ਚੰਡੀਗੜ੍ਹ :ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਹੁਸੈਨੀਵਾਲਾ ਵਿਖੇ ਸ਼ਹੀਦ ਭਗਤ ਸਿੰਘ ਅਤੇ ਉਸਦੇ ਸਾਥੀਆਂ ਨੂੰ ਸ਼ਹੀਦੀ ਦਿਹਾੜੇ ਉੱਤੇ ਸ਼ਰਧਾ ਦੇ ਫੁੱਲ ਭੇਂਟ ਕੀਤੇ ਹਨ। ਇਸ ਮੌਕੇ ਮੀਡੀਆ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਹਰੇਕ ਦੇਸ਼ ਵਾਸੀ ਲਈ ਇਹ ਧਰਤੀ ਪਵਿੱਤਰ ਹੈ। ਕਿਉਂਕਿ ਬਰਤਾਨਵੀ ਹਕੂਮਤ ਨੇ ਇਨ੍ਹਾਂ ਸੂਰਵੀਰ ਯੋਧਿਆਂ ਨੂੰ ਸ਼ਹੀਦ ਕਰਨ ਤੋਂ ਬਾਅਦ ਇੱਥੇ ਸਸਕਾਰ ਕੀਤਾ ਸੀ। ਭਗਵੰਤ ਮਾਨ ਨੇ ਕਿਹਾ ਕਿ ਇਹ ਜਗ੍ਹਾ ਨੌਜਵਾਨ ਪੀੜ੍ਹੀਆਂ ਨੂੰ ਦੇਸ਼ ਦੀ ਨਿਰਸਵਾਰਥ ਸੇਵਾ ਲਈ ਪ੍ਰੇਰਦੀ ਰਹੇਗੀ। ਭਗਵੰਤ ਮਾਨ ਨੇ ਕਿਹਾ ਕਿ ਇਸ ਸਥਾਨ ਦੇ ਵਿਆਪਕ ਵਿਕਾਸ ਲਈ ਖਾਕਾ ਤਿਆਰ ਕੀਤਾ ਜਾ ਰਿਹਾ ਹੈ ਤਾਂ ਕਿ ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਭੇਟ ਕਰਨ ਲਈ ਰੋਜ਼ਾਨਾ ਸੈਂਕੜਿਆਂ ਦੀ ਗਿਣਤੀ ਵਿੱਚ ਆਉਣ ਵਾਲੇ ਸ਼ਰਧਾਲੂਆਂ ਨੂੰ ਸਹੂਲਤ ਮਿਲ ਸਕੇ।
ਦੇਸ਼ ਆਪਣੇ ਇਸ ਸੱਚੇ ਸਪੂਤ ਦਾ ਹਮੇਸ਼ਾ ਕਰਜ਼ਦਾਰ :ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੂੰ ਮਾਣ ਹੈ ਕਿ ਉਹ ਸੁਤੰਤਰਤਾ ਸੰਗਰਾਮ ਵਿੱਚ ਮਾਤ ਭੂਮੀ ਲਈ ਆਪਣੇ ਜੀਵਨ ਦਾ ਬਲੀਦਾਨ ਦੇਣ ਵਾਲੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਂਟ ਕਰਨ ਲਈ ਇਸ ਪਵਿੱਤਰ ਧਰਤੀ ਉਤੇ ਆਏ। ਭਗਵੰਤ ਮਾਨ ਨੇ ਕਿਹਾ ਕਿ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਸੂਬਾ ਸਰਕਾਰ ਕੋਈ ਕਸਰ ਬਾਕੀ ਨਹੀਂ ਛੱਡੇਗੀ। ਉਨ੍ਹਾਂ ਕਿਹਾ ਕਿ ਸਮੁੱਚਾ ਦੇਸ਼ ਆਪਣੇ ਇਸ ਸੱਚੇ ਸਪੂਤ ਦਾ ਹਮੇਸ਼ਾ ਕਰਜ਼ਦਾਰ ਰਹੇਗਾ, ਜਿਸ ਨੇ 23 ਸਾਲ ਦੀ ਛੋਟੀ ਉਮਰ ਵਿੱਚ ਬਰਤਾਨਵੀ ਸਾਮਰਾਜਵਾਦ ਦੇ ਚੁੰਗਲ ਵਿੱਚੋਂ ਦੇਸ਼ ਨੂੰ ਆਜ਼ਾਦ ਕਰਵਾਉਣ ਲਈ ਆਪਣਾ ਬਲੀਦਾਨ ਦਿੱਤਾ।
ਮੁੱਖ ਮੰਤਰੀ ਨੇ ਆਖਿਆ ਕਿ ਫ਼ਿਰੋਜ਼ਪੁਰ ਦੀ ਮੌਜੂਦਾ ਤਕਨੀਕੀ ਯੂਨੀਵਰਸਿਟੀ ਦਾ ਕਿਸੇ ਹੋਰ ਯੂਨੀਵਰਸਿਟੀ ਵਿੱਚ ਰਲੇਵਾਂ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਨਾਲ ਸਰਹੱਦੀ ਜ਼ਿਲ੍ਹੇ ਦੇ ਨੌਜਵਾਨ ਦੇਸ਼ ਦੀ ਸਮਾਜਿਕ-ਆਰਥਿਕ ਤਰੱਕੀ ਵਿੱਚ ਸਰਗਰਮ ਭਾਈਵਾਲ ਬਣਨ ਦੇ ਯੋਗ ਹੋਣਗੇ। ਭਗਵੰਤ ਮਾਨ ਨੇ ਕਿਹਾ ਕਿ ਹੁਨਰਮੰਦ ਸਿਖਲਾਈ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਮੌਕੇ ਪੈਦਾ ਕਰੇਗੀ, ਜਿਸ ਨਾਲ ਸੂਬੇ ਤੋਂ ਹੁੰਦੇ ਪ੍ਰਤਿਭਾ ਪਲਾਇਨ ਵੀ ਰੋਕਿਆ ਜਾ ਸਕੇਗਾ। ਇਹ ਪਵਿੱਤਰ ਧਰਤੀ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੁਨੀਆ ਭਰ ਤੋਂ ਆਉਣ ਵਾਲੇ ਸੈਲਾਨੀਆਂ ਲਈ ਖਿੱਚ ਦਾ ਕੇਂਦਰ ਹੈ। ਉਨ੍ਹਾਂ ਕਿਹਾ ਕਿ ਲੋਕਾਂ ਦੀ ਸਹੂਲਤ ਲਈ ਸੂਬਾ ਸਰਕਾਰ ਜਲਦੀ ਹੁਸੈਨੀਵਾਲਾ ਵਿੱਚ ਟੈਂਟ ਸਿਟੀ ਦਾ ਨਿਰਮਾਣ ਕਰੇਗੀ ਤਾਂ ਕਿ ਇੱਥੇ ਆਉਣ ਵਾਲੇ ਸੈਲਾਨੀਆਂ ਦੀ ਠਹਿਰ ਆਰਾਮਦਾਇਕ ਰਹੇ। ਭਗਵੰਤ ਮਾਨ ਨੇ ਕਿਹਾ ਕਿ ਹੁਸੈਨੀਵਾਲਾ ਅਜਾਇਬ ਘਰ ਦੀ ਕਾਇਆ-ਕਲਪ ਦੀ ਯੋਜਨਾ ਵੀ ਵਿਚਾਰ ਅਧੀਨ ਹੈ ਅਤੇ ਸੂਬਾ ਸਰਕਾਰ ਜਲਦੀ ਇਸ ਨੂੰ ਅੰਤਮ ਰੂਪ ਦੇਵੇਗੀ।