ਚੰਡੀਗੜ:ਪੰਜਾਬ ਵਿਚ ਸਥਾਨਕ ਸਰਕਾਰਾਂ ਚੋਣਾਂ ਦੇ ਐਲਾਨ ਤੋਂ ਬਾਅਦ ਹੁਣ ਤੁਰੰਤ ਪ੍ਰਭਾਵ ਦੇ ਨਾਲ ਪੰਜਾਬ ਦੀਆਂ ਜ਼ਿਲ੍ਹਾ ਪ੍ਰੀਸ਼ਦਾਂ, ਬਲਾਕ ਸੰਮਤੀਆਂ ਅਤੇ ਪਿੰਡਾਂ ਦੀਆਂ ਪੰਚਾਇਤਾਂ ਭੰਗ ਕਰ ਦਿੱਤੀਆਂ ਗਈਆਂ ਹਨ। ਇਸਦੇ ਨਾਲ ਹੀ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਵੱਲੋਂ ਜ਼ਿਲ੍ਹਾ ਪ੍ਰੀਸ਼ਦ ਬਲਾਕ ਸੰਮਤੀ ਦੀ ਚੋਣ 25 ਨਵੰਬਰ 2023 ਤੱਕ ਅਤੇ ਪਿੰਡਾਂ ਦੀ ਪੰਚਾਇਤੀ ਚੋਣਾਂ 31 ਦਸੰਬਰ 2023 ਤੱਕ ਕਰਵਾਉਣ ਲਈ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਹੈ। ਇਹ ਵੀ ਦੱਸ ਦਈਏ ਕਿ 1 ਨਵੰਬਰ ਤੋਂ 15 ਨਵੰਬਰ ਤੱਕ ਪੰਜਾਬ ਵਿਚ ਸਥਾਨਕ ਸਰਕਾਰਾਂ ਲਈ ਚੋਣਾਂ ਹੋਣਗੀਆਂ।
ਗ੍ਰਾਮ ਪੰਚਾਇਤਾਂ ਲਈ ਤਿਆਰੀਆਂ ਮੁਕੰਮਲ:ਇਸਦੇ ਨਾਲ ਹੀ ਪੰਜਾਬ ਵਿਚ ਗ੍ਰਾਮ ਪੰਚਾਇਤਾਂ ਦੀਆਂ ਚੋਣਾਂ ਲਈ ਵੀ ਸਾਰੀਆਂ ਤਿਆਰੀਆਂ ਮੁਕੰਮਲ ਕਰ ਦਿੱਤੀਆਂ ਗਈਆਂ ਅਤੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਫਾਈਲ ਵੀ ਭੇਜੀ ਗਈ ਹੈ। ਪੰਜਾਬ ਵਿਚ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਦੇ ਅਧੀਨ 13241 ਗ੍ਰਾਮ ਪੰਚਾਇਤਾਂ ਅਤੇ 153 ਬਲਾਕ ਸੰਮਤੀਆਂ ਅਤੇ 23 ਜ਼ਿਲ੍ਹਾ ਪ੍ਰੀਸ਼ਦਾਂ ਹਨ। ਜਿਨਾਂ ਵਿੱਚੋਂ ਅਨਸੂਚਿਤ ਜਾਤੀ ਲਈ 17811,ਅਨਸੂਚਿਤ ਜਾਤੀ ਇਸਤਰੀ ਲਈ 12634, ਆਮ ਵਰਗ ਇਸਤਰੀਆਂ ਲਈ 22690, ਪਛੜੀਆਂ ਸ਼੍ਰੇਣੀਆਂ ਲਈ 4381 ਅਤੇ ਆਮ ਵਰਗ ਲਈ 26315 ਸੀਟਾਂ ਹਨ। ਪੇਂਡੂ ਵਿਕਾਸ ਅਤੇ ਪੰਚਾਇਤਾਂ ਵਿਭਾਗ ਨੂੰ ਆਪਣੀਆਂ ਸੰਵਿਧਾਨਕ ਜ਼ਿੰਮੇਵਾਰੀਆਂ ਨਿਭਾਉਣ ਵਿੱਚ ਪੀਆਰਆਈਜ਼ ਦੀ ਸਹਾਇਤਾ ਦਿੱਤੀ ਜਾਂਦੀ ਹੈ। ਪੰਜਾਬ ਪੰਚਾਇਤੀ ਰਾਜ ਐਕਟ,1994 ਦੇ ਤਹਿਤ ਪਿੰਡ, ਬਲਾਕ ਅਤੇ ਜ਼ਿਲ੍ਹਾ ਪੱਧਰ 'ਤੇ ਚੁਣੀਆਂ ਗਈਆਂ ਸੰਸਥਾਵਾਂ ਦੇ ਨਾਲ ਇੱਕ ਤਿੰਨ ਪੱਧਰੀ ਪੰਚਾਇਤੀ ਰਾਜ ਪ੍ਰਣਾਲੀ ਦੀ ਸਥਾਪਨਾ ਕੀਤੀ ਗਈ ਸੀ। ਤਿੰਨ-ਪੱਧਰੀ ਪੰਚਾਇਤੀ ਰਾਜ ਪ੍ਰਣਾਲੀ ਵਿੱਚ ਗ੍ਰਾਮ ਪੰਚਾਇਤ, ਪੰਚਾਇਤ ਸੰਮਤੀ ਅਤੇ ਜ਼ਿਲ੍ਹਾ ਪ੍ਰੀਸ਼ਦ ਸ਼ਾਮਲ ਹਨ।