ਚੰਡੀਗੜ੍ਹ: ਸੂਬੇ ਨੂੰ ਹਰਾ-ਭਰਾ ਅਤੇ ਪ੍ਰਦੂਸ਼ਣ ਮੁਕਤ ਬਣਾਉਣ ਲਈ ਸੂਬਾ ਸਰਕਾਰ ਵੱਲੋਂ ਕੀਤੇ ਜਾ ਰਹੇ ਉਪਰਾਲਿਆਂ ਦੀ ਸ਼ਲਾਘਾ ਕਰਦਿਆਂ ਅਤੇ ਉਨ੍ਹਾਂ ਦੀ ਕੋਸ਼ਿਸ਼ਾਂ ਨੂੰ ਹੁਲਾਰਾ ਦੇਣ ਲਈ ਜਿੱਥੇ ਪੰਜਾਬ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਈ ਦਿਸ਼ਾ ਨਿਰਦੇਸ਼ ਜਾਰੀ ਕੀਤੇ ਹਨ ਉੱਥੇ ਹੀ ਜੰਗਲਾਤ ਵਿਭਾਗ ਨੂੰ ਕੰਪਨਸੇਟਰੀ ਅਫੋਰੈਸਟੇਸ਼ਨ ਮੈਨੇਜਮੈਂਟ ਐਂਡ ਪਲਾਨਿੰਗ ਅਥਾਰਟੀ (ਕੈਂਪਾ) ਦੇ ਹੇਠ 1100 ਕਰੋੜ ਰੁਪਏ ਸੂਬੇ ਨੂੰ ਤੁਰੰਤ ਜਾਰੀ ਕਰਨ ਲਈ ਕੇਂਦਰ ਸਰਕਾਰ 'ਤੇ ਦਬਾਅ ਪਾਉਣ ਲਈ ਕਿਹਾ ਹੈ। ਇਸ ਸਬੰਧੀ ਕੈਰਟਨ ਅਮਰਿੰਦਰ ਸਿੰਘ ਨੇ ਟਵੀਟ ਕਰ ਜਾਣਕਾਰੀ ਸਾਂਝੀ ਕੀਤੀ ਹੈ।
ਪੰਜਾਬ ਕੈਂਪਾ ਦੀ ਗਵਰਨਿੰਗ ਬਾਡੀ ਦੀ ਮੀਟਿੰਗ ਦੀ ਪ੍ਰਧਾਨਗੀ ਕਰ ਰਹੇ ਮੁੱਖ ਮੰਤਰੀ ਅਤੇ ਮੌਜੂਦਾਂ ਅਧਿਕਾਰੀਆਂ ਵੱਲੋਂ ਸੂਬੇ ਨੂੰ ਹਰਿਆ ਭਰਿਆ ਬਣਾਉਣ ਦੇ ਮਿਸ਼ਨ ਨੂੰ ਪੂਰਾ ਕਰਨ ਲਈ ਵਿਚਾਰ ਵਟਾਂਦਰਾ ਕੀਤਾ ਗਿਆ। ਮੀਟਿੰਗ 'ਚ ਨਿੰਮ, ਕਿੱਕਰ, ਟਾਹਲੀ ਅਤੇ ਕਾਠਾ ਅੰਬ ਵਰਗੇ ਪੌਦਿਆਂ ਨੂੰ ਵਿਸ਼ੇਸ਼ ਤੌਰ ’ਤੇ ਸੜਕਾਂ ਦੇ ਦੁਆਲੇ ਲਾਏ ਜਾਣ ਦੀ ਜ਼ਰੂਰਤ ’ਤੇ ਜ਼ੋਰ ਦਿੰਦੇ ਹੋਏ ਕੈਪਟਨ ਅਮਰਿੰਦਰ ਸਿੰਘ ਨੇ ਨੈਸ਼ਨਲ ਹਾਈਵੇਅ ਅਥਾਰਟੀ ਆਫ਼ ਇੰਡੀਆ ਅਤੇ ਲੋਕ ਨਿਰਮਾਣ ਵਿਭਾਗ ਦੇ ਨਾਲ ਮਿਲ ਕੇ ਪੌਦੇ ਲਾਉਣ ਲਈ ਤਿੱਖੀ ਮੁਹਿੰਮ ਸ਼ੁਰੂ ਕਰਨ ਵਾਸਤੇ ਜੰਗਲਾਤ ਵਿਭਾਗ ਨੂੰ ਨਿਰਦੇਸ਼ ਦਿੱਤੇ ਹਨ।