ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀਰਵਾਰ ਨੂੰ ਕਾਂਗਰਸ ਦੀ ਕੌਮੀ ਪ੍ਰਧਾਨ ਸੋਨੀਆ ਗਾਂਧੀ ਨਾਲ ਵੀਡੀਓ ਕਾਨਫਰੰਸ ਉੱਤੇ ਗੱਲਬਾਤ ਕਰਦਿਆਂ ਕਿਹਾ ਕਿ ਕੋਵਿਡ-19 ਦੇ ਮੱਦੇਨਜ਼ਰ ਤਾਲਾਬੰਦੀ ਕਾਰਨ ਸੂਬੇ ਵਿੱਚ ਪ੍ਰਵਾਸੀ ਮਜ਼ਦੂਰਾਂ ਦਾ ਕੋਈ ਮਸਲਾ ਨਹੀਂ ਹੈ। ਇਸ ਦੇ ਨਾਲ ਹੀ ਕੋਵਿਡ-19 ਨਾਲ ਲੜਣ ਲਈ ਚੁੱਕੇ ਜਾ ਰਹੇ ਕਦਮਾਂ ਵਿੱਚ ਰਾਹਤ ਫੰਡ ਵਿੱਚ ਕਮੀ ਬਾਰੇ ਜਾਣੂ ਕਰਵਾਇਆ।
ਕੇਂਦਰ ਤੋਂ ਨਹੀਂ ਮਿਲਿਆ ਹਿੱਸਾ
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਕੇਂਦਰ ਸਰਕਾਰ ਵਲੋਂ ਜੀਐਸਟੀ ਫੰਡ ਨਹੀਂ ਮਿਲਿਆ ਹੈ। ਇਸ ਕਾਰਨ ਕਈ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਜੀਐਸਟੀ ਦੇ ਹਿੱਸੇ ਵਜੋਂ ਕੇਂਦਰ ਸਰਕਾਰ ਨੇ ਬੇਘਰਾਂ ਤੇ ਗਰੀਬਾਂ ਦੇ ਰਹਿਣ ਲਈ ਤੇ ਖਾਣ ਦੇ ਪ੍ਰਬੰਧ ਸਣੇ ਇਸ ਮੁਸ਼ਕਲ ਤੋਂ ਇਲਾਵਾ ਹੋਰ ਉਪਾਅ ਕਰਨ ਨੂੰ ਯਕੀਨੀ ਬਣਾਉਣ ਲਈ ਸਾਰੇ ਜ਼ਿਲ੍ਹਿਆਂ ਲਈ 20 ਕਰੋੜ ਰੁਪਏ ਮੰਨਜ਼ੂਰ ਕੀਤੇ ਸਨ।
ਕਿਸਾਨਾਂ ਦੀ ਸੱਮਸਿਆ
ਮੁੱਖ ਮੰਤਰੀ ਕੈਪਟਨ ਨੇ ਕਿਹਾ ਕਿ ਫਸਲਾਂ ਦੀ ਕਟਾਈ ਦੇ ਸੀਜ਼ਨ ਦੀ ਸ਼ੁਰਆਤ ਦੇ ਮੱਦੇਨਜ਼ਰ ਕਿਸਾਨਾਂ ਲਈ ਉਚਿੱਤ ਪ੍ਰਬੰਧਾਂ ਉੱਤੇ ਸੋਨੀਆਂ ਗਾਂਧੀ ਨੇ ਚਿੰਤਾ ਜ਼ਾਹਰ ਕੀਤੀ। ਇਸ ਉੱਤੇ ਕੈਪਟਨ ਨੇ ਕਿਹਾ ਕਿ ਮੰਡੀਆਂ ਵਿੱਚ ਸਾਮਾਜਿਕ ਦੂਰੀ ਦੀ ਸਖ਼ਤੀ ਨਾਲ ਪਾਲਣਾ ਦੇ ਨਾਲ-ਨਾਲ ਬਿਨਾਂ ਰੁਕਾਵਟ ਦੇ ਕਿਸਾਨੀ ਕਾਰਜਾਂ ਨੂੰ ਯਕੀਨੀ ਬਣਾਉਣ ਲਈ ਪ੍ਰਬੰਧ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਕੇਂਦਰ ਸਰਕਾਰ ਨੂੰ ਵੀ ਅਪੀਲ ਕੀਤੀ ਹੈ ਕਿ ਮੰਡੀਆਂ ਵਿੱਚ ਕਣਕ ਦੇਰੀ ਨਾਲ ਲਿਆਉਣ ਤੇ ਖ਼ਰੀਦ ਕਰਨ ਲਈ ਕਿਸਾਨਾਂ ਨੂੰ ਮੁਆਵਜ਼ਾ ਦਿੱਤਾ ਜਾਵੇ।