ਚੰਡੀਗੜ੍ਹ ਡੈਸਕ :ਕਿਸਾਨਾਂ ਵੱਲੋਂ 11 ਨਵੰਬਰ ਨੂੰ ਆਪਣੀਆਂ ਮੰਗਾਂ ਨੂੰ ਲੈ ਕੇ 26 ਨਵੰਬਰ ਨੂੰ ਮੁੜ ਚੰਡੀਗੜ੍ਹ ਵੱਲ ਮਾਰਚ ਕਰਨ ਦਾ ਐਲਾਨ ਕੀਤਾ ਸੀ। ਹੁਣ ਸੂਬਾ ਸਰਕਾਰ ਨੇ ਕਿਸਾਨਾਂ ਅਤੇ ਮੁਲਾਜਮਾਂ ਦੀ ਮੀਟਿੰਗ ਸੱਦ ਲਈ ਹੈ। ਕਿਸਾਨ ਜਥੇਬੰਦੀਆਂ ਦੇ ਆਗੂਆਂ ਜਾਣਕਾਰੀ ਦਿੱਤੀ ਹੈ ਕਿ ਭਾਰਤੀ ਕਿਸਾਨ ਯੂਨੀਅਨ (ਲੱਖੋਵਾਲ) ਨੇ 32 ਜਥੇਬੰਦੀਆਂ ਨਾਲ ਮਿਲ ਕੇ 300 ਟਰੈਕਟਰ-ਟਰਾਲੀਆਂ ਨਾਲ ਚੰਡੀਗੜ੍ਹ ਪਹੁੰਚਣ ਦਾ ਐਲਾਨ ਕੀਤਾ ਸੀ ਅਤੇ ਹੁਣ ਸਰਕਾਰ ਵੀ ਗੱਲਬਾਤ ਦੇ ਮੂਡ ਵਿੱਚ ਲੱਗ ਰਹੀ ਹੈ। ਪੰਜਾਬ ਸਰਕਾਰ ਨੇ ਧਰਨਾਕਾਰੀ ਮੁਲਾਜ਼ਮਾਂ ਤੇ ਕਿਸਾਨਾਂ ਨਾਲ ਗੱਲਬਾਤ ਲਈ 22 ਨਵੰਬਰ ਨੂੰ ਮੀਟਿੰਗ ਸੱਦੀ ਹੈ। ਇਹ ਮੀਟਿੰਗ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਵਿੱਚ ਕੈਬਨਿਟ ਸਬ-ਕਮੇਟੀ ਵੱਲੋਂ ਕੀਤੀ ਜਾਵੇਗੀ।
ਤਿੰਨ ਦਿਨ ਕਰਨਾ ਸੀ ਘੇਰਾਓ:ਇਸ ਬਾਰੇ ਜਾਣਕਾਰੀ ਦਿੰਦਿਆਂ ਕਿਸਾਨ ਯੂਨੀਅਨ ਦੇ ਸੂਬਾ ਪ੍ਰਧਾਨ ਹਰਿੰਦਰ ਸਿੰਘ ਲੱਖੋਵਾਲ ਅਤੇ ਸਰਪ੍ਰਸਤ ਅਵਤਾਰ ਸਿੰਘ ਮੇਹਲੋਂ ਨੇ ਕਿਹਾ ਕਿ ਜਥੇਬੰਦੀ ਵੱਲੋਂ ਤਿੰਨ ਦਿਨਾਂ ਲਈ ਚੰਡੀਗੜ੍ਹ ਦੀ ਘੇਰਾਬੰਦੀ ਕੀਤੀ ਜਾਵੇਗੀ। ਇਸ ਐਲਾਨ ਦੇ 48 ਘੰਟਿਆਂ ਦੇ ਅੰਦਰ ਸਰਕਾਰ ਕਿਸਾਨਾਂ ਨਾਲ ਗੱਲਬਾਤ ਕਰਨ ਲਈ ਤਿਆਰ ਹੋ ਗਈ ਹੈ। ਅਤੇ ਕਿਸਾਨਾਂ ਨੂੰ ਸੱਦਾ ਵੀ ਮਿਲਿਆ ਹੈ।