ਚੰਡੀਗੜ੍ਹ:ਪੰਜਾਬ ਪੁਲਿਸ ਦੇ ਚੰਡੀਗੜ੍ਹ ਹੈੱਡਕੁਆਟਰ ਤੋਂ ਪੁਲਿਸ ਦੇ ਆਈਜੀ ਸੁਖਚੈਨ ਸਿੰਘ ਗਿੱਲ ਨੇ ਨਸ਼ਿਆਂ ਵਿਰੁੱਧ ਪੁਲਿਸ ਦੀ ਕਾਰਗੁਜ਼ਾਰੀ ਦੀ ਹਫ਼ਤਾਵਰੀ ਰਿਪੋਰਟ ਜਾਰੀ ਕੀਤੀ। ਜਿਸ ਵਿਚ ਉਹਨਾਂ ਦੱਸਿਆ ਕਿ ਪੰਜਾਬ ਪੁਲਿਸ ਨੇ ਐਨਡੀਪੀਐਸ ਐਕਟ ਤਹਿਤ 19 ਵਪਾਰਕ ਸਮੇਤ 198 ਐਫਆਈਆਰ ਦਰਜ ਕਰਕੇ 257 ਨਸ਼ਾ ਤਸਕਰਾਂ ਨੂੰ ਗ੍ਰਿਫਤਾਰ ਕੀਤਾ ਹੈ। ਉਨ੍ਹਾਂ ਕਿਹਾ ਪੁਲਿਸ ਨੇ ਐਕਸ਼ਨ ਕਰਦਿਆਂ ਪਿਛਲੇ ਇੱਕ ਹਫ਼ਤੇ ਦੌਰਾਨ 16.36 ਕਿਲੋ ਹੈਰੋਇਨ, 6.70 ਕਿਲੋ ਅਫੀਮ, 1.94 ਕੁਇੰਟਲ ਭੁੱਕੀ ਅਤੇ 78918 ਗੋਲੀਆਂ ਅਤੇ ਕੈਪਸੂਲ ਬਰਾਮਦ ਕੀਤੇ ਹਨ।
11.53 ਲੱਖ ਰੁਪਏ ਦੀ ਡਰੱਗ ਮਨੀ: ਇਸ ਤੋਂ ਇਲਾਵਾ ਉਨ੍ਹਾਂ ਦੱਸਿਆ ਕਿ ਮੁਲਜ਼ਮਾਂ ਦੇ ਕਬਜ਼ੇ ਵਿੱਚੋਂ ਫਾਰਮਾ ਓਪੀਔਡਜ਼ ਦੇ ਟੀਕੇ ਅਤੇ ਸ਼ੀਸ਼ੀਆਂ ਤੋਂ ਇਲਾਵਾ 11.53 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ । ਉਨ੍ਹਾਂ ਕਿਹਾ ਇਸ ਹਫ਼ਤੇ ਤੋਂ ਪਹਿਲਾਂ ਪੰਜਾਬ ਪੁਲਿਸ ਨੇ 5 ਕਿਲੋਗ੍ਰਾਮ ਹੈਰੋਇਨ, 4.90 ਕਿਲੋਗ੍ਰਾਮ ਅਫੀਮ, 5.92 ਕੁਇੰਟਲ ਭੁੱਕੀ, ਅਤੇ ਫਾਰਮਾ ਓਪੀਔਡਜ਼ ਦੀਆਂ 1.95 ਲੱਖ ਗੋਲੀਆਂ ਅਤੇ 7.89 ਲੱਖ ਰੁਪਏ ਦੀ ਨਸ਼ੀਲੇ ਪਦਾਰਥ ਬਰਾਮਦ ਕਰਕੇ 241 ਨਸ਼ਾ ਤਸਕਰਾਂ ਨੂੰ ਗ੍ਰਿਫਤਾਰ ਕੀਤਾ ਸੀ।
ਗ੍ਰਿਫ਼ਤਾਰੀਆਂ ਦੀ ਕੁੱਲ ਗਿਣਤੀ 648 ਹੋਈ:ਆਈ ਸੁਖਚੈਨ ਸਿੰਘ ਗਿੱਲ ਨੇ ਦਾਅਵਾ ਕੀਤਾ ਹੈ ਕਿ ਹੁਣ ਤੱਕ 648 ਗ੍ਰਿਫ਼ਤਾਰੀਆਂ ਹੋ ਚੁੱਕੀਆਂ ਹਨ। ਪਿਛਲੇ ਹਫਤੇ ਦੌਰਾਨ 12 ਹੋਰ ਭਗੌੜੇ ਐੱਨ.ਡੀ.ਪੀ.ਐੱਸ. ਕੇਸਾਂ ਵਿੱਚ ਗ੍ਰਿਫਤਾਰ ਕੀਤੇ ਜਾਣ ਨਾਲ ਗ੍ਰਿਫਤਾਰੀਆਂ ਦੀ ਕੁੱਲ ਗਿਣਤੀ 648 ਤੱਕ ਦੱਸੀ ਜਾ ਰਹੀ ਹੈ। ਉਨ੍ਹਾਂ ਆਖਿਆ ਕਿ 5 ਜੁਲਾਈ 2022 ਤੋਂ ਪੰਜਾਬ ਪੁਲਿਸ ਵੱਲੋਂ ਨਸ਼ਿਆਂ ਦੇ ਖ਼ਾਤਮੇ ਲਈ ਵੱਡੀ ਮੁਹਿੰਮ ਵਿੱਢ ਗਈ ਸੀ ਜਿਸ ਤਹਿਤ ਧੜਾਧੜ ਗ੍ਰਿਫ਼ਤਾਰੀਆਂ ਹੋ ਰਹੀਆਂ ਹਨ। ਉਹਨਾਂ ਆਖਿਆ ਕਿ ਪੰਜਾਬ ਪੁਲਿਸ ਵੱਲੋਂ ਸਰਹੱਦੀ ਸੂਬੇ ਵਿੱਚੋਂ ਨਸ਼ਿਆਂ ਦੀ ਅਲਾਮਤ ਨੂੰ ਨੱਥ ਪਾਉਣ ਲਈ ਵਿਆਪਕ ਨਸ਼ਾ ਵਿਰੋਧੀ ਮੁਹਿੰਮ ਚਲਾਈ ਗਈ ਹੈ।