ਚੰਡੀਗੜ੍ਹ:ਖ਼ਬਰ ਸਾਹਮਣੇ ਆਈ ਹੈ ਕਿ ਪੰਜਾਬ ਵਿੱਚ ਪੈਟਰੋਲ-ਡੀਜ਼ਲ ਦੀਆਂ ਕੀਮਤਾਂ 'ਚ ਵਾਧਾ ਹੋ ਗਿਆ ਹੈ। ਪੰਜਾਬ ਸਰਕਾਰ ਵਲੋਂ ਵੈਟ ਵਧਾ ਦਿੱਤੇ ਗਏ ਹਨ। ਸੂਤਰਾਂ ਅਨੁਸਾਰ ਪਿਛਲੇ ਦਿਨੀਂ ਮਾਨਸਾ ਵਿੱਚ ਹੋਈ ਕੈਬਨਿਟ ਮੀਟਿੰਗ ਵਿੱਚ ਇਸ ਫੈਸਲੇ ਨੂੰ ਪ੍ਰਵਾਨਗੀ ਦਿੱਤੀ ਗਈ ਹੈ। ਹਾਲਾਂਕਿ, ਅਜੇ ਤੱਕ ਸਰਕਾਰ ਜਾਂ ਸੱਤਾਧਾਰੀ ਆਮ ਆਦਮੀ ਪਾਰਟੀ ਵੱਲੋਂ ਇਸ 'ਤੇ ਕੁਝ ਨਹੀਂ ਕਿਹਾ ਗਿਆ ਹੈ।
ਚੰਨੀ ਸਰਕਾਰ ਨੇ ਸਸਤਾ ਕੀਤਾ ਸੀ ਪੈਟਰੋਲ-ਡੀਜ਼ਲ: ਜ਼ਿਕਰਯੋਗ ਹੈ ਕਿ ਪੰਜਾਬ 'ਚ ਕਾਂਗਰਸ ਦੀ ਚਰਨਜੀਤ ਸਿੰਘ ਚੰਨੀ ਸਰਕਾਰ ਨੇ ਪੈਟਰੋਲ ਅਤੇ ਡੀਜ਼ਲ 'ਤੇ ਵੈਟ ਦਰਾਂ 'ਚ ਕਟੌਤੀ ਕੀਤੀ ਸੀ। ਇਸ ਤੋਂ ਬਾਅਦ ਪੈਟਰੋਲ 'ਚ 10 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 'ਚ 5 ਰੁਪਏ ਪ੍ਰਤੀ ਲੀਟਰ ਦੀ ਕਟੌਤੀ ਕੀਤੀ ਗਈ ਹੈ। ਉਸ ਸਮੇਂ ਦੌਰਾਨ ਡੀਜ਼ਲ 'ਤੇ 9.92 ਫੀਸਦੀ ਅਤੇ ਪੈਟਰੋਲ 'ਤੇ 13.77 ਫੀਸਦੀ ਵੈਟ ਸੀ। ਪਰ, ਪੰਜਾਬ ਸਰਕਾਰ ਨੇ ਪੈਟਰੋਲ-ਡੀਜ਼ਲ 'ਤੇ 1 ਰੁਪਏ ਦਾ ਵੈਟ ਵਧਾ ਦਿੱਤਾ ਹੈ। ਵਧੀਆਂ ਕੀਮਤਾਂ ਅੱਧੀ ਰਾਤ 12 ਤੋਂ ਲਾਗੂ ਹੋ ਗਈਆਂ ਹਨ। ਹਾਲਾਂਕਿ ਸਰਕਾਰ ਦੇ ਇਸ ਫੈਸਲੇ ਦੀ ਕਿਸੇ ਨੂੰ ਵੀ ਜਾਣਕਾਰੀ ਨਹੀਂ ਸੀ।
ਮੰਤਰੀ ਡਾਕਟਰ ਦਲਜੀਤ ਸਿੰਘ ਚੀਮਾ ਨੇ ਸਾਧੇ ਨਿਸ਼ਾਨੇ:- ਸ਼੍ਰੋਮਣੀ ਅਕਾਲੀ ਦਲ ਦੇ ਮੁੱਖ ਬੁਲਾਰੇ ਅਤੇ ਸਾਬਕਾ ਸਿੱਖਿਆ ਮੰਤਰੀ ਡਾਕਟਰ ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਅੱਜ ਐਤਵਾਰ ਨੂੰ ਪੰਜਾਬ ਸਰਕਾਰ ਵੱਲੋਂ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਦੇ ਵਿੱਚ ਜੋ ਬੇਲੋੜਾ ਵਾਧਾ ਕੀਤਾ ਹੈ, ਉਸ ਨਾਲ ਆਰਥਿਕ ਪੱਖ ਤੋਂ 600 ਕਰੋੜ ਦਾ ਬੋਝ ਪੰਜਾਬ ਦੀ ਜਨਤਾ ਉੱਤੇ ਪਿਆ ਹੈ। ਉਹਨਾਂ ਕਿਹਾ ਕਿ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਦੇ ਵਿੱਚ ਇਜ਼ਾਫ਼ਾ ਨਾਲ ਆਮ ਆਦਮੀ ਵੱਲੋਂ ਵਰਤੇ ਜਾਣ ਵਾਲੇ 2 ਪਹੀਆ ਅਤੇ 4 ਪਹੀਆ ਵਾਹਨਾਂ ਉੱਤੇ ਮਹਿੰਗਾਈ ਦੀ ਮਾਰ ਸਾਫ਼ ਤੌਰ ਉੱਤੇ ਪਵੇਗੀ।
ਮੰਤਰੀ ਡਾਕਟਰ ਦਲਜੀਤ ਸਿੰਘ ਚੀਮਾ ਨੇ ਸਾਧੇ ਨਿਸ਼ਾਨੇ ਡਾਕਟਰ ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਇਸ ਮਹਿੰਗਾਈ ਦੇ ਨਾਲ ਆਮ ਜਨਤਾ ਦੇ ਨਾਲ-ਨਾਲ ਕਿਸਾਨੀ ਉੱਤੇ ਵੀ ਵੱਡੀ ਮਾਰ ਪਵੇਗੀ ਇਹ ਪਹਿਲੀ ਵਾਰੀ ਨਹੀਂ ਹੈ ਕਿ ਪੰਜਾਬ ਸਰਕਾਰ ਵੱਲੋਂ ਪਟਰੋਲ ਅਤੇ ਡੀਜ਼ਲ ਵਿੱਚ ਲੱਗਣ ਵਾਲੇ ਵੈਟ ਉੱਤੇ ਵਾਧਾ ਕੀਤਾ ਹੋਵੇ ਇਸ ਤੋਂ ਪਹਿਲਾਂ ਵੀ ਇਕ ਵਾਰੀ ਇਸ ਵਿੱਚ ਇਜ਼ਾਫਾ ਕੀਤਾ ਜਾ ਚੁੱਕਿਆ ਹੈ ਇਹ ਹੈ ਕਿ ਇਕ ਸਾਲ ਵਿਚ ਵੈਟ ਵਿੱਚ ਇਜ਼ਾਫਾ ਕੀਤਾ ਗਿਆ ਹੈ।
ਵਿਰੋਧੀ ਧਿਰ ਦੇ ਵਿਧਾਇਕ ਪ੍ਰਤਾਪ ਸਿੰਘ ਬਾਜਵਾ ਨੇ ਚੁੱਕੇ ਸਵਾਲ:-ਵਿਰੋਧੀ ਧਿਰ ਦੇ ਵਿਧਾਇਕ ਪ੍ਰਤਾਪ ਸਿੰਘ ਬਾਜਵਾ ਨੇ ਇੱਕ ਟਵੀਟ ਰਾਹੀ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ 'ਚ ਵਾਧੇ ਦੇ ਫੈਸਲੇ 'ਤੇ ਪੰਜਾਬ ਸਰਕਾਰ ਤੇ ਨਿਸ਼ਾਨੇ ਸਾਧੇ ਹਨ। ਉਹਨਾਂ ਟਵੀਟ ਕਰਦਿਆ ਲਿਖਿਆ ਹੈ ਕਿ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਵਾਧੇ ਦੇ ਫੈਸਲੇ ਨਾਲ ਪੰਜਾਬ ਸਰਕਾਰ ਦੀ ਅਸਲੀ ਚਿਹਰਾ ਨੰਗਾ ਹੋ ਗਿਆ ਹੈ। ਉਹਨਾਂ ਕਿਹਾ ਕਿ ਲੱਗਦਾ ਹੈ, ਮੁੱਖ ਮੰਤਰੀ ਭਗਵੰਤ ਮਾਨ ਨੇ ਝੋਨੇ ਦੀ ਲੁਆਈ ਦੇ ਸੀਜ਼ਨ ਦੀ ਸ਼ੁਰੂਆਤ ਤੋਂ ਪਹਿਲਾਂ ਪੰਜਾਬ ਦੇ ਕਿਸਾਨਾਂ ਨੂੰ ਇੱਕ ਤੋਹਫ਼ਾ ਦਿੱਤਾ ਹੈ, ਜਿਸ ਨਾਲ ਫ਼ਸਲ ਦੀ ਲਾਗਤ ਵਿੱਚ ਹੋਰ ਵਾਧਾ ਹੋਵੇਗਾ।
ਇਸ ਤੋਂ ਇਲਾਵਾ ਪ੍ਰਤਾਪ ਸਿੰਘ ਬਾਜਵਾ ਨੇ ਟਵੀਟ ਰਾਹੀ ਕਿਹਾ ਕਿ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੱਲੋਂ ਕੀਤੇ ਵੱਡੇ-ਵੱਡੇ ਦਾਅਵੇ, ਰੇਤ ਦੀ ਖਣਨ ਸਮੇਤ ਵੱਖ-ਵੱਖ ਸਰੋਤਾਂ ਤੋਂ ਰਾਜ ਦਾ ਮਾਲੀਆ ਇਕੱਠਾ ਕਰਨਾ ਅਤੇ ਭ੍ਰਿਸ਼ਟਾਚਾਰ ਨੂੰ ਖਤਮ ਕਰਨ ਦਾ ਕੰਮ ਵਿਅਰਥ ਗਿਆ ਹੈ। ਉਹਨਾਂ ਕਿਹਾ ਇਸ ਦੌਰਾਨ ਸਰਕਾਰ ਨੇ ਮਾਲੀਆ ਵਧਾਉਣ ਲਈ ਪੈਟਰੋਲ, ਡੀਜ਼ਲ ਅਤੇ ਬਿਜਲੀ ਵਰਗੀਆਂ ਜ਼ਰੂਰੀ ਵਸਤਾਂ ਦੀਆਂ ਕੀਮਤਾਂ ਵਧਾਉਣ ਦਾ ਸਹਾਰਾ ਲਿਆ ਹੈ।
ਭਾਜਪਾ ਆਗੂ ਅਨਿਲ ਸਰੀਨ ਨੇ ਸਾਧਿਆ ਨਿਸ਼ਾਨਾ:ਭਾਜਪਾ ਆਗੂ ਅਨਿਲ ਸਰੀਨ ਨੇ ਕਿਹਾ ਕਿ ਅੱਜ ਇਕ ਵਾਰ ਫਿਰ ਆਪ ਸਰਕਾਰ ਦੀ ਕਥਨੀ ਤੇ ਕਰਨੀ ਦਾ ਸੱਚ ਸਾਹਮਣੇ ਆ ਗਿਆ ਹੈ। ਅੱਜ ਫਿਰ ਪੈਟਰੋਲ-ਡੀਜ਼ਲ ਉੱਤੇ ਵੈਟ ਦੀ ਦਰ ਨੂੰ ਵਧਾਇਆ ਗਿਆ ਹੈ। ਇਸ ਨਾਲ ਪੈਟਰੋਲ-ਡੀਜ਼ਲ ਮਹਿੰਗਾ ਹੋਇਆ ਹੈ ਅਤੇ ਇਹ ਪੰਜਾਬ ਦੀ ਮਾਨ ਸਰਕਾਰ ਦਾ ਜਨਤਾ ਵਿਰੋਧੀ ਫੈਸਲਾ ਹੈ। ਅਨਿਲ ਸਰੀਨ ਨੇ ਕਿਹਾ ਕਿ ਜੋ ਸਰਕਾਰ ਪੋਸਟਰਾਂ ਵਿੱਚ ਪੰਜਾਬ ਦੇ ਲੋਕਾਂ ਦੀ ਹਮਦਰਦ ਬਣਦੀ ਹੈ, ਉੱਤੇ ਲੋਕ ਵਿਰੋਧੀ ਫੈਸਲੇ ਲੈ ਰਹੀ ਹੈ, ਜੋ ਉਨ੍ਹਾਂ ਦੇ ਕਹਿਣੀ ਤੇ ਕਰਨੀ ਵਿੱਚ ਅੰਤਰ ਸਪੱਸ਼ਟ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਵਧਾਉਣ ਤੋਂ ਬਾਅਦ ਅੱਜ ਆਮ ਆਦਮੀ ਪਾਰਟੀ ਦੀ ਸਰਕਾਰ ਦਾ ਅਸਲ ਚਿਹਰਾ ਲੋਕਾਂ ਸਾਹਮਣੇ ਆ ਚੁੱਕਾ ਹੈ।
ਭਾਜਪਾ ਆਗੂ ਨੇ ਪੰਜਾਬ ਸਰਕਾਰ ਉੱਤੇ ਖੜੇ ਕੀਤੇ ਸਵਾਲ
ਕਾਂਗਰਸ ਦੇ ਰਾਜਾ ਵੜਿੰਗ ਨੇ ਘੇਰਿਆ:ਪੰਜਾਬ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਨੇ ਟਵੀਟ ਕਰਦਿਆ ਲਿਖਿਆ ਕਿ, "ਭਗਵੰਤ ਮਾਨ ਸਰਕਾਰ ਦਾ ਇੱਕ ਹੋਰ ਲੋਕ ਵਿਰੋਧੀ ਫੈਸਲਾ, ਭਗਵੰਤ ਮਾਨ ਦੀ ਅਗਵਾਈ ਵਾਲੀ ਆਪ ਸਰਕਾਰ #PetrolDiesel ਦੀਆਂ ਕੀਮਤਾਂ ਵਿੱਚ ਵਾਧੇ ਨੇ ਇੱਕ ਵਾਰ ਫਿਰ ਦੀ ਅਸਫਲਤਾ ਅਤੇ ਅਯੋਗਤਾ ਨੂੰ ਉਜਾਗਰ ਕਰ ਦਿੱਤਾ ਹੈ। ਪੰਜਾਬ ਸਰਕਾਰ ਇਸ ਨਾਲ ਕਰੋੜਾਂ ਪੰਜਾਬੀਆਂ 'ਤੇ ਵਿੱਤੀ ਬੋਝ ਹੀ ਪਵੇਗੀ। @INCPunjab ਘੋਸ਼ਣਾ ਦੀ ਸਖ਼ਤ ਨਿਖੇਧੀ ਕਰਦਾ ਹੈ ਅਤੇ ਸਰਕਾਰ ਨੂੰ ਮਹਿੰਗਾਈ ਨੂੰ ਰੱਦ ਕਰਨ ਦੀ ਅਪੀਲ ਕਰਦਾ ਹੈ।"
ਨਿਵੇਸ਼ ਵਧਣ ਨਾਲ ਪੈਟਰੋਲ ਪੰਪ ਮਾਲਕਾਂ ਨੂੰ ਨੁਕਸਾਨ : ਪੰਜਾਬ ਪੈਟਰੋਲੀਅਮ ਐਸੋਸੀਏਸ਼ਨ ਦੇ ਪ੍ਰਧਾਨ ਮੁਤਾਬਕ ਕੀਮਤਾਂ ਵਿੱਚ ਵਾਧੇ ਕਾਰਨ ਪੈਟਰੋਲ ਅਤੇ ਡੀਜ਼ਲ ਦੋਵਾਂ ਦੀਆਂ ਕੀਮਤਾਂ ਵਿੱਚ 92 ਪੈਸੇ ਦਾ ਵਾਧਾ ਹੋਇਆ ਹੈ। ਪਿਛਲੀ ਵਾਰ ਵੀ ਇਸ ਵਿੱਚ 92 ਪੈਸੇ ਦਾ ਵਾਧਾ ਕੀਤਾ ਗਿਆ ਸੀ ਅਤੇ ਇਸ ਵਾਰ ਵੀ 92 ਪੈਸੇ ਦਾ ਵਾਧਾ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਜਲੰਧਰ ਵਿੱਚ ਪੈਟਰੋਲ 97.98 ਰੁਪਏ ਅਤੇ ਡੀਜ਼ਲ 88.32 ਰੁਪਏ ਹੈ। ਮੌਂਟੀ ਸਹਿਗਲ ਨੇ ਕਿਹਾ ਕਿ ਤੇਲ ਦੀਆਂ ਵਧਦੀਆਂ ਕੀਮਤਾਂ ਪੈਟਰੋਲ ਪੰਪ ਮਾਲਕਾਂ ਨੂੰ ਨੁਕਸਾਨ ਪਹੁੰਚਾਉਂਦੀਆਂ ਹਨ, ਕਿਉਂਕਿ ਇਸ ਨਾਲ ਨਿਵੇਸ਼ ਵਧਦਾ ਹੈ।