ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਪੰਜਾਬ ਲੈਂਡ ਰਿਕਾਰਡ ਸੁਸਾਇਟੀ ਨਾਲ ਮੀਟਿੰਗ ਕੀਤੀ। ਜਿਸ ਵਿੱਚ ਤਹਿਸੀਲਾਂ ਵਿੱਚ ਸੁਧਾਰ ਨੂੰ ਲੈ ਕੇ ਚਰਚਾ ਹੋਈ। ਦੱਸਦੇਇਆ ਕਿ ਸਰਕਾਰ ਜਲਦ ਹੀ ਤਹਿਸੀਲਾਂ ਦੇ ਰਿਕਾਰਡ ਨੂੰ ਆਨਲਾਈਨ ਕਰਨ ਜਾ ਰਹੀ ਹੈ। ਜਿਸ ਦੀ ਜਾਣਕਾਰੀ ਸ਼ੋਸਲ ਮੀਡੀਆ ਉਤੇ ਮੁੱਖ ਮੰਤਰੀ ਨੇ ਖ਼ੁਦ ਦਿੱਤੀ। ਉਨ੍ਹਾਂ ਨੇ ਟਵੀਟ ਕਰਕੇ ਇਸ ਸਬੰਧੀ ਜਾਣਕਾਰੀ ਦਿੱਤੀ ਹੈ। ਉਨ੍ਹਾਂ ਨੇ ਟਵੀਟ ਕਰਦੇ ਹੋਏ ਲਿਖਿਆ ਹੈ।
'ਅੱਜ ਪੰਜਾਬ ਲੈਂਡ ਰਿਕਾਰਡ ਸੁਸਾਇਟੀ ਦੀ ਮੀਟਿੰਗ ਹੋਈ.. ਜਿਸ ਵਿੱਚ ਤਹਿਸੀਲਾਂ ਵਿੱਚ ਸੁਧਾਰ ਨੂੰ ਲੈ ਕੇ ਚਰਚਾ ਹੋਈ... ਅਸੀਂ ਸਾਰੇ ਰਿਕਾਰਡ ਨੂੰ ਆਨਲਾਈਨ ਕਰਨ ਜਾ ਰਹੇ ਹਾਂ ਨਾਲ ਹੀ ਤਹਿਸੀਲਾਂ ਦੀ ਕੰਮਕਾਜੀ ਭਾਸ਼ਾ ਨੂੰ ਸੌਖੀ ਪੰਜਾਬੀ 'ਚ ਕਰਨ ਜਾ ਰਹੇ ਹਾਂ ਤਾਂ ਜੋ ਲੋਕਾਂ ਨੂੰ ਰਿਕਾਰਡ ਪੜ੍ਹਨ ਤੇ ਲਿਖਣ 'ਚ ਕਿਸੇ ਤਰ੍ਹਾਂ ਦੀ ਖੱਜਲ-ਖ਼ੁਆਰੀ ਨਾ ਹੋਵੇ...
ਇਸ ਦੇ ਨਾਲ ਹੀ ਪੰਜਾਬ ਸਰਕਾਰ ਨੇ ਮਾਨਸੂਨ ਤੋਂ ਪਹਿਲਾਂ ਹੜ੍ਹ ਪ੍ਰਬੰਧਨ ਨੂੰ ਲੈ ਕੇ ਅਹਿਮ ਫੈਸਲੇ ਲਏ ਹਨ: ਸੂਬੇ ਵਿੱਚ ਚੱਲ ਰਹੇ ਹੜ੍ਹ ਰੋਕੂ ਕੰਮਾਂ ਦਾ ਜਾਇਜ਼ਾ ਲੈਣ ਲਈ ਸੂਬਾਈ ਹੜ੍ਹ ਕੰਟਰੋਲ ਬੋਰਡ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਵਿੱਚ ਡਰੇਨਾਂ ਦੀ ਕੁੱਲ ਲੰਬਾਈ 8136.76 ਕਿਲੋਮੀਟਰ ਅਤੇ ਧੁੱਸੀ ਬੰਨ੍ਹਾਂ ਦੀ ਲੰਬਾਈ 1365 ਕਿਲੋਮੀਟਰ ਹੈ। ਉਨ੍ਹਾਂ ਦੱਸਿਆ ਕਿ ਸਾਲ 2022 ਵਿੱਚ ਡਰੇਨਾਂ ਦੀ ਸਫ਼ਾਈ ਦੇ 232 ਕੰਮਾਂ 'ਤੇ 34.85 ਕਰੋੜ ਰੁਪਏ ਅਤੇ 100 ਹੜ੍ਹ ਰੋਕੂ ਕੰਮਾਂ 'ਤੇ 48.32 ਕਰੋੜ ਰੁਪਏ ਖਰਚ ਕੀਤੇ ਗਏ ਹਨ। ਭਗਵੰਤ ਮਾਨ ਨੇ ਦੱਸਿਆ ਕਿ ਇਸ ਸਾਲ ਹੜ੍ਹ ਰੋਕੂ ਕੰਮਾਂ 'ਤੇ ਹੁਣ ਤੱਕ 39.90 ਕਰੋੜ ਰੁਪਏ ਅਤੇ ਡਰੇਨਾਂ ਦੀ ਸਫਾਈ 'ਤੇ 39.43 ਕਰੋੜ ਰੁਪਏ ਖਰਚੇ ਜਾ ਚੁੱਕੇ ਹਨ।
ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਦੇ ਸਾਰੇ ਜ਼ਿਲ੍ਹਿਆਂ ਵਿੱਚ ਕੰਮ ਚੱਲ ਰਿਹਾ ਹੈ ਅਤੇ ਪੁਲਾਂ ਦੇ ਹੇਠਾਂ ਜਲ ਸਰੋਤਾਂ ਦੀ ਸਫ਼ਾਈ ਅਤੇ ਜਲ ਸਰੋਤਾਂ ਵਿੱਚੋਂ ਗਾਰ ਕੱਢਣ ਦੇ ਨਾਲ-ਨਾਲ ਬਾਰਸ਼ਾਂ ਕਾਰਨ ਅਕਸਰ ਹੜ੍ਹਾਂ ਦੀ ਸੰਭਾਵਨਾ ਵਾਲੀਆਂ ਥਾਵਾਂ ਨੂੰ ਮਜ਼ਬੂਤ ਕਰਨ ਦਾ ਕੰਮ ਸ਼ੁਰੂ ਕਰ ਦਿੱਤਾ ਗਿਆ ਹੈ। ਭਗਵੰਤ ਮਾਨ ਨੇ ਕਿਹਾ ਕਿ ਸੂਬੇ ਭਰ ਦੇ ਡਿਪਟੀ ਕਮਿਸ਼ਨਰਾਂ ਨਾਲ ਤਾਲਮੇਲ ਕਰਕੇ ਉਨ੍ਹਾਂ ਨੂੰ ਹੜ੍ਹ ਰੋਕੂ ਕੰਮਾਂ ਦੀ ਬਾਕਾਇਦਾ ਨਿਗਰਾਨੀ ਕਰਨ ਲਈ ਕਿਹਾ ਗਿਆ ਹੈ। ਹੜ੍ਹਾਂ ਕਾਰਨ ਮਨੁੱਖੀ ਜਾਨਾਂ, ਪਸ਼ੂ ਧਨ, ਜਾਇਦਾਦ ਅਤੇ ਖੜ੍ਹੀਆਂ ਫਸਲਾਂ ਦੇ ਹੋਏ ਭਾਰੀ ਨੁਕਸਾਨ 'ਤੇ ਚਿੰਤਾ ਜ਼ਾਹਰ ਕਰਦਿਆਂ ਉਨ੍ਹਾਂ ਨੇ ਵਿਭਾਗ ਨੂੰ ਹਦਾਇਤ ਕੀਤੀ ਕਿ ਪਿਛਲੇ ਸਮੇਂ ਦੌਰਾਨ ਆਏ ਹੜ੍ਹਾਂ ਦੀ ਸੰਭਾਵਨਾ ਨੂੰ ਖ਼ਤਮ ਕਰਨ ਲਈ ਹਰ ਸੰਭਵ ਕਦਮ ਚੁੱਕੇ ਜਾਣ।