ਚੰਡੀਗੜ੍ਹ: ਪਿਛਲੇ ਲੰਮੇਂ ਸਮੇਂ ਤੋਂ ਲੋਕਾਂ ਦੀ ਸਿਹਤ ਅਤੇ ਸਿਆਸੀ ਲੋਕਾਂ ਲਈ ਸਿਆਸਤ ਦਾ ਮੁੱਦਾ ਬਣੇ ਜ਼ੀਰਾ ਸ਼ਰਾਬ ਫੈਕਟਰੀ ਮਾਮਲੇ ਉੱਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਵੱਡਾ ਐਕਸ਼ਨ ਲਿਆ ਹੈ। ਮੁੱਖ ਮੰਤਰੀ ਨੇ ਟਵੀਟ ਰਾਹੀਂ ਲਿਖਿਆ ਕਿ ਉਨ੍ਹਾਂ ਨੇ ਵਾਤਾਵਰਣ ਦੇ ਹੱਕ ਵਿੱਚ ਫੈਸਲਾ ਲੈਂਦਿਆਂ ਜ਼ੀਰਾ ਸ਼ਰਾਬ ਫੈਕਟਰੀ ਨੂੰ ਬੰਦ ਕਰਨ ਦੇ ਹੁਕਮ ਜਾਰੀ ਕੀਤੇ ਹਨ।
ਟਵੀਟ ਰਾਹੀਂ ਸੰਦੇਸ਼:ਸੀਐੱਮ ਮਾਨ ਨੇ ਟਵੀਟ ਕਰ ਕੇ ਕਿਹਾ ਕਿ 'ਪੰਜਾਬ ਦੀ ਆਬੋ-ਹਵਾ ਨੂੰ ਕਿਸੇ ਨੂੰ ਵੀ ਖਰਾਬ ਨਹੀਂ ਕਰਨ ਦਿੱਤਾ ਜਾਵੇਗਾ। ਇਸ ਕਰਕੇ ਕਾਨੂੰਨੀ ਮਾਹਿਰਾਂ ਨਾਲ ਸਲਾਹ ਕਰਨ ਤੋਂ ਬਾਅਦ ਲੋਕਹਿੱਤ 'ਚ ਇੱਕ ਵੱਡਾ ਫੈਸਲਾ ਲਿਆ ਹੈ। ਉਨ੍ਹਾਂ ਕਿਹਾ ਜ਼ੀਰਾ ਸ਼ਰਾਬ ਫੈਕਟਰੀ ਨੂੰ ਬੰਦ ਕਰਨ ਦੇ ਹੁਕਮ ਜਾਰੀ ਕਰ ਦਿੱਤੇ ਨੇ ਅਤੇ ਭਵਿੱਖ 'ਚ ਵੀ ਜੇ ਕੋਈ ਵਾਤਾਵਰਣ ਵਿਗਾੜਨ ਦੀ ਕੋਸ਼ਿਸ਼ ਕਰੇਗਾ ਬਖਸ਼ਿਆ ਨਹੀਂ ਜਾਵੇਗਾ'।
ਕੀ ਹੈ ਮਾਮਲਾ:ਜ਼ੀਰਾ ਸ਼ਰਾਬ ਫੈਕਟਰੀ ਦਾ ਸਥਾਨਕਵਾਸੀਆਂ ਵੱਲੋਂ ਇਹ ਕਹਿ ਕੇ ਲਗਾਤਾਰ ਵਿਰੋਧ ਕੀਤਾ ਜਾ ਰਿਹਾ ਸੀ ਕਿ ਜ਼ੀਰਾ ਫੈਕਟਰੀ ਨਾਲ ਇਲਾਕੇ ਦੀ ਆਬੋ ਹਵਾ ਤਾਂ ਖ਼ਰਾਬ ਹੋ ਹੀ ਰਹੀ ਸੀ। ਪਰ ਇਸ ਫੈਕਟਰੀ ਕਰਕੇ ਇਲਾਕੇ ਦਾ ਪਾਣੀ ਵੀ ਜ਼ਹਿਰੀਲਾ ਹੋ ਰਿਹਾ ਹੈ। ਜਿਸ ਕਰਕੇ ਬਹੁਤ ਸਾਰੀਆਂ ਮੌਤਾਂ ਹੋਈਆਂ ਹਨ ਅਤੇ ਇਲਾਕੇ ਵਿੱਚ ਕੈਂਸਰ ਦੇ ਮਰੀਜ਼ ਲਗਾਤਾਰ ਵੱਧ ਰਹੇ ਹਨ। ਇਸ ਤੋਂ ਇਲਾਵਾ ਮਾਮਲੇ ਵਿੱਚ ਹਾਈਕੋਰਟ ਦਾ ਦਖ਼ਲ ਵੀ ਸਾਹਮਣੇ ਆਇਆ ਸੀ।