ਚੰਡੀਗੜ -ਪੰਜਾਬ ਵਿਚ ਲੰਮੇ ਸਮੇਂ ਤੋਂ ਵੱਧ ਰਹੇ ਗੈਂਗਵਾਰ ਅਤੇ ਅਪਰਾਧ ਨੂੰ ਲੈਕੇ ਪੰਜਾਬ ਸਰਕਾਰ ਸਖਤੀ 'ਚ ਨਜ਼ਰ ਆ ਰਹੀ ਹੈ ਇਸੇ ਤਹਿਤ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪੁਲਿਸ ਪ੍ਰਸ਼ਾਸਨ ਨੂੰ ਸਖਤ ਹਿਦਾਇਤਾਂ ਦਿਤੀਆਂ ਗਈਆਂ। ਹੁਕਮਾਂ ਨੂੰ ਮੰਨਦੇ ਹੋਏ ਪੰਜਾਬ ਪੁਲਿਸ ਵੱਲੋਂ ਸੂਬੇ ਨੂੰ ਅਪਰਾਧ ਮੁਕਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਤਹਿਤ ਗੈਂਗਸਟਰ-ਅੱਤਵਾਦੀ ਗਠਜੋੜ ਵਿਰੁੱਧ ਇੱਕ ਹੋਰ ਵੱਡੀ ਕਾਰਵਾਈ ਕਰਦਿਆਂ ਪੰਜਾਬ ਪੁਲਿਸ ਨੇ ਸ਼ੁੱਕਰਵਾਰ ਨੂੰ ਗੈਂਗਸਟਰ ਲਾਰੈਂਸ ਬਿਸ਼ਨੋਈ ਅਤੇ ਕੈਨੇਡਾ ਸਥਿਤ ਅੱਤਵਾਦੀ ਗੋਲਡੀ ਬਰਾੜ ਨਾਲ ਜੁੜੇ ਵਿਅਕਤੀਆਂ ਦੇ ਸ਼ੱਕੀ ਟਿਕਾਣਿਆਂ ‘ਤੇ ਵਿਸ਼ੇਸ਼ ਘੇਰਾਬੰਦੀ ਅਤੇ ਤਲਾਸ਼ੀ ਅਭਿਆਨ ਚਲਾਇਆ। ਸੂਬੇ ਭਰ ਦੇ ਸਾਰੇ ਜਿਲਿਆਂ ਵਿੱਚ ਦੋਵਾਂ ਅਪਰਾਧੀਆਂ ਨਾਲ ਜੁੜੇ ਰਿਹਾਇਸ਼ੀ ਅਤੇ ਹੋਰ ਟਿਕਾਣਿਆਂ ‘ਤੇ ਇੱਕੋ ਸਮੇਂ ਛਾਪੇਮਾਰੀ ਕੀਤੀ ਗਈ। ਇਸ ਆਪ੍ਰੇਸ਼ਨ ਦਾ ਮੰਤਵ ਭਾਰਤ ਅਤੇ ਵਿਦੇਸ਼ਾਂ ਵਿੱਚ ਸਥਿਤ ਅੱਤਵਾਦੀਆਂ, ਗੈਂਗਸਟਰਾਂ ਅਤੇ ਨਸ਼ਾ ਤਸਕਰਾਂ ਦੇ ਆਪਸੀ ਗਠਜੋੜ ਨੂੰ ਖਤਮ ਕਰਨਾ ਹੈ। ਪੰਜਾਬ ਪੁਲਿਸ ਨੇ ਸ਼ੁੱਕਰਵਾਰ ਨੂੰ ਦਿਨ ਭਰ ਚੱਲੇ ਆਪ੍ਰੇਸ਼ਨ ਦੌਰਾਨ ਗੈਂਗਸਟਰਾਂ ਲਾਰੈਂਸ ਬਿਸ਼ਨੋਈ ਅਤੇ ਗੋਲਡੀ ਬਰਾੜ ਦੇ 1,490 ਸ਼ੱਕੀ ਟਿਕਾਣਿਆਂ 'ਤੇ ਛਾਪੇਮਾਰੀ ਕੀਤੀ। ਛਾਪੇਮਾਰੀ ਪੰਜਾਬ ਪੁਲਿਸ ਦੀਆਂ ਘੱਟੋ-ਘੱਟ 200 ਪਾਰਟੀਆਂ ਦੁਆਰਾ ਕੀਤੀ ਗਈ ਸੀ ਅਤੇ ਸੂਬੇ ਭਰ ਵਿੱਚ ਲਗਭਗ 2,000 ਪੁਲਿਸ ਮੁਲਾਜ਼ਮ ਸ਼ਾਮਲ ਸਨ। ਇਸ ਆਪ੍ਰੇਸ਼ਨ ਦਾ ਉਦੇਸ਼ ਭਾਰਤ ਅਤੇ ਵਿਦੇਸ਼ਾਂ ਵਿੱਚ ਸਥਿਤ ਅੱਤਵਾਦੀਆਂ, ਗੈਂਗਸਟਰਾਂ ਅਤੇ ਨਸ਼ਾ ਤਸਕਰਾਂ ਵਿਚਕਾਰ ਗਠਜੋੜ ਨੂੰ ਵਿਗਾੜਨਾ ਸੀ।
ਇਹ ਵੀ ਪੜ੍ਹੋ :Queen Elizabeth: ਮਹਾਰਾਣੀ ਐਲਿਜ਼ਾਬੈਥ ਦੇ ਕਤਲ ਦਾ ਇਰਾਦਾ ਰੱਖਣ ਵਾਲੇ ਬ੍ਰਿਟਿਸ਼ ਸਿੱਖ ਨੇ ਦੇਸ਼ਧ੍ਰੋਹ ਕਬੂਲਿਆ
ਤਫਤੀਸ਼ ਲਈ ਹਿਰਾਸਤ 'ਚ ਲਏ ਸ਼ੱਕੀ:ਇਸ ਮੌਕੇ ਤਲਾਸ਼ੀ ਤੇ ਛਾਪੇਮਾਰੀ ਮੁਹਿੰਮ (ਸੀ.ਏ.ਐਸ.ਓ.) ਦੀ ਯੋਜਨਾ,ਹਾਲ ਹੀ ਵਿੱਚ ਬਿਸ਼ਨੋਈ ਅਤੇ ਗੋਲਡੀ ਬਰਾੜ ਦੀ ਹਮਾਇਤ ਵਾਲੇ ਮਾਡਿਊਲਾਂ ਦਾ ਪਰਦਾਫਾਸ਼ ਕੀਤੇ ਜਾਣ ਦੌਰਾਨ ਕੀਤੀ ਕਈ ਵਿਅਕਤੀਆਂ ਦੀ ਪੁੱਛਗਿੱਛ ਤੋਂ ਬਾਅਦ ਬਣਾਈ ਗਈ। ਇਸ ਤੋਂ ਇਲਾਵਾ ਉਕਤ ਕਵਾਇਦ ਦਾ ਉਦੇਸ਼ ਸਮਾਜ ਵਿਰੋਧੀ ਤੱਤਾਂ ਵਿੱਚ ਡਰ ਪੈਦਾ ਕਰਨਾ ਅਤੇ ਆਮ ਲੋਕਾਂ ਵਿੱਚ ਸੁਰੱਖਿਆ ਦੀ ਭਾਵਨਾ ਪੈਦਾ ਕਰਨਾ ਵੀ ਹੈ। ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ (ਸੀ.ਏ.ਐਸ.ਓ.)ਬਾਰੇ ਵਧੇਰੇ ਜਾਣਕਾਰੀ ਦਿੰਦੇ ਹੋਏ, ਵਧੀਕ ਡਾਇਰੈਕਟਰ ਜਨਰਲ ਆਫ ਪੁਲਿਸ (ਏਡੀਜੀਪੀ) ਕਾਨੂੰਨ ਅਤੇ ਵਿਵਸਥਾ ਅਰਪਿਤ ਸ਼ੁਕਲਾ ਨੇ ਕਿਹਾ ਕਿ ਹੋਰ ਤਫ਼ਤੀਸ਼ ਦੇ ਮੱਦੇਨਜ਼ਰ ਕਈ ਵਿਅਕਤੀਆਂ ਨੂੰ ਹਿਰਾਸਤ ਵਿੱਚ ਲਿਆ ਗਿਆ ਹੈ ਅਤੇ ਉਨਾਂ ਕੋਲੋਂ ਅਪਰਾਧਕ ਸਮੱਗਰੀ ਜ਼ਬਤ ਕੀਤੀ ਗਈ ਹੈ, ਜਿਨਾਂ ਦੀ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ। ਇਸ ਕਾਰਵਾਈ ਦੌਰਾਨ ਪੁਲਿਸ ਟੀਮਾਂ ਨੇ ਇਨਾਂ ਅਪਰਾਧੀਆਂ ਨਾਲ ਸਬੰਧਤ ਘਰਾਂ ਅਤੇ ਹੋਰ ਥਾਵਾਂ ‘ਤੇ ਬਾਰੀਕੀ ਨਾਲ ਤਲਾਸ਼ੀ ਕੀਤੀ ਅਤੇ ਇਲੈਕਟ੍ਰਾਨਿਕ ਡਿਵਾਈਸਾਂ ਤੋਂ ਡਾਟਾ ਵੀ ਇਕੱਠਾ ਕੀਤਾ, ਜਿਸ ਨੂੰ ਫੋਰੈਂਸਿਕ ਜਾਂਚ ਲਈ ਭੇਜਿਆ ਜਾਵੇਗਾ।
ਗੈਂਗਸਟਰ ਮਾਡਿਊਲਾਂ ਦਾ ਪਰਦਾਫਾਸ਼ ਕਰਨ ਵਿੱਚ ਸਫਲਤਾ: ਉਨਾਂ ਦੱਸਿਆ ਕਿ ਪੁਲਿਸ ਟੀਮਾਂ ਨੇ ਅਸਲਾ ਲਾਇਸੈਂਸਾਂ ਦੀ ਵੀ ਜਾਂਚ ਕੀਤੀ ਅਤੇ ਅਸਲੇ ਦੀ ਸੋਰਸਿੰਗ ਬਾਰੇ ਲੋਕਾਂ ਤੋਂ ਪੁੱਛਗਿੱਛ ਕੀਤੀ ਗਈ। ਇਸ ਤੋਂ ਇਲਾਵਾ ਅਗਲੇਰੀ ਜਾਂਚ ਲਈ ਵਿਦੇਸ਼ਾਂ ਵਿੱਚ ਰਹਿੰਦੇ ਪਰਿਵਾਰਕ ਮੈਂਬਰਾਂ ਦੀ ਯਾਤਰਾ ਦੇ ਵੇਰਵੇ, ਵਿਦੇਸ਼ਾਂ ਤੋਂ ਬੈਂਕਾਂ ਦੇ ਲੈਣ-ਦੇਣ ਅਤੇ ਵੈਸਟਰਨ ਯੂਨੀਅਨ ਅਤੇ ਜਾਇਦਾਦ ਦੇ ਵੇਰਵੇ ਇਕੱਠੇ ਕੀਤੇ ਗਏ ਹਨ। ਜ਼ਿਕਰਯੋਗ ਹੈ ਕਿ ਪੰਜਾਬ ਪੁਲਿਸ ਨੇ ਮਾਰਚ 2022 ਤੋਂ ਲੈ ਕੇ ਹੁਣ ਤੱਕ 30 ਆਧੁਨਿਕ ਰਾਈਫਲਾਂ, 200 ਰਿਵਾਲਵਰ/ਪਿਸਟਲ ਅਤੇ 24 ਡਰੋਨ ਬਰਾਮਦ ਕਰਕੇ 160 ਅੱਤਵਾਦੀਆਂ/ਕੱਟੜਪੰਥੀਆਂ ਨੂੰ ਗਿ੍ਰਫਤਾਰ ਕਰਕੇ 25 ਅੱਤਵਾਦੀ ਮਾਡਿਊਲਾਂ ਦਾ ਪਰਦਾਫਾਸ਼ ਕੀਤਾ ਹੈ। ਜਿੱਥੋਂ ਤੱਕ ਗੈਂਗਸਟਰਾਂ ਦਾ ਸਬੰਧ ਹੈ, ਪੰਜਾਬ ਪੁਲਿਸ ਨੇ 555 ਗੈਂਗਸਟਰਾਂ/ਅਪਰਾਧੀਆਂ ਨੂੰ ਗਿ੍ਰਫਤਾਰ ਕਰਨ ਅਤੇ ਦੋ ਨੂੰ ਬੇਅਸਰ ਕਰਕੇ 140 ਗੈਂਗਸਟਰ ਮਾਡਿਊਲਾਂ ਦਾ ਪਰਦਾਫਾਸ਼ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ । ਦੋਸ਼ੀਆਂ ਕੋਲੋਂ ਅਪਰਾਧਿਕ ਗਤੀਵਿਧੀਆਂ ਵਿੱਚ ਵਰਤੇ 510 ਹਥਿਆਰ ਅਤੇ 129 ਵਾਹਨ ਬਰਾਮਦ ਕੀਤੇ ਗਏ ਹਨ।
ਮਾਡਿਊਲਾਂ ਦਾ ਪਰਦਾਫਾਸ਼: ਰਾਜ ਭਰ ਦੇ ਸਾਰੇ ਜ਼ਿਲ੍ਹਿਆਂ ਵਿੱਚ ਦੋਵਾਂ ਅਪਰਾਧੀਆਂ ਨਾਲ ਜੁੜੇ ਰਿਹਾਇਸ਼ੀ ਅਤੇ ਹੋਰ ਟਿਕਾਣਿਆਂ 'ਤੇ ਇੱਕੋ ਸਮੇਂ ਛਾਪੇਮਾਰੀ ਕੀਤੀ ਗਈ। ਪੁਲਿਸ ਦੇ ਡਾਇਰੈਕਟਰ ਜਨਰਲ (ਡੀਜੀਪੀ) ਗੌਰਵ ਯਾਦਵ ਨੇ ਕਿਹਾ ਕਿ ਪੁਲਿਸ ਵੱਲੋਂ ਲਾਰੈਂਸ ਬਿਸ਼ਨੋਈ ਅਤੇ ਗੋਲਡੀ ਬਰਾੜ ਦੀ ਹਮਾਇਤ ਵਾਲੇ ਮਾਡਿਊਲਾਂ ਦਾ ਪਰਦਾਫਾਸ਼ ਕਰਨ ਤੋਂ ਬਾਅਦ ਗ੍ਰਿਫਤਾਰ ਕੀਤੇ ਗਏ ਕਈ ਲੋਕਾਂ ਤੋਂ ਪੁੱਛਗਿੱਛ ਕਰਨ ਤੋਂ ਬਾਅਦ ਇੱਕ ਵਿਸ਼ੇਸ਼ ਘੇਰਾਬੰਦੀ ਅਤੇ ਖੋਜ ਮੁਹਿੰਮ (ਸੀਏਐਸਓ) ਦੀ ਯੋਜਨਾ ਬਣਾਈ ਗਈ ਸੀ।