ਚੰਡੀਗੜ੍ਹ: ਕਿਸਾਨਾਂ ਨੂੰ ਜ਼ਰੂਰੀ ਵਸਤਾਂ ਦੀ ਆਵਾਜਾਈ ਲਈ ਆਪਣੇ ਰੇਲ ਰੋਕੋ ਅੰਦੋਲਨ ਵਿੱਚ ਢਿੱਲ ਦੇਣ ਦੀ ਅਪੀਲ ਨੂੰ ਦੁਹਰਾਉਂਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰ ਸਰਕਾਰ 'ਤੇ ਬੀਤੇ ਦਿਨ ਦੀ ਮੀਟਿੰਗ ਦੌਰਾਨ ਕਿਸਾਨ ਯੂਨੀਅਨਾਂ ਪ੍ਰਤੀ ਹੰਕਾਰੀ ਅਤੇ ਘਮੰਡੀ ਰਵੱਈਆ ਅਪਣਾਉਣ ਕਰਕੇ ਕਿਸਾਨ ਸੰਘਰਸ਼ ਕਾਰਨ ਪੈਦਾ ਹੋਏ ਬਿਜਲੀ ਸੰਕਟ ਨੂੰ ਹੱਲ ਕਰਨ ਵਿੱਚ ਨਾਕਾਮ ਰਹਿਣ ਦਾ ਦੋਸ਼ ਲਾਇਆ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਭਾਵੇਂ ਉਨ੍ਹਾਂ ਦੇ ਤਿੰਨ ਕੈਬਨਿਟ ਸਾਥੀ ਰੇਲ ਆਵਾਜਾਈ ਲਈ ਕਿਸਾਨ ਯੂਨੀਅਨਾਂ ਨਾਲ ਗੱਲਬਾਤ ਕਰ ਰਹੇ ਹਨ ਕਿਉਂ ਜੋ ਇਸ ਨਾਲ ਸੂਬੇ ਵਿੱਚ ਕੋਲੇ ਦੇ ਵੱਡੀ ਘਾਟ ਪੈਦਾ ਹੋ ਗਈ ਹੈ, ਜਿਸ ਕਰਕੇ ਇਹ ਕੇਂਦਰ ਸਰਕਾਰ ਦਾ ਵੀ ਫਰਜ਼ ਬਣਦਾ ਸੀ ਕਿ ਉਹ ਇਨ੍ਹਾਂ ਨਾਲ ਰਾਬਤਾ ਕਾਇਮ ਕਰਦੀ। ਉਨ੍ਹਾਂ ਕਿਹਾ ਕਿ ਲਹਿਰਾ ਮੁਹੱਬਤ ਪਲਾਂਟ ਦੇ ਦੋ ਯੂਨਿਟ ਅਤੇ ਤਰਨ ਤਾਰਨ ਵਿੱਚ ਜੀ.ਵੀ.ਕੇ. ਦਾ ਇੱਕ ਯੂਨਿਟ ਬੰਦ ਹੋ ਚੁੱਕੇ ਹਨ ਅਤੇ ਸੂਬਾ ਬਿਜਲੀ ਦੀ ਵੱਡੀ ਕਮੀ ਵੱਲ ਵਧ ਰਿਹਾ ਹੈ।