ਚੰਡੀਗੜ੍ਹ:ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪਾਰਦਰਸ਼ੀ ਅਤੇ ਨਿਰਵਿਘਨ ਢੰਗ ਨਾਲ ਕਿਸਾਨਾਂ ਨੂੰ ਵਿੱਤੀ ਸਹਾਇਤਾ ਪ੍ਰਦਾਨ ਕਰਨ ਦੀ ਵਚਨਬੱਧਤਾ ਤਹਿਤ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਨੇ ਨਰਮੇ ਦੇ ਬੀਜਾਂ ਦੀ 3.23 ਕਰੋੜ ਰੁਪਏ ਦੀ ਸਬਸਿਡੀ 17,673 ਲਾਭਪਾਤਰੀ ਕਿਸਾਨਾਂ ਦੇ ਬੈਂਕ ਖਾਤਿਆਂ ਵਿੱਚ ਸਿੱਧੀ ਭੇਜੀ ਗਈ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਪੰਜਾਬ ਖੇਤੀਬਾੜੀ ਯੂਨੀਵਰਸਿਟੀ (ਪੀ.ਏ.ਯੂ.) ਵੱਲੋਂ ਪ੍ਰਮਾਣਿਤ ਨਰਮੇ ਦੇ ਬੀਜਾਂ 'ਤੇ 33 ਫੀਸਦੀ ਸਬਸਿਡੀ ਦੇਣ ਦੇ ਵਾਅਦੇ ਨੂੰ ਪੂਰਾ ਕਰਦਿਆਂ ਖੇਤੀਬਾੜੀ ਵਿਭਾਗ ਵੱਲੋਂ ਇਹ ਫੰਡ ਕਿਸਾਨਾਂ ਨੂੰ ਡੀ.ਬੀ.ਟੀ. ਜ਼ਰੀਏ ਟਰਾਂਸਫਰ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਅੱਜ ਪਹਿਲੇ ਪੜਾਅ ਤਹਿਤ ਇਹ ਰਾਸ਼ੀ ਜਾਰੀ ਕੀਤੀ ਗਈ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਯੋਗ ਕਿਸਾਨਾਂ ਨੂੰ ਬਾਕੀ ਦੀ ਰਾਸ਼ੀ ਟਰਾਂਸਫਰ ਕਰ ਦਿੱਤੀ ਜਾਵੇਗੀ।
ਕਿਸਾਨਾਂ ਦੀ ਭਲਾਈ ਸੰਬਧੀ ਮੁੱਖ ਮੰਤਰੀ ਭਗਵੰਤ ਮਾਨ ਦੀ ਵਚਨਬੱਧਤਾ ਦੁਹਰਾਉਂਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਕਿਸਾਨਾਂ ਦਾ ਪਾਣੀ ਦੀ ਵੱਧ ਖਪਤ ਵਾਲੀ ਝੋਨੇ ਦੀ ਫ਼ਸਲ ਵੱਲ ਰੁਝਾਨ ਘਟਾਉਣ ਲਈ ਵੱਧ ਝਾੜ ਦੇਣ ਵਾਲੇ ਨਰਮੇ ਦਾ ਬੀਜ ਸਸਤੇ ਭਾਅ 'ਤੇ ਉਪਲਬਧ ਕਰਵਾਇਆ ਗਿਆ ਹੈ।
ਨਰਮੇ ਦੇ ਬੀਜਾਂ ਦੀ ਸਬਸਿਡੀ 17 ਹਜ਼ਾਰ ਤੋਂ ਵੱਧ ਕਿਸਾਨਾਂ ਦੇ ਖਾਤਿਆਂ ਵਿੱਚ ਸਿੱਧੀ ਭੇਜੀ - KISSAN NEWS
ਪੰਜਾਬ ਸਰਕਾਰ ਨੇ ਨਰਮੇ ਦੇ ਬੀਜਾਂ ਦੀ ਸਬਸਿਡੀ 17 ਹਜ਼ਾਰ ਤੋਂ ਵੱਧ ਕਿਸਾਨਾਂ ਦੇ ਖਾਤਿਆਂ ਵਿੱਚ ਸਿੱਧੀ ਭੇਜੀ ਦਿੱਤੀ ਹੈ। ਇਸ ਦੀ ਜਾਣਕਾਰੀ ਖੇਤੀਬਾੜੀ ਮੰਤਰੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਦਿੱਤੀ ਹੈ।
ਖੇਤੀਬਾੜੀ ਮੰਤਰੀ ਨੇ ਕਿਹਾ ਕਿ ਚਿੱਟੀ ਮੱਖੀ ਅਤੇ ਗੁਲਾਬੀ ਸੁੰਡੀ ਦੇ ਹਮਲੇ ਨੂੰ ਰੋਕਣ ਲਈ ਵੀ ਉਪਾਅ ਕੀਤੇ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਗਈ ਹੈ ਕਿ ਉਹ ਲਗਾਤਾਰ ਖੇਤਾਂ ਦਾ ਨਿਰੀਖਣ ਕਰਨ ਅਤੇ ਕਿਸਾਨਾਂ ਨੂੰ ਇਸ ਬਿਮਾਰੀ ਦੀ ਰੋਕਥਾਮ ਲਈ ਠੋਸ ਕਦਮ ਚੁੱਕਣ ਲਈ ਜਾਗਰੂਕ ਕਰਨ।
ਵਿਭਾਗ ਨੇ ਕਿਸਾਨਾਂ ਨੂੰ ਮਿਆਰੀ ਬੀਜਾਂ ਅਤੇ ਕੀਟਨਾਸ਼ਕਾਂ ਦੀ ਸਪਲਾਈ ਯਕੀਨੀ ਬਣਾਉਣ ਲਈ ਅੰਤਰ-ਜ਼ਿਲ੍ਹਾ ਚੈਕਿੰਗ ਲਈ ਉੱਡਣ ਦਸਤਿਆਂ ਦੀਆਂ ਸੱਤ ਟੀਮਾਂ ਤੈਨਾਤ ਕੀਤੀਆਂ ਗਈਆਂ ਹਨ। ਖੇਤੀਬਾੜੀ ਮੰਤਰੀ ਨੇ ਦੁਹਰਾਇਆ ਕਿ ਨਕਲੀ ਬੀਜਾਂ ਅਤੇ ਕੀਟਨਾਸ਼ਕਾਂ ਦੀ ਵਿਕਰੀ ਕਰਨ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ। (ਪ੍ਰੈੱਸ ਨੋਟ)