ਪੰਜਾਬ

punjab

ETV Bharat / state

ਕੈਪਟਨ ਨੇ ਅਮਿਤ ਸ਼ਾਹ ਨਾਲ ਕੀਤੀ ਮੁਲਾਕਾਤ, ਕਈ ਮੁੱਦਿਆਂ 'ਤੇ ਕੀਤੀ ਚਰਚਾ - ਕੈਪਟਨ ਨੇ ਅਮਿਤ ਸ਼ਾਹ ਨਾਲ ਕੀਤੀ ਮੁਲਾਕਾਤ

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮੰਗਲਵਾਰ ਨੂੰ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਦੋਹਾਂ ਵਿਚਾਲੇ ਕਈ ਮੁੱਦਿਆਂ 'ਤੇ ਚਰਚਾ ਹੋਈ।

ਕੈਪਟਨ ਨੇ ਅਮਿਤ ਸ਼ਾਹ ਨਾਲ ਕੀਤੀ ਮੁਲਾਕਾਤ

By

Published : Sep 3, 2019, 11:05 PM IST

ਨਵੀਂ ਦਿੱਲੀ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮੰਗਲਵਾਰ ਨੂੰ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ। ਇਸ ਮੌਕੇ ਕੌਮੀ ਤੇ ਸੂਬਾਈ ਸੁਰੱਖਿਆ ਦੇ ਮਾਮਲਿਆਂ ਬਾਰੇ ਵਿਚਾਰ ਚਰਚਾ ਕੀਤੀ ਗਈ। ਇਸ ਦੇ ਨਾਲ ਹੀ ਕੈਪਟਨ ਨੇ ਗ੍ਰਹਿ ਮੰਤਰੀ ਕੋਲ ਇਹ ਵੀ ਅਪੀਲ ਕੀਤੀ ਕਿ ਪਾਕਿਸਤਾਨ ਵਿੱਚ ਸਿੱਖ ਕੁੜੀ ਦੇ ਜ਼ਬਰਨ ਧਰਮ ਪਰਿਵਰਤਨ ਦਾ ਮਾਮਲਾ ਕੇਂਦਰ ਸਰਕਾਰ ਉਥੋਂ ਦੀ ਸਰਕਾਰ ਕੋਲ ਜ਼ੋਰਦਾਰ ਢੰਗ ਨਾਲ ਉਠਾਏ।

ਕੇਂਦਰੀ ਗ੍ਰਹਿ ਮੰਤਰੀ ਨਾਲ ਮੁਲਾਕਾਤ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਭਾਰਤ ਸਰਕਾਰ ਨੂੰ ਸਿੱਖ ਕੁੜੀ ਦਾ ਮਾਮਲਾ ਪਾਕਿਸਤਾਨੀ ਅਧਿਕਾਰੀਆਂ ਨਾਲ ਉਚੱ ਪੱਧਰ 'ਤੇ ਉਠਾਉਣਾ ਚਾਹੀਦਾ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਉਹ ਪਹਿਲਾਂ ਹੀ ਜਨਤਕ ਤੌਰ ’ਤੇ ਬਿਆਨ ਜਾਰੀ ਕਰ ਕੇ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਨੂੰ ਇਸ ਮਾਮਲੇ ਵਿੱਚ ਨਿੱਜੀ ਦਖਲ ਦੇ ਕੇ ਦੋਸ਼ੀਆਂ ਵਿਰੁੱਧ ਸਖ਼ਤ ਕਾਰਵਾਈ ਦਾ ਮੁੱਦਾ ਉਠਾਉਣ ਦੀ ਮੰਗ ਕਰ ਚੁੱਕੇ ਹਨ।

ਸਤਲੁਜ ਯਮਨਾ ਲਿੰਕ (ਐਸ.ਵਾਈ.ਐਲ.) ਨਹਿਰ ਦੇ ਕੇਸ ਵਿੱਚ ਸੁਪਰੀਮ ਕੋਰਟ ਵੱਲੋਂ ਪੰਜਾਬ, ਹਰਿਆਣਾ ਤੇ ਕੇਂਦਰ ਸਰਕਾਰ ਨੂੰ ਗੱਲਬਾਤ ਰਾਹੀਂ ਮਸਲਾ ਹੱਲ ਕਰਨ ਲਈ ਦਿੱਤੇ ਚਾਰ ਮਹੀਨੇ ਦੇ ਸਮੇਂ ਬਾਰੇ ਪੁੱਛੇ ਜਾਣ 'ਤੇ ਕੈਪਟਨ ਨੇ ਕਿਹਾ ਕਿ ਸੁਪਰੀਮ ਕੋਰਟ ਵੱਲੋਂ ਪਹਿਲਾ ਹੀ ਦੋਵਾਂ ਸੂਬਿਆਂ, ਪੰਜਾਬ ਤੇ ਹਰਿਆਣਾ ਦੀਆਂ ਸਰਕਾਰਾਂ ਨੂੰ ਗੱਲਬਾਤ ਰਾਹੀਂ ਸੁਖਾਲਾ ਹੱਲ ਕੱਢਣ ਲਈ ਆਪਣੇ ਅਧਿਕਾਰੀ ਨਾਮਜ਼ਦ ਕਰਨ ਨੂੰ ਕਿਹਾ ਗਿਆ ਸੀ। ਇਸ ਮਾਮਲੇ ਦੇ ਵਧੀਆ ਸੰਭਵ ਹੱਲ ਲਈ ਪੰਜਾਬ ਦੇ ਮੁੱਖ ਸਕੱਤਰ ਪਹਿਲਾਂ ਹੀ ਹਰਿਆਣਾ ਦੇ ਮੁੱਖ ਸਕੱਤਰ ਨਾਲ ਰਾਬਤਾ ਕਾਇਮ ਰੱਖ ਰਹੇ ਹਨ।

ਕਰਤਾਰਪੁਰ ਲਾਂਘੇ ਬਾਰੇ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਸੰਤੁਸ਼ਟੀ ਜ਼ਾਹਿਰ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਲਾਂਘੇ ਦੇ ਚੱਲ ਰਹੇ ਕੰਮ ਉੱਤੇ ਤਸੱਲੀ ਹੈ, ਜਿਹੜਾ ਆਪਣੇ ਤੈਅ ਸਮੇਂ 'ਤੇ ਖੁੱਲ ਜਾਵੇਗਾ। ਆਉਣ ਵਾਲੇ ਦਿਨਾਂ 'ਚ ਦੋਵੇਂ ਮੁਲਕਾਂ ਦੇ ਅਧਿਕਾਰੀਆਂ ਵਿਚਾਲੇ ਮੁਲਾਕਾਤ ਵੀ ਹੋਣ ਜਾ ਰਹੀ ਹੈ।

ABOUT THE AUTHOR

...view details