ਚੰਡੀਗੜ੍ਹ: ਨਾ ਸਿਰਫ਼ ਸਿੱਖਾਂ ਲਈ, ਬਲਕਿ ਹਰ ਇੱਕ ਪੰਜਾਬੀ ਲਈ, ਚਾਹੇ ਉਹ ਹਿੰਦੂ ਹੋਵੇ ਜਾਂ ਕਿਸੇ ਵੀ ਧਰਮ ਨਾਲ ਸਬੰਧਤ ਹੋਵੇ, ਦਸੰਬਰ ਮਹੀਨੇ ਦੇ ਆਖਰੀ ਦਿਨਾਂ ਵਿੱਚ ਹਰ ਕੋਈ ਛੋਟੇ ਤੇ ਵੱਡੇ ਸਾਹਿਬਜ਼ਾਦਿਆਂ ਦੀਆਂ ਸ਼ਹੀਦੀਆਂ ਨੂੰ ਯਾਦ ਕਰਦਾ ਹੈ। ਹਰ ਕੋਈ ਇਸ ਦਿਨ ਦੇ ਇਤਿਹਾਸ ਤੋਂ ਜਾਣੂ ਹੁੰਦਾ ਹੈ। ਪੂਰੇ ਪੰਜਾਬ ਵਿੱਚ ਇਸ ਦਿਨ ਸਮਾਗਮ ਕਰਵਾਏ ਜਾਂਦੇ ਹਨ, ਜਿੱਥੇ ਛੋਟੇ ਸਾਹਿਬਜ਼ਾਦਿਆਂ ਅਤੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਅਤੇ ਉਨ੍ਹਾਂ ਦੇ ਪੂਰੇ ਪਰਿਵਾਰ ਦੀਆਂ ਧਰਮ ਬਦਲੇ ਦਿੱਤੀਆਂ ਕੁਰਬਾਨੀਆਂ ਨੂੰ ਯਾਦ ਕੀਤਾ ਜਾਂਦਾ ਹੈ। ਇਨ੍ਹਾਂ ਦਿਨਾਂ ਨੂੰ ਮੁੱਖ ਰੱਖਦੇ ਹੋਏ ਪੰਜਾਬ ਸਰਕਾਰ ਨੇ ਵੀ ਅੱਜ ਪੰਜਾਬ ਵਿਧਾਨ ਸਭਾ ਵਿੱਚ ਖਾਸ ਐਲਾਨ ਕੀਤਾ ਹੈ।
ਸਮੁੱਚੀ ਮਨੁੱਖਤਾ ਲਈ ਸੋਗ ਦਾ ਮਹੀਨਾ :ਮੁੱਖ ਮੰਤਰੀ ਨੇ ਕਿਹਾ ਕਿ ਦਸੰਬਰ ਦੇ ਮਹੀਨੇ ਗੁਰੂ ਗੋਬਿੰਦ ਸਿੰਘ ਜੀ ਦੇ ਮਾਤਾ ਜੀ ਅਤੇ ਸਾਹਿਬਜ਼ਾਦਿਆਂ ਨੂੰ ਸ਼ਹੀਦ ਕਰ ਦਿੱਤਾ ਗਿਆ ਸੀ ਜਿਸ ਕਰਕੇ ਇਹ ਸਮੁੱਚੀ ਮਨੁੱਖਤਾ ਲਈ ਸੋਗ ਦਾ ਮਹੀਨਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ 20 ਦਸੰਬਰ ਤੋਂ 30 ਦਸੰਬਰ ਤੱਕ ਕੋਈ ਵੀ ਖੁਸ਼ੀ ਤੇ ਜਸ਼ਨ ਦਾ ਸਮਾਗਮ ਨਹੀਂ ਕਰੇਗੀ। ਉਨ੍ਹਾਂ ਕਿਹਾ ਕਿ ਦਸਮੇਸ਼ ਪਿਤਾ ਦੇ ਪਰਿਵਾਰ ਵੱਲੋਂ ਦਿੱਤੀ ਲਾਸਾਨੀ ਕੁਰਬਾਨੀ ਪ੍ਰਤੀ ਸੂਬਾ ਸਰਕਾਰ ਦੀ ਇਹ ਨਿਮਾਣੀ ਜਿਹੀ ਸ਼ਰਧਾਂਜਲੀ ਹੋਵੇਗੀ। ਇਨ੍ਹਾਂ ਦਿਨਾਂ ਵਿੱਚ ਕੋਈ ਨਿਯੁਕਤੀ ਪੱਤਰ ਵੀ ਨਹੀਂ ਵੰਡੇ ਜਾਣਗੇ।