ਚੰਡੀਗੜ੍ਹ:ਮਾਨਸਾ ਜ਼ਿਲ੍ਹੇ ਦੇ ਲੋਕ ਘੱਗਰ ਦਾ ਕਹਿਰ ਝੱਲ ਰਹੇ ਹਨ। ਘੱਗਰ ਦਾ ਪਾਣੀ ਪਿੰਡਾਂ ਅਤੇ ਖੇਤਾਂ ਵਿੱਚ ਤਬਾਹੀ ਮਚਾ ਰਿਹਾ ਹੈ, ਜਿਸ ਦੇ ਚਲਦੇ ਕਿਸਾਨਾਂ ਦੀ ਹਜ਼ਾਰਾਂ ਏਕੜ ਫਸਲ ਪਾਣੀ ਵਿੱਚ ਡੁੱਬ ਚੁੱਕੀ ਹੈ ਤੇ ਉਥੇ ਹੀ ਪਿੰਡਾਂ ਦੇ ਪਿੰਡ ਵੀ ਪਾਣੀ ਵਿੱਚ ਡੁੱਬ ਚੁੱਕੇ ਹਨ। ਲੋਕ ਆਪਣੇ ਘਰ ਛੱਡ ਉੱਚੀਆਂ ਥਾਵਾਂ ਵੱਲ ਜਾ ਰਹੇ ਹਨ। ਸਰਦੂਲਗੜ੍ਹ ਦੇ ਨਾਲ ਲੱਗਦੇ ਇਲਾਕੇ ਵਿੱਚ ਲੋਕ ਘਰਾਂ ਵਿੱਚ ਫਸੇ ਹੋਏ ਹਨ, ਜਿਹਨਾਂ ਨੂੰ ਫੋਰਸ ਕੱਢਣ ਵਿੱਚ ਲੱਗੀ ਹੋਈ ਹੈ। ਪਾਣੀ ਵਿੱਚ ਘੇਰੇ ਕੁਝ ਲੋਕ ਆਪਣਾ ਸਮਾਨ ਲੈ ਕੇ ਆਪਣੇ ਘਰਾਂ ਦੀਆਂ ਛੱਤਾਂ ਉੱਪਰ ਬੈਠੇ ਹਨ। ਉਥੇ ਹੀ ਪਠਾਨਕੋਟ ਤੇ ਗੁਰਦਾਸਪੁਰ ਦੇ ਇਲਾਕੇ ਵੀ ਹੜ੍ਹ ਦੀ ਮਾਰ ਝੱਲ ਰਹੇ ਹਨ। ਇਸੇ ਸਥਿਤੀ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰ ਕਿਹਾ ਹੈ ਕਿ ਉਹ ਸਥਿਤੀ ਉੱਤੇ ਖੁਦ ਨਜ਼ਰ ਰੱਖ ਰਹੇ ਹਨ।
ਸਰਦੂਲਗੜ੍ਹ ਤੋਂ ਪਠਾਨਕੋਟ ਤੱਕ ਸਾਰੇ ਪੰਜਾਬ ਦੇ ਪਾਣੀ ਦੇ ਹਾਲਾਤਾਂ ਤੇ ਮੈਂ ਖੁਦ ਪਲ ਪਲ ਦੀ ਨਿਗਰਾਨੀ ਕਰ ਰਿਹਾ ਹਾਂ, ਪ੍ਰਸ਼ਾਸਨ,ਸਮਾਜਸੇਵੀ ਸੰਸਥਾਵਾਂ ਅਤੇ ਲੋਕ ਮਿਲਕੇ ਜੋ ਲੋੜਬੰਦਾਂ ਦੀ ਮਦਦ ਕਰ ਰਹੇ ਨੇ ਉਹ ਬਹੁਤ ਹੀ ਕਾਬਿਲੇ ਤਾਰੀਫ ਹੈ, ਸਰਕਾਰ ਹਮੇਸ਼ਾ ਲੋਕਾਂ ਦੇ ਨਾਲ ਰਹੇਗੀ। - ਭਗਵੰਤ ਮਾਨ, ਮੁੱਖ ਮੰਤਰੀ ਪੰਜਾਬ
ਹਲਾਤਾਂ 'ਤੇ ਨਜ਼ਰ ਰੱਖੀ ਜਾ ਰਹੀ ਹੈ:ਮੁੱਖ ਮੰਤਰੀ ਨੇ ਕਿਹਾ ਕਿ ਹੜ੍ਹਾਂ ਕਾਰਨ ਸੂਬੇ ਵਿਚ ਪੈਦਾ ਹੋਏ ਹਾਲਾਤ ਉਤੇ ਉਨ੍ਹਾਂ ਨੇ ਨਿੱਜੀ ਤੌਰ ਉਤੇ ਨਜ਼ਰ ਰੱਖੀ ਹੋਈ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਹੜ੍ਹ ਪੀੜਤ ਲੋਕਾਂ ਨੂੰ ਸਮੇਂ ਸਿਰ ਰਾਹਤ ਪਹੁੰਚਾਏ ਜਾਣ ਲਈ ਵਚਨਬੱਧ ਹੈ ਅਤੇ ਇਸ ਨੇਕ ਕਾਰਜ ਲਈ ਕੋਈ ਕਸਰ ਬਾਕੀ ਨਹੀਂ ਛੱਡੇਗੀ। ਭਗਵੰਤ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਇਸ ਔਖੀ ਘੜੀ ਵਿਚ ਲੋਕਾਂ ਨਾਲ ਡਟ ਕੇ ਖੜ੍ਹੀ ਹੈ ਅਤੇ ਉਨ੍ਹਾਂ ਨੂੰ ਲੋੜੀਂਦੀ ਮਦਦ ਦਿੱਤੀ ਜਾ ਰਹੀ ਹੈ।
ਬਚਾਅ ਕਾਰਜ ਜਾਰੀ:ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਦੇ ਮੰਤਰੀ, ਉਚ ਅਧਿਕਾਰੀ ਅਤੇ ਹੋਰ ਪ੍ਰਸ਼ਾਸਨਿਕ ਮਸ਼ੀਨਰੀ ਪਹਿਲਾਂ ਹੀ ਲੋਕਾਂ ਦੀ ਇਮਦਾਦ ਲਈ ਪੂਰੀ ਤਰ੍ਹਾਂ ਸਰਗਰਮ ਹੈ। ਉਨ੍ਹਾਂ ਕਿਹਾ ਕਿ ਹੜ੍ਹ ਪ੍ਰਭਾਵਿਤ ਜ਼ਿਲ੍ਹਿਆਂ ਵਿਚ ਰਾਹਤ ਤੇ ਬਚਾਅ ਕਾਰਜ ਵੱਡੇ ਪੱਧਰ ਉਤੇ ਕੀਤੇ ਜਾ ਰਹੇ ਹਨ ਤਾਂ ਕਿ ਲੋਕਾਂ ਨੂੰ ਕਿਸੇ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਭਗਵੰਤ ਮਾਨ ਨੇ ਇਸ ਔਖੇ ਸਮੇਂ ਵਿਚ ਤਨ-ਮਨ ਨਾਲ ਲੋਕਾਂ ਦੀ ਸੇਵਾ ਵਿਚ ਜੁਟੀਆਂ ਗੈਰ-ਸਰਕਾਰੀ ਸੰਸਥਾਵਾਂ ਅਤੇ ਹੋਰ ਜਥੇਬੰਦੀਆਂ ਦੀ ਭਰਵੀਂ ਸ਼ਲਾਘਾ ਕੀਤੀ।
ਸਰਕਾਰ ਭਰਪਾਈ ਕਰੇਗੀ: ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਦੇ ਪ੍ਰਭਾਵਿਤ ਇਲਾਕਿਆਂ ਵਿਚ ਬਚਾਅ ਤੇ ਰਾਹਤ ਕਾਰਜਾਂ ਨੂੰ ਪਹਿਲ ਦਿੱਤੀ ਜਾ ਰਹੀ ਹੈ ਤਾਂ ਕਿ ਲੋਕਾਂ ਦੀ ਦੁੱਖ-ਤਕਲੀਫਾਂ ਘਟਾਈਆਂ ਜਾ ਸਕਣ। ਉਨ੍ਹਾਂ ਕਿਹਾ ਕਿ ਇਨ੍ਹਾਂ ਇਲਾਕਿਆਂ ਵਿਚ ਲੋਕਾਂ ਦੀ ਜਾਨ-ਮਾਲ ਦੀ ਸੁਰੱਖਿਆ ਲਈ ਲੋੜੀਂਦੇ ਕਦਮ ਚੁੱਕੇ ਜਾ ਰਹੇ ਹਨ। ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਹੜ੍ਹਾਂ ਕਾਰਨ ਲੋਕਾਂ ਦੇ ਹੋਏ ਨੁਕਸਾਨ ਦੇ ਇਕ-ਇਕ ਪੈਸੇ ਦੀ ਭਰਪਾਈ ਕਰੇਗੀ। ਉਨ੍ਹਾਂ ਅੱਗੇ ਦੱਸਿਆ ਕਿ ਭਾਰੀ ਮੀਂਹ ਕਾਰਨ ਫਸਲਾਂ, ਘਰਾਂ ਅਤੇ ਹੋਰ ਨੁਕਸਾਨ ਦਾ ਪਤਾ ਲਾਉਣ ਲਈ ਵਿਸ਼ੇਸ਼ ਗਿਰਦਾਵਰੀ ਦੇ ਹੁਕਮ ਪਹਿਲਾਂ ਹੀ ਜਾਰੀ ਕੀਤੇ ਜਾ ਚੁੱਕੇ ਹਨ। ਉਨ੍ਹਾਂ ਕਿਹਾ ਕਿ ਸਬੰਧਤ ਡਿਪਟੀ ਕਮਿਸ਼ਨਰਾਂ ਨੂੰ ਫਸਲਾਂ, ਘਰਾਂ, ਪਸ਼ੂਆਂ ਆਦਿ ਦੀ ਗਿਰਦਾਵਰੀ ਪਹਿਲ ਦੇ ਆਧਾਰ ਉਤੇ ਕਰਵਾਉਣ ਦੀਆਂ ਵਿਸਥਾਰਤ ਹਦਾਇਤਾਂ ਦਿੱਤੀਆਂ ਜਾ ਚੁੱਕੀਆਂ ਹਨ।