ਚੰਡੀਗੜ੍ਹ: ਬੀਤੇ ਦਿਨ ਪੰਜਾਬ ਪੁਲਿਸ ਨੇ ਗੈਂਗਸਟਰ ਜੱਗੂ ਭਗਵਾਨਪੁਰੀਆ ਅਤੇ ਦਵਿੰਦਰ ਬੰਬੀਹਾ ਗਰੁੱਪ ਦੇ ਐਸੋਸੀਏਟਾਂ ਤੋਂ ਇਲਾਵਾ ਨਸ਼ਾ ਤਸਕਰਾਂ ਉੱਤੇ ਨਕੇਲ ਕੱਸਣ ਲਈ ਸ਼ੱਕੀ ਟਿਕਾਣਿਆਂ ਉੱਤੇ ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ ਕਿ ਦੋ ਮਹੀਨਿਆਂ ਤੋਂ ਵੀ ਘੱਟ ਸਮੇਂ 'ਚ ਵੱਖ-ਵੱਖ ਅੱਤਵਾਦੀਆਂ ਅਤੇ ਗੈਂਗਸਟਰਾਂ ਦੇ ਸ਼ੱਕੀ ਟਿਕਾਣਿਆਂ 'ਤੇ ਕੀਤੀ ਗਈ ਇਹ ਚੌਥੀ ਛਾਪੇਮਾਰੀ ਹੈ। ਇਸ ਤੋਂ ਪਹਿਲਾਂ ਪੰਜਾਬ ਪੁਲਿਸ ਨੇ ਅਰਸ਼ ਡੱਲਾ, ਲਖਬੀਰ ਲੰਡਾ, ਲਾਰੈਂਸ ਬਿਸ਼ਨੋਈ ਅਤੇ ਗੋਲਡੀ ਬਰਾੜ ਦੇ ਸ਼ੱਕੀ ਟਿਕਾਣਿਆਂ 'ਤੇ ਛਾਪੇਮਾਰੀ ਕੀਤੀ ਸੀ।
ਪੁਲਿਸ ਦੀਆਂ 409 ਟੀਮਾਂ:ਡਾਇਰੈਕਟਰ ਜਨਰਲ ਆਫ਼ ਪੁਲਿਸ ਪੰਜਾਬ ਗੌਰਵ ਯਾਦਵ ਨੇ ਦੱਸਿਆ ਕਿ ਪੰਜਾਬ ਪੁਲਿਸ ਦੀਆਂ 409 ਟੀਮਾਂ, ਜਿਸ ਵਿੱਚ ਸੂਬੇ ਭਰ ਦੇ 2863 ਪੁਲਿਸ ਮੁਲਾਜ਼ਮ ਸ਼ਾਮਲ ਸਨ ਇੰਨ੍ਹਾਂ ਵੱਲੋਂ ਚਲਾਈ ਇੱਕ ਰੋਜ਼ਾ ਮੁਹਿੰਮ ਦੌਰਾਨ ਜੱਗੂ ਭਗਵਾਨਪੁਰੀਆ ਨਾਲ ਜੁੜੇ ਸਮਾਜ ਵਿਰੋਧੀ ਅਨਸਰਾਂ ਦੇ 2371 ਸ਼ੱਕੀ ਟਿਕਾਣਿਆਂ 'ਤੇ ਛਾਪੇਮਾਰੀ ਕੀਤੀ ਗਈ। ਉਨ੍ਹਾਂ ਕਿਹਾ ਕਿ ਭਗਵਾਨਪੁਰੀਆ ਦੇ ਸਮਰਥਨ ਵਾਲੇ ਫੜੇ ਗਏ ਮੋਡਿਊਲਾਂ ਵਿੱਚ ਕਈ ਵਿਅਕਤੀਆਂ ਤੋਂ ਪੁੱਛਗਿੱਛ ਕਰਨ ਉਪਰੰਤ ਇਸ ਛਾਪੇਮਾਰੀ ਦੀ ਯੋਜਨਾ ਬਣਾਈ ਗਈ ਸੀ।
ਫੋਰੈਂਸਿਕ ਜਾਂਚ: ਇਸ ਮੁਹਿੰਮ ਬਾਰੇ ਵਧੇਰੇ ਜਾਣਕਾਰੀ ਦਿੰਦਿਆਂ ਵਧੀਕ ਡਾਇਰੈਕਟਰ ਜਨਰਲ ਆਫ਼ ਪੁਲਿਸ ਲਾਅ ਐਂਡ ਆਰਡਰ ਅਰਪਿਤ ਸ਼ੁਕਲਾ ਨੇ ਦੱਸਿਆ ਕਿ ਪੁਲਿਸ ਟੀਮਾਂ ਨੇ ਭਗਵਾਨਪੁਰੀਆ ਨਾਲ ਸਬੰਧਿਤਾਂ ਰਿਹਾਇਸ਼ਾਂ ਅਤੇ ਹੋਰ ਥਾਵਾਂ 'ਤੇ ਬਾਰੀਕੀ ਨਾਲ ਤਲਾਸ਼ੀ ਕੀਤੀ ਅਤੇ ਇਲੈਕਟ੍ਰਾਨਿਕ ਡਿਵਾਈਸਾਂ ਤੋਂ ਡਾਟਾ ਵੀ ਇਕੱਠਾ ਕੀਤਾ ਹੈ ਜਿਸ ਨੂੰ ਫੋਰੈਂਸਿਕ ਜਾਂਚ ਲਈ ਭੇਜਿਆ ਜਾਵੇਗਾ। ਉਨ੍ਹਾਂ ਦੱਸਿਆ ਕਿ ਅਗਲੇਰੀ ਪੜਤਾਲ ਲਈ ਕਈ ਹੋਰ ਵਿਅਕਤੀਆਂ ਨੂੰ ਵੀ ਹਿਰਾਸਤ ਵਿੱਚ ਲਿਆ ਗਿਆ ਹੈ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਇਤਰਾਜ਼ਯੋਗ ਸਮੱਗਰੀ ਬਰਾਮਦ ਕੀਤੀ ਗਈ ਹੈ ਅਤੇ ਇਹਨਾਂ ਵਿਅਕਤੀਆਂ ਕੋਲੋਂ ਹੋਰ ਪੁੱਛਗਿੱਛ ਕੀਤੀ ਜਾ ਰਹੀ ਹੈ।