ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ੁੱਕਰਵਾਰ ਨੂੰ ਪ੍ਰੈਸ ਕਾਨਫਰੰਸ ਦੌਰਾਨ ਕਿਹਾ ਕਿ ਪੰਜਾਬ ਸਰਕਾਰ ਕੋਰੋਨਾ ਵਾਇਰਸ ਨਾਲ ਨਿਪਟਣ ਲਈ ਹਰ ਤਰ੍ਹਾਂ ਦੀਆਂ ਤਿਆਰੀਆਂ ਕਰ ਰਹੀ ਹੈ। ਉਨ੍ਹਾਂ ਦੱਸਿਆ ਕਿ ਚਾਰ ਪੜਾਵਾਂ ਵਿੱਚ ਵਿਵਸਥਾ ਕਰਨ ਦੀ ਯੋਜਨਾ ਬਣਾਈ ਹੈ, ਜਿਸ ਤਹਿਤ ਪਹਿਲੇ ਪੜਾਅ ਵਿੱਚ 2,000 ਮਰੀਜ਼, ਉਸ ਤੋਂ ਬਾਅਦ 10,000 ਮਰੀਜ਼ਾਂ, 30,000 ਮਰੀਜ਼ਾਂ ਅਤੇ ਇਕ ਲੱਖ ਮਰੀਜ਼ਾਂ ਨੂੰ ਏਕਾਂਤਵਾਸ ਅਤੇ ਇਲਾਜ ਦੀ ਲੋੜ ਹੈ। ਕੈਪਟਨ ਨੇ ਕਿਹਾ ਕਿ ਕੋਰੋਨਾ ਵਾਇਰਸ ਦੇ ਵਧ ਰਹੇ ਮਾਮਲਿਆਂ ਨੂੰ ਲੈ ਕੇ ਪੰਜਾਬ ਸਟੇਜ-2 'ਤੇ ਪਹੁੰਚ ਗਿਆ ਹੈ।
ਉਨ੍ਹਾਂ ਦੱਸਿਆ ਕਿ ਇਸ ਵੇਲੇ ਵੈਂਟੀਲੇਟਰ, ਮਾਸਕ ਆਦਿ ਸਾਮਾਨ ਲੋੜੀਂਦੀ ਮਾਤਰਾ ਵਿੱਚ ਮੌਜੂਦ ਹੈ ਅਤੇ ਹੋਰ ਲਈ ਆਰਡਰ ਦਿੱਤੇ ਗਏ ਅਤੇ ਆਉਂਦੇ ਕੁਝ ਦਿਨਾਂ ਵਿੱਚ ਇਹ ਉਪਕਰਨ ਆਉਣੇ ਸ਼ੁਰੂ ਹੋ ਜਾਣਗੇ। ਪੀ.ਪੀ.ਈ. ਕਿੱਟਾਂ ਬਾਰੇ ਮੁੱਖ ਮੰਤਰੀ ਨੇ ਕਿਹਾ ਕਿ ਅਜਿਹੀਆਂ ਕਿੱਟਾਂ ਬਣਾਉਣ ਲਈ ਲੁਧਿਆਣਾ ਦੇ ਦੋ ਮੈਨੂਫੈਕਚਰਿੰਗ ਯੂਨਿਟਾਂ ਨੂੰ ਮਨਜ਼ੂਰੀ ਮਿਲਣ ਨਾਲ ਸਮੋਵਾਰ ਤੋਂ ਰੋਜ਼ਾਨਾ 5000 ਕਿੱਟਾਂ ਦੇਣੀਆਂ ਸ਼ੁਰੂ ਕਰਨਗੇ ਅਤੇ ਭਾਰਤ ਸਰਕਾਰ ਰਾਹੀਂ ਜਾਂ ਸਿੱਧੇ ਤੌਰ ’ਤੇ ਹੋਰਨਾਂ ਸੂਬਿਆਂ ਨੂੰ ਭੇਜ ਸਕਣਗੇ। ਮੈਡੀਕਲ ਸਟਾਫ ਬਾਰੇ ਮੁੱਖ ਮੰਤਰੀ ਨੇ ਕਿਹਾ ਕਿ ਵੱਡੀ ਗਿਣਤੀ ਵਿੱਚ ਸੇਵਾ-ਮੁਕਤ ਡਾਕਟਰ ਨਾਲ ਜੁੜੇ ਹਨ, ਜਿਨ੍ਹਾਂ ਨੂੰ ਮਦਦ ਲਈ ਤਿਆਰ ਰੱਖਿਆ ਗਿਆ ਹੈ।