ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸੰਗਰੂਰ ਵੈਨ ਹਾਦਸੇ ਤੋਂ ਬਾਅਦ ਟਰਾਂਸਪੋਰਟ ਵਿਭਾਗ ਨੂੰ ਸਾਰੀਆਂ ਸਕੂਲ ਬੱਸਾਂ ਦੀ ਤੁਰੰਤ ਸੂਬਾ ਪੱਧਰੀ ਚੈਕਿੰਗ ਸ਼ੁਰੂ ਕਰਨ ਦੇ ਹੁਕਮ ਦਿੱਤੇ ਹਨ ਤਾਂ ਕਿ ਬੱਚਿਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਦੇ ਨਾਲ-ਨਾਲ ਭਵਿੱਖ ਵਿੱਚ ਅਜਿਹੇ ਦੁਖਦਾਇਕ ਹਾਦਸਿਆਂ ਨੂੰ ਵਾਪਰਨ ਤੋਂ ਰੋਕਿਆ ਜਾ ਸਕੇ।
ਇਸ ਦੇ ਨਾਲ ਹੀ ਕੈਪਟਨ ਅਮਰਿੰਦਰ ਸਿੰਘ ਨੇ ਸਮਾਜਿਕ ਸੁਰੱਖਿਆ ਵਿਭਾਗ ਦੇ ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰਾਂ ਨੂੰ ਮੋਟਰ ਵਹੀਕਲ ਐਕਟ ਦੇ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਸਕੂਲ ਵਾਹਨਾਂ 'ਤੇ ਸਖ਼ਤ ਨਜ਼ਰ ਰੱਖਣ ਦੇ ਨਿਰਦੇਸ਼ ਦਿੱਤੇ ਹਨ। ਉਨ੍ਹਾਂ ਨੇ ਵਿਦਿਆਰਥੀਆਂ ਦੇ ਆਉਣ-ਜਾਣ ਲਈ ਵਰਤੇ ਜਾਂਦੇ ਖ਼ਰਾਬ ਵਾਹਨਾਂ ਦੀ ਵਰਤੋਂ ਕਰਨ 'ਤੇ ਸਕੂਲ ਪ੍ਰਬੰਧਕਾਂ 'ਤੇ ਵੀ ਨਜ਼ਰ ਰੱਖਣ ਲਈ ਆਖਿਆ ਹੈ।