ਚੰਡੀਗੜ੍ਹ:ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਪੰਜਾਬ ਕੈਬਨਿਟ ਦੀ ਮੀਟਿੰਗ ਹੋਈ। ਇਸ ਮੀਟਿੰਗ ਵਿੱਚ ਕਈ ਵੱਡੇ ਫੈਸਲੇ ਲਏ ਹਨ, ਜਿਹਨਾਂ ਦੀ ਜਾਣਕਾਰੀ ਮੁੱਖ ਮੰਤਰੀ ਭਗਵੰਤ ਮਾਨ ਨੇ ਪ੍ਰੈੱਸ ਕਾਨਫਰੰਸ ਕਰਕੇ ਦਿੱਤੀ ਹੈ।
ਗੁਰਬਾਣੀ ਪ੍ਰਸਾਰਣ ਨੂੰ ਲੈ ਕੇ ਸੀਐਮ ਮਾਨ ਦਾ ਬਿਆਨ:ਮੁੱਖ ਮੰਤਰੀ ਭਗਵੰਤ ਮਾਨ ਨੇ ਪ੍ਰੈਸ ਕਾਨਫਰੰਸ ਕਰਦੇ ਹੋਏ ਗੁਰਬਾਣੀ ਪ੍ਰਸਾਰਣ ਉੱਤੇ ਵੱਡੇ ਬਿਆਨ ਦਿੱਤਾ ਹੈ। ਉਹਨਾਂ ਨੇ ਕਿਹਾ ਕਿ ਗੁਰਬਾਣੀ ਐਕਟ 1925 ਵਿੱਚ ਬਰਾਡਕਾਸਟ ਸ਼ਬਦ ਹੀ ਨਹੀਂ ਹੈ। ਸੀਐਮ ਮਾਨ ਨੇ ਕਿਹਾ ਕਿ ਗੁਰਬਾਣੀ ਦਾ ਤਾਂ ਪ੍ਰਸਾਰ ਤੇ ਪ੍ਰਚਾਰ ਕਰਨਾ ਚਾਹੀਦਾ ਹੈ। ਇਸ ਦੇ ਨਾਲ ਹੀ ਉਹਨਾਂ ਨੇ ਸਵਾਲ ਕਰਕੇ ਹੋਏ ਕਿਹਾ ਕਿ ਗੁਰਬਾਣੀ ਮੁਫ਼ਤ ਬਰਾਡਕਾਸਟ ਕਿਉਂ ਨਹੀਂ ਹੈ। ਉਹਨਾਂ ਨੇ ਕਿਹਾ ਕਿ ਕੋਈ ਵੀ ਵਪਾਰਕ ਵਿਗਿਆਪਨ ਟੈਲੀਕਾਸਟ ਤੋਂ ਅੱਧਾ ਘੰਟਾ ਪਹਿਲਾਂ ਜਾਂ ਅੱਧਾ ਘੰਟਾ ਬਾਅਦ ਨਹੀਂ ਚੱਲੇਗਾ। ਗੁਰਬਾਣੀ ਦੇ ਪ੍ਰਸਾਰਣ ਦੌਰਾਨ ਕੋਈ ਵੀ ਇਸ਼ਤਿਹਾਰ ਨਹੀਂ ਚੱਲੇਗਾ।
ਸਹਾਇਕ ਪ੍ਰੋਫੈਸਰਾਂ ਦੀਆਂ ਕੱਢੀਆਂ ਨੌਕਰੀਆਂ:ਮੁੱਖ ਮੰਤਰੀ ਭਗਵੰਤ ਮਾਨ ਨੇ ਕੈਬਨਿਟ ਮੀਟਿੰਗ ਤੋਂ ਬਾਅਦ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਮੀਟਿੰਗ ਵਿੱਚ ਸਹਾਇਕ ਪ੍ਰੋਫੈਸਰਾਂ ਦੀਆਂ ਅਸਾਮੀਆਂ ਕੱਢੇ ਜਾਣ ਨੂੰ ਪ੍ਰਵਾਨਗੀ ਦਿੱਤੀ ਗਈ ਹੈ। ਇਸ ਦੇ ਨਾਲ ਹੀ ਸਹਾਇਕ ਪ੍ਰੋਫੈਸਰਾਂ ਦੀ ਉਮਰ ਹੱਦ 37 ਤੋਂ ਵਧਾ ਕੇ 42 ਸਾਲ ਕਰ ਦਿੱਤੀ ਗਈ ਹੈ। ਇਸ ਇਲਾਵਾ ਵੱਖ-ਵੱਖ ਵਿਭਾਗਾਂ ਦੇ ਨਿਯਮਾਂ ਨੂੰ ਪ੍ਰਵਾਨਗੀ ਦਿੱਤੀ ਗਈ ਹੈ।
ਪਾਵਰ ਆਫ ਅਟਾਰਨੀ ਲਈ ਵੱਡੀ ਛੋਟ: ਕੈਬਨਿਟ ਵਿੱਚ ਵੱਡਾ ਫੈਸਲਾ ਲੈਂਦੇ ਹੋਏ ਪੰਜਾਬ ਸਰਕਾਰ ਨੇ ਖੂਨ ਦੇ ਰਿਸ਼ਤੇ ਵਿੱਚ ਪਾਵਰ ਆਫ ਅਟਾਰਨੀ ਬਿਲਕੁੱਲ ਮੁਫਤ ਕਰ ਦਿੱਤੀ ਹੈ ਤੇ ਖੂਨ ਦੇ ਰਿਸ਼ਤੇ ਤੋਂ ਬਾਹਰ ਦੇ ਲੋਕਾਂ 'ਤੇ 2 ਫੀਸਦੀ ਟੈਕਸ ਲਗਾਇਆ ਜਾਵੇਗਾ।
ਐਸਜੀਪੀਸੀ ਦੇ ਪ੍ਰਾਧਨ ਨੇ ਸੀਐਮ ਮਾਨ ਨੂੰ ਦਿੱਤੀ ਸਲਾਹ: ਸ਼੍ਰੋਮਣੀ ਕਮੇਟੀ ਪ੍ਰਧਾਨ ਧਾਮੀ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਗੁਰੂ ਘਰ ਦੇ ਫੈਸਲਿਆਂ ਵਿੱਚ ਦਖ਼ਲ ਨਾ ਦੇਣ ਦੀ ਸਲਾਹ ਦਿੱਤੀ। ਉਨ੍ਹਾਂ ਕਿਹਾ ਸੀ ਕਿ ਪੰਜਾਬ ਦੇ ਮੁੱਖ ਮੰਤਰੀ ਨੂੰ ਧਰਮ ਦੇ ਨਾਂ ’ਤੇ ਰਾਜਨੀਤੀ ਕਰਕੇ ਸੰਗਤਾਂ ਨੂੰ ਗੁੰਮਰਾਹ ਕਰਨ ਦੀ ਬਜਾਏ ਸਰਕਾਰ ਵੱਲੋਂ ਕੀਤੇ ਜਾ ਰਹੇ ਕੰਮਾਂ ’ਤੇ ਧਿਆਨ ਦੇਣਾ ਚਾਹੀਦਾ ਹੈ। ਧਾਮੀ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਸਿੱਖ ਪੰਥ ਦੀ ਚੁਣੀ ਹੋਈ ਨੁਮਾਇੰਦਾ ਸੰਸਥਾ ਹੈ, ਜੋ ਗੁਰਦੁਆਰੇ ਦੇ ਪ੍ਰਬੰਧ ਦੇ ਨਾਲ-ਨਾਲ ਧਰਮ ਪ੍ਰਚਾਰ ਲਈ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮਾਂ ਅਨੁਸਾਰ ਸ਼੍ਰੋਮਣੀ ਕਮੇਟੀ ਵੱਲੋਂ ਪਹਿਲਾਂ ਹੀ 7 ਮੈਂਬਰੀ ਸਬ-ਕਮੇਟੀ ਦਾ ਗਠਨ ਕੀਤਾ ਜਾ ਚੁੱਕਾ ਹੈ। ਸਬ-ਕਮੇਟੀ ਦੀ ਰਿਪੋਰਟ ਅਨੁਸਾਰ ਕਮੇਟੀ ਨੇ ਇਸ ਬਾਰੇ ਗੱਲ ਕਰਨ ਲਈ ਕਿਹਾ ਕਿਉਂਕਿ ਕੇਂਦਰ ਕੋਲ ਅਗਲੀ ਕਾਰਵਾਈ ਅਤੇ ਪ੍ਰਸਾਰਣ ਦਾ ਅਧਿਕਾਰ ਹੈ। ਨਾਲ ਹੀ ਕਿਹਾ ਕਿ ਗੁਰੂ ਘਰਾਂ ਦੀ ਸੇਵਾ ਸੰਗਤਾਂ ਦੇ ਚੜ੍ਹਾਵੇ ਨਾਲ ਹੀ ਚਲਦੀ ਹੈ ਅਤੇ ਸੰਗਤ ਹੀ ਸਭ ਕੁਝ ਕਰਨ ਦੇ ਸਮਰੱਥ ਹੈ।
ਦੱਸ ਦਈਏ ਕਿ ਹੁਣ ਤੱਕ ਪੰਜਾਬ ਵਿੱਚ ਗੁਰਬਾਣੀ ਦਾ ਪ੍ਰਸਾਰਣ ਸਿਰਫ਼ ਇੱਕ ਚੈਨਲ ’ਤੇ ਹੀ ਹੁੰਦਾ ਹੈ, ਪਰ ਕਰੀਬ ਇੱਕ ਸਾਲ ਪਹਿਲਾਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸਾਰੇ ਚੈਨਲਾਂ ’ਤੇ ਗੁਰਬਾਣੀ ਦਾ ਪ੍ਰਸਾਰਣ ਕਰਨ ਦੇ ਬਿਆਨ ’ਤੇ ਇਤਰਾਜ਼ ਜਤਾਇਆ ਸੀ। ਉਨ੍ਹਾਂ ਕਿਹਾ ਕਿ ਸਰਕਾਰ ਦਾ ਕੰਮ ਆਪਣਾ ਹੈ ਅਤੇ ਧਾਰਮਿਕ ਖੇਤਰ ਦਾ ਕੰਮ ਵੀ ਆਪਣਾ ਹੈ।