ਪੰਜਾਬ

punjab

ETV Bharat / state

ਪੰਜਾਬ ਸਰਕਾਰ ਵੱਲੋਂ ਝੋਨੇ ਅਤੇ ਮੱਕੀ ਦੀ ਕਾਸ਼ਤ ਲਈ ਮਸ਼ੀਨਰੀ ’ਤੇ 50 ਫੀਸਦੀ ਤੱਕ ਸਬਸਿਡੀ ਦੇਣ ਦਾ ਐਲਾਨ

ਝੋਨੇ ਦੀ ਸਿੱਧੀ ਬਿਜਾਈ ਲਈ ਪੰਜਾਬ ਸਰਕਾਰ ਵੱਲੋਂ ਖੇਤੀ ਮਸ਼ੀਨਰੀ ’ਤੇ ਕਿਸਾਨ ਬੀਬੀਆਂ/ਛੋਟੇ ਤੇ ਸੀਮਾਂਤ ਕਿਸਾਨਾਂ ਨੂੰ 50 ਫੀਸਦੀ ਅਤੇ ਬਾਕੀ ਕਿਸਾਨਾਂ ਨੂੰ 40 ਫੀਸਦੀ ਸਬਸਿਡੀ ਮੁਹੱਈਆ ਕਰਵਾਈ ਜਾਵੇਗੀ।

ਝੋਨੇ ਦੀ ਸਿੱਧੀ ਬਿਜਾਈ
ਝੋਨੇ ਦੀ ਸਿੱਧੀ ਬਿਜਾਈ

By

Published : May 5, 2020, 5:09 PM IST

ਚੰਡੀਗੜ੍ਹ: ਸੂਬੇ ਵਿੱਚ ਸਾਉਣੀ ਸੀਜ਼ਨ ਦੌਰਾਨ ਝੋਨੇ ਦੀ ਸਿੱਧੀ ਬਿਜਾਈ ਅਤੇ ਮੱਕੀ ਦੀ ਕਾਸ਼ਤ ਨੂੰ ਹੋਰ ਵਧੇਰੇ ਉਤਸ਼ਾਹਤ ਕਰਨ ਲਈ ਪੰਜਾਬ ਸਰਕਾਰ ਨੇ ਇਸ ਮੰਤਵ ਲਈ ਵਰਤੀ ਜਾਣ ਵਾਲੀ ਖੇਤੀ ਮਸ਼ੀਨਰੀ ਦੀ ਖਰੀਦ ’ਤੇ 50 ਫੀਸਦੀ ਤੱਕ ਸਬਸਿਡੀ ਦੇਣ ਦਾ ਫੈਸਲਾ ਕੀਤਾ ਹੈ, ਜਿਸ ਨਾਲ ਧਰਤੀ ਹੇਠਲੇ ਪਾਣੀ ਦੀ ਬੱਚਤ ਹੋਣ ਤੋਂ ਇਲਾਵਾ ਕੋਵਿਡ-19 ਦੀਆਂ ਬੰਦਿਸ਼ਾਂ ਦੇ ਮੱਦੇਨਜ਼ਰ ਕਿਸਾਨਾਂ ਨੂੰ ਮਜ਼ਦੂਰਾਂ ਦੀ ਕਮੀ ਨਾਲ ਨਜਿੱਠਣ ਵਿੱਚ ਵੀ ਮਦਦ ਮਿਲੇਗੀ।

ਇਹ ਪ੍ਰਗਟਾਵਾ ਕਰਦਿਆਂ ਖੇਤੀਬਾੜੀ ਸਕੱਤਰ ਕਾਹਨ ਸਿੰਘ ਪੰਨੂੰ ਨੇ ਦੱਸਿਆ ਕਿ ਸਰਕਾਰ ਵੱਲੋਂ ਖੇਤੀ ਮਸ਼ੀਨਰੀ ’ਤੇ ਕਿਸਾਨ ਬੀਬੀਆਂ/ਛੋਟੇ ਤੇ ਸੀਮਾਂਤ ਕਿਸਾਨਾਂ ਨੂੰ 50 ਫੀਸਦੀ ਅਤੇ ਬਾਕੀ ਕਿਸਾਨਾਂ ਨੂੰ 40 ਫੀਸਦੀ ਸਬਸਿਡੀ ਮੁਹੱਈਆ ਕਰਵਾਈ ਜਾਵੇਗੀ।

ਉਨ੍ਹਾਂ ਅੱਗੇ ਦੱਸਿਆ ਕਿ ਸਾਉਣੀ ਦੌਰਾਨ ਝੋਨੇ ਤੇ ਮੱਕੀ ਦੀਆਂ ਮਸ਼ੀਨਾਂ ’ਤੇ ਸਬਸਿਡੀ ਹਾਸਲ ਕਰਨ ਲਈ ਕਿਸਾਨਾਂ ਨੂੰ 10 ਮਈ ਤੱਕ ਅਰਜ਼ੀਆਂ ਦੇਣ ਲਈ ਆਖਿਆ ਗਿਆ ਹੈ। ਸਕੱਤਰ ਨੇ ਅੱਗੇ ਦੱਸਿਆ ਕਿ ਸਬਸਿਡੀ ਹੇਠ ਆਉਣ ਵਾਲੀ ਮਸ਼ੀਨਰੀ ਵਿੱਚ ਝੋਨੇ ਦੀ ਸਿੱਧੀ ਬਿਜਾਈ ਲਈ ਮਸ਼ੀਨਾਂ, ਸਪਰੇਅ ਅਟੈਚਮੈਂਟ ਜਾਂ ਅਟੈਚਮੈਂਟ ਤੋਂ ਬਗੈਰ, ਝੋਨੇ ਦੀ ਪਨੀਰੀ ਲਾਉਣ ਵਾਲੀਆਂ ਮਸ਼ੀਨਾਂ, ਝੋਨੇ ਦੀ ਮਸ਼ੀਨੀ ਲੁਆਈ ਲਈ ਪਨੀਰੀ ਬੀਜਣ ਵਾਲੇ ਉਪਕਰਨ, ਮੱਕੀ ਦੇ ਦਾਣਿਆਂ ਨੂੰ ਸੁਕਾਉਣ ਲਈ ਮਸ਼ੀਨਾਂ (ਪੋਰਟੇਬਲ) ਅਤੇ ਮੱਕੀ ਥਰੈਸ਼ਰ, ਸ਼ੈਲਰ, ਫੋਰੇਜ਼ ਹਾਰਵੈਸਟਰ, ਮਲਟੀ ਕਰਾਪ ਥਰੈਸ਼ਰ ਆਦਿ ਸ਼ਾਮਲ ਹਨ।

ਸਬਸਿਡੀ ਹਾਸਲ ਕਰਨ ਦੀ ਪ੍ਰਿਆ ਬਾਰੇ ਵਿਸਥਾਰ ਵਿੱਚ ਦੱਸਦਿਆਂ ਪੰਨੂੰ ਨੇ ਕਿਹਾ ਕਿ ਖੇਤੀ ਮਸ਼ੀਨਰੀ ਲਈ ਸਬਸਿਡੀ ਲੈਣ ਦੀ ਪ੍ਰਿਆ ਨੂੰ ਬਿਲਕੁਲ ਸਰਲ ਬਣਾਇਆ ਗਿਆ ਹੈ ਤਾਂ ਕਿ ਕੋਵਿਡ-19 ਦੀਆਂ ਬੰਦਸ਼ਾਂ ਦੇ ਮੱਦੇਨਜ਼ਰ ਕਿਸਾਨ ਸਬਸਿਡੀ ਦਾ ਵੱਧ ਤੋਂ ਵੱਧ ਲਾਹਾ ਲੈ ਸਕਣ। ਉਨਾਂ ਕਿਹਾ ਕਿ ਕਿਸਾਨ ਖੇਤੀਬਾੜੀ ਵਿਭਾਗ ਦੇ ਫੀਲਡ ਵਿੱਚ ਕੰਮ ਕਰਦੇ ਅਧਿਕਾਰੀਆਂ ਨੂੰ ਸਿੱਧੇ ਤੌਰ ’ਤੇ ਸਾਦੇ ਕਾਗਜ਼ ਉਪਰ, ਈ-ਮੇਲ ਜਾਂ ਵੱਟਸਐਪ ਜ਼ਰੀਏ ਆਪਣਾ ਬਿਨੈ-ਪੱਤਰ ਦੇ ਸਕਦੇ ਹਨ।

ਇਹ ਵੀ ਪੜੋ: ਕੋਵਿਡ-19: ਪੰਜਾਬ 'ਚ 1,402 ਹੋਈ ਮਰੀਜ਼ਾਂ ਦੀ ਗਿਣਤੀ, 25 ਲੋਕਾਂ ਦੀ ਮੌਤ

ਸਕੱਤਰ ਨੇ ਅੱਗੇ ਕਿਹਾ ਕਿ ਇਨਾਂ ਖੇਤੀਬਾੜੀ ਸੰਦਾਂ ’ਤੇ ਸਬਸਿਡੀ ਹਾਸਲ ਕਰਨ ਬਾਰੇ ਹੋਰ ਵਧੇਰੇ ਪੁੱਛਗਿੱਛ ਲਈ ਕਿਸਾਨਾਂ ਵੱਲੋਂ ‘ਕਿਸਾਨ ਕਾਲ ਸੈਂਟਰ’ ਦੇ ਟੋਲ ਫਰੀ ਨੰਬਰ 1800-180-1551 ’ਤੇ ਸਵੇਰੇ 6 ਵਜੇ ਤੋਂ ਸ਼ਾਮ 10 ਵਜੇ ਤੱਕ ਜਾਣਕਾਰੀ ਹਾਸਲ ਕੀਤੀ ਜਾ ਸਕਦੀ ਹੈ।

ABOUT THE AUTHOR

...view details