ਚੰਡੀਗੜ੍ਹ: ਕੋਰੋਨਾ ਵਾਇਰਸ ਨੂੰ ਲੈ ਕੇ ਕਈ ਤਰ੍ਹਾਂ ਦੀਆਂ ਅਫਵਾਹਾਂ ਫ਼ੈਲਾਈਆਂ ਜਾ ਰਹੀਆਂ ਹਨ। ਹਾਲ ਹੀ ਵਿੱਚ ਖ਼ਬਰਾਂ ਆ ਰਹੀਆਂ ਸੀ ਕਿ ਕੋਰੋਨਾ ਵਾਇਰਸ ਦੇ ਵੱਧ ਰਹੇ ਪ੍ਰਭਾਵਾਂ ਨੂੰ ਦੇਖਦਿਆਂ ਫੈਲ ਰਹੀਆਂ ਅਫਵਾਹਾਂ ਨੂੰ ਰੋਕਣ ਲਈ ਪੰਜਾਬ ਵਿੱਚ 31 ਮਾਰਚ ਤੱਕ ਇੰਟਰਨੈੱਟ ਸੇਵਾਵਾਂ ਬੰਦ ਕੀਤੀਆਂ ਜਾਣਗੀਆਂ।
ਇੰਟਰਨੈੱਟ ਸੇਵਾਵਾਂ ਬੰਦ ਕਰਨ ਦੀਆਂ ਖ਼ਬਰਾਂ ਝੂਠ: ਕੈਪਟਨ - ਕੋਰੋਨਾ ਵਾਇਰਸ
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇੰਟਰਨੈੱਟ ਸੇਵਾਵਾਂ ਬੰਦ ਹੋਣ ਦੀਆਂ ਖ਼ਬਰਾਂ ਨੂੰ ਝੂਠ ਦੱਸਿਆ ਹੈ ਅਤੇ ਕਿਹਾ ਹੈ ਕਿ ਅਜਿਹੀਆਂ ਅਫ਼ਵਾਹਾਂ ਫੈਲਾਉਣ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ।

ਕੈਪਟਨ ਅਮਰਿੰਦਰ ਸਿੰਘ
ਇਨ੍ਹਾਂ ਖ਼ਬਰਾਂ ਨੂੰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਝੂਠ ਕਰਾਰ ਦਿੱਤਾ ਹੈ। ਉਨ੍ਹਾਂ ਟਵੀਟ ਕਰ ਇਸ ਬਾਰੇ ਜਾਣਕਾਰੀ ਦਿੱਤੀ ਹੈ।
ਮੁੱਖ ਮੰਤਰੀ ਨੇ ਟਵੀਟ ਕਰਦਿਆਂ ਲਿਖਿਆ, "ਮੈਂ ਪੰਜਾਬੀਆਂ ਨੂੰ ਬੇਨਤੀ ਕਰਦਾ ਹਾਂ ਕਿ ਉਹ ਬਿਨ੍ਹਾਂ ਵਜ੍ਹਾ ਖਬਰਾਂ ਅਤੇ ਜਾਣਕਾਰੀ ਨੂੰ ਸਾਂਝਾ ਨਾ ਕਰਨ ਕਿਉਂਕਿ ਇਸ ਨਾਲ ਦਹਿਸ਼ਤ ਪੈਦਾ ਹੋ ਸਕਦੀ ਹੈ। ਹੇਠ ਦਿੱਤੀ ਸਮੱਗਰੀ ਜੋ ਦਾਅਵਾ ਕਰਦੀ ਹੈ ਕਿ ਪੰਜਾਬ ਸਰਕਾਰ ਇੰਟਰਨੈੱਟ ਸੇਵਾਵਾਂ ਬੰਦ ਕਰ ਰਹੀ ਹੈ, ਇਹ ਝੂਠ ਹੈ। ਅਫਵਾਹਾਂ ਫੈਲਾਉਣ ਵਾਲੇ ਕਿਸੇ ਵੀ ਵਿਅਕਤੀ ਵਿਰੁੱਧ ਕਾਰਵਾਈ ਕੀਤੀ ਜਾਵੇਗੀ।"