਰੁਪਏ ਦਾ ਮੁਆਵਜ਼ਾ ਦਿੱਤਾ ਜਾਵੇਗਾ। ਇਸ ਤੋਂ ਇਲਾਵਾ ਨਕਲੀ ਦਵਾਈਆਂ ਦਾ ਕਾਰੋਬਾਰ ਕਰਨ ਵਾਲਿਆਂ 'ਤੇ ਸ਼ਿਕੰਜਾ ਕੱਸਣ ਦਾ ਫ਼ੈਸਲਾ ਲਿਆ ਗਿਆ। ਕਿਸਾਨਾਂ ਨੂੰ ਨਰਮੇ ਦੇ ਬੀਜਾਂ ਉੱਤੇ 33 ਪ੍ਰਤੀਸ਼ਤ ਸਬਸਿਡੀ ਦਿੱਤੀ ਜਾਵੇਗੀ ਅਤੇ ਨਹਿਰੀ ਪਾਣੀ ਰਾਹੀਂ ਖੇਤੀ ਦੇ ਸ੍ਰੋਤ ਪੈਦਾ ਕਰਨ ਦਾ ਫ਼ੈਸਲਾ ਲਿਆ ਗਿਆ।
ਮੁਆਵਜ਼ੇ ਨੁਕਸਾਨ ਮੁਤਾਬਿਕ ਤੈਅ:ਮੀਟਿੰਗ ਖ਼ਤਮ ਹੋਣ ਤੋਂ ਬਾਅਦ ਕੈਬਨਿਟ ਮੰਤਰੀ ਕੁਲਦੀਪ ਧਾਲੀਵਾਲ ਨੇ ਦੱਸਿਆ ਕਿ ਮੌਸਮ ਕਾਰਨ ਬਹੁਤ ਸਾਰੇ ਕਿਸਨਾਂ ਦੀਆਂ ਫਸਲਾਂ ਖਰਾਬ ਹੋ ਗਈਆਂ ਹਨ। ਜਿਨ੍ਹਾਂ ਦਾ ਨੁਕਸਾਨ ਹੋਇਆ ਉਹਨਾਂ ਦੀ ਪੂਰੀ ਮਦਦ ਕੀਤੀ ਜਾਵੇਗੀ । ਜਿਹੜੇ ਕਿਸਾਨਾਂ ਦੀ ਪੂਰੀ ਫਸਲ ਤਬਾਹ ਹੋਈ ਹੈ ਉਨ੍ਹਾਂ 15 ਹਜ਼ਾਰ ਪ੍ਰਤੀ ਏਕੜ ਮੁਆਵਜ਼ਾ ਦਿੱਤਾ ਜਾਵੇਗਾ ਅਤੇ ਬਾਕੀਆਂ ਨੂੰ 6800 ਰੁਪਏ ਪ੍ਰਤੀ ਏਕੜ ਮੁਆਵਜ਼ਾ ਦਿੱਤਾ ਜਾਵੇਗਾ ਜਿਨ੍ਹਾਂ ਦਾ 33 ਤੋਂ 75 ਫੀਸਦੀ ਨੁਕਸਾਨ ਹੋਇਆ ਹੈ। ਇਸ ਤੋਂ ਇਲਾਵਾ ਗਿਰਦਾਵਰੀ ਪਿੰਡ ਦੇ ਲੋਕਾਂ ਦੇ ਸਾਹਮਣੇ ਕੀਤੀ ਜਾਵੇਗੀ, ਜਿਨ੍ਹਾਂ ਘਰਾਂ ਦਾ ਵੀ ਨੁਕਸਾਨ ਹੋਇਆ ਉਨ੍ਹਾਂ ਨੂੰ ਨੁਕਸਾਨ ਦੇ ਮੁਤਾਬਿਕ 5200 ਰੁਪਏ ਦਿੱਤਾ ਜਾਣਗੇ ਅਤੇ ਜਿਨ੍ਹਾਂ ਘਰਾਂ ਦਾ ਨੁਕਸਾਨ ਜ਼ਿਆਦਾ ਹੋਇਆ ਹੈ ਉਹਨਾਂ ਨੂੰ 120000 ਰੁਪਏ ਦਿੱਤੇ ਜਾਣਗੇ। ਧਾਲੀਵਾਲ ਨੇ ਐਲਾਨ ਕੀਤਾ ਕਿ ਵਿਸਾਖੀ ਵਾਲੇ ਦਿਨ ਪ੍ਰਭਾਵਿਤ ਕਿਸਾਨਾਂ ਨੂੰ ਰਾਹਤ ਦਿੱਤੀ ਜਾਵੇਗੀ। ਪੰਜਾਬ ਵਿੱਚ ਨਕਲੀ ਦਵਾਈਆਂ ਬਣਾਉਣ ਵਾਲਿਆਂ ਦੀ ਵੀ ਹੁਣ ਖੈਰ ਨਹੀਂ। ਪੰਜਾਬ ਵਿੱਚ ਜੋ ਵੀ ਨਕਲੀ ਦਵਾਈਆਂ ਬਣਾਵੇਗਾ। ਉਹਨਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ, ਪੰਜਾਬ ਦੀ ਹੱਦ ਅੰਦਰ ਫ਼ੈਕਟਰੀ ਬੰਦ ਕੀਤੀ ਜਾਵੇਗੀ ਅਤੇ ਜੇ ਬਾਹਰ ਦੀ ਹੋਈ ਤਾਂ ਪੰਜਾਬ ਵਿੱਚ ਦਵਾਈ ਨਹੀਂ ਵੇਚਣ ਦਿੱਤੀ ਜਾਵੇਗੇ।