ਚੰਡੀਗੜ੍ਹ: ਕੋਰੋਨਾ ਵਾਇਰਸ ਨੂੰ ਫੈਲਣ ਤੋਂ ਰੋਕਣ ਲਈ ਕੀਤੀ ਗਈ ਤਾਲਾਬੰਦੀ ਕਾਰਨ ਬਹੁਤ ਲੋਕਾਂ ਦਾ ਕੰਮਕਾਜ ਪ੍ਰਭਾਵਿਤ ਹੋ ਰਿਹਾ ਹੈ। ਇਸੇ ਨੂੰ ਵੇਖਦਿਆਂ ਪੰਜਾਬ ਦੇ ਮੰਤਰੀਆਂ ਨੇ ਉਨ੍ਹਾਂ ਦੀ ਮਦਦ ਲਈ ਮੁੱਖ ਮੰਤਰੀ ਰਾਹਤ ਫੰਡ 'ਚ ਆਪਣੀ ਇੱਕ ਮਹੀਨੇ ਦੀ ਤਨਖਾਹ ਦੇ ਦਿੱਤੀ।
ਹਾਲ ਹੀ ਵਿੱਚ ਪੰਜਾਬ ਸਰਕਾਰ ਨੇ ਕੋਰੋਨਾ ਵਾਇਰਸ ਦੇ ਮੱਦੇਨਜ਼ਰ ਕੀਤੀ ਗਈ ਤਾਲਾਬੰਦੀ ਨੂੰ ਵੇਖਦਿਆਂ ਐਲਾਨ ਕੀਤਾ ਸੀ। ਇਸ ਦੇ ਮੱਦੇਨਜ਼ਰ ਕੈਬਿਨੇਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਅਤੇ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਆਪਣੀ ਇੱਕ ਮਹੀਨੇ ਦੀ ਤਨਖਾਹ ਮੁੱਖ ਮੰਤਰੀ ਰਾਹਤ ਫੰਡ 'ਚ ਦੇ ਦਿੱਤੀ ਹੈ।
ਮੁੱਖ ਮੰਤਰੀ ਵੱਲੋਂ ਤੁਰੰਤ ਰਾਹਤ ਲਈ ਕੀਤੇ ਗਏ ਐਲਾਨ ਦੀ ਸ਼ਲਾਘਾ ਕਰਦਿਆਂ ਕੈਬਿਨੇਟ ਮੰਤਰੀ ਸੁਖਜਿੰਦਰ ਰੰਧਾਵਾ ਨੇ ਕਿਹਾ ਕਿ ਸਾਰਿਆਂ ਦੀ ਜ਼ਿੰਮੇਵਾਰੀ ਬਣਦੀ ਹੈ ਕਿ ਇਸ ਮੁਸ਼ਕਲ ਸਮੇਂ ਵਿੱਚ ਸਮਾਜ ਦੇ ਦੁਖੀ ਅਤੇ ਲੋੜਵੰਦ ਤਬਕਿਆਂ ਦੀ ਸਹਾਇਤਾ ਕੀਤੀ ਜਾਵੇ। ਸਰਕਾਰ ਦੁਆਰਾ ਜਾਰੀ ਕੀਤੇ ਗਏ ਨਿਰਦੇਸ਼ਾਂ ਦੀ ਪਾਲਣਾ ਕਰੀਏ।
ਦੂਜੇ ਪਾਸੇ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਲੋਕਾਂ ਨੂੰ ਬਚਾਉਣ ਲਈ ਸਰਕਾਰ ਵੱਲੋਂ ਚੁੱਕੇ ਗਏ ਹਰ ਕਦਮ ਵਿੱਚ ਪੂਰਨ ਸਹਿਯੋਗ ਕਰਨ। ਉਨ੍ਹਾਂ ਇਹ ਵੀ ਕਿਹਾ ਕਿ ਘਬਰਾਉਣ ਦੀ ਜ਼ਰੂਰਤ ਨਹੀਂ ਪਰ ਸਿਹਤ ਵਿਭਾਗ ਵੱਲੋਂ ਕੋਰੋਨਾ ਵਾਇਰਸ ਦੀ ਰੋਕਥਾਮ ਲਈ ਜਾਰੀ ਕੀਤੀਆਂ ਸਾਰੀਆਂ ਹਦਾਇਤਾਂ ਦੀ ਸਾਵਧਾਨੀ ਨਾਲ ਪਾਲਣਾ ਕਰੋ।