ਚੰਡੀਗੜ੍ਹ: ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਬਲਬੀਰ ਸਿੰਘ ਸਿੱਧੂ ਵੀ ਕੋਰੋਨਾ ਮਹਾਂਮਾਰੀ ਦੀ ਚਪੇਟ ਵਿੱਚ ਆ ਗਏ ਹਨ। ਮੰਗਲਵਾਰ ਨੂੰ ਬਾਅਦ ਦੁਪਹਿਰ ਉਨ੍ਹਾਂ ਦੀ ਕੋਰੋਨਾ ਰਿਪੋਰਟ ਪੌਜ਼ੀਟਿਵ ਆਈ ਹੈ। ਇਸ ਗੱਲ ਦੀ ਪੁਸ਼ਟੀ ਮੋਹਾਲੀ ਦੇ ਸਿਵਲ ਸਰਜਨ ਡਾ. ਮਨਜੀਤ ਸਿੰਘ ਨੇ ਕੀਤੀ ਹੈ।
ਪੰਜਾਬ ਦੇ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੂੰ ਹੋਇਆ ਕੋਰੋਨਾ - Covid positive Balbir Sidhu
ਪੰਜਾਬ ਦੇ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਦੀ ਕੋਰੋਨਾ ਰਿਪੋਰਟ ਪੌਜ਼ੀਟਿਵ ਆਉਣ ਦੀ ਖ਼ਬਰ ਸਾਹਮਣੇ ਆਈ ਹੈ। ਇਸ ਗੱਲ ਦੀ ਪੁਸ਼ਟੀ ਮੋਹਾਲੀ ਦੇ ਸਿਵਲ ਸਰਜਨ ਡਾ. ਮਨਜੀਤ ਸਿੰਘ ਨੇ ਕੀਤੀ ਹੈ।
ਉਨ੍ਹਾਂ ਦੱਸਿਆ ਕਿ ਸਿਹਤ ਮੰਤਰੀ ਨੂੰ ਹਲਕਾ ਜਿਹਾ ਬੁਖਾਰ ਅਤੇ ਗਲਾ ਖਰਾਬ ਸੀ। ਮੰਤਰੀ ਨੇ ਖੁਦ ਹੀ ਅੱਜ ਸਵੇਰੇ ਮੋਹਾਲੀ ਦੇ ਫੇਜ-6 ਸਥਿਤ ਸਰਕਾਰੀ ਹਸਪਤਾਲ ਵਿੱਚ ਕੋਰੋਨਾ ਲਈ ਸੈਂਪਲ ਦਿੱਤਾ ਅਤੇ ਬਾਅਦ ਦੁਪਹਿਰ ਮੰਤਰੀ ਦੀ ਰਿਪੋਰਟ ਪੌਜ਼ੀਟਿਵ ਆਈ ਹੈ।
ਸਿਵਲ ਸਰਜਨ ਨੇ ਦੱਸਿਆ ਕਿ ਸਿੱਧੂ ਨੂੰ ਅਗਲੇ 14 ਦਿਨਾਂ ਲਈ ਘਰ ਵਿੱਚ ਇਕਾਂਤਵਾਸ ਵਿੱਚ ਰਹਿਣ ਦੀ ਸਲਾਹ ਦਿੱਤੀ ਗਈ ਹੈ ਅਤੇ 5 ਦਿਨਾਂ ਦੇ ਅੰਦਰ ਅੰਦਰ ਉਨ੍ਹਾਂ ਦੇ ਸੰਪਰਕ ਵਿੱਚ ਆਉਣ ਵਾਲੇ ਵਿਅਕਤੀਆਂ ਦੇ ਸੈਂਪਲ ਲਏ ਜਾਣਗੇ। ਜ਼ਿਕਰਯੋਗ ਹੈ ਕਿ ਸਿਹਤ ਮੰਤਰੀ ਨੇ ਬੀਤੇ ਦਿਨੀਂ ਸੰਗਰੂਰ ਵਿੱਚ ਕਿਸਾਨ ਵਿਰੋਧੀ ਖੇਤੀ ਕਾਨੂੰਨਾਂ ਦੇ ਖ਼ਿਲਾਫ਼ ਰਾਹੁਲ ਗਾਂਧੀ ਦੀ ਕਿਸਾਨ ਰੈਲੀ ਵਿੱਚ ਸ਼ਿਰਕਤ ਕੀਤੀ ਸੀ। ਮੁੱਖ ਮੰਤਰੀ ਸਮੇਤ ਹੋਰ ਸੀਨੀਅਰ ਆਗੂਆਂ ਨਾਲ ਸਟੇਜ ਸਾਂਝੀ ਕੀਤੀ ਗਈ ਸੀ। ਇਸ ਤੋਂ ਇਲਾਵਾ ਮੋਹਾਲੀ ਹਲਕੇ ਵਿੱਚ ਰੋਜ਼ ਹੀ ਆਮ ਲੋਕਾਂ ਨੂੰ ਮਿਲਦੇ ਰਹੇ ਹਨ।